ਅੰਮ੍ਰਿਤਸਰ: ਯੂਕੇ ਦੇ MP ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਸਨਮਾਨਿਤ

Amritsar: UK MP Bibi Preet Kaur Gill pays obeisance at Sachkhand Sri Harmandir Sahib

ਅੰਮ੍ਰਿਤਸਰ: ਯੂਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮਪੀ ਬੀਬੀ ਪ੍ਰੀਤ ਕੌਰ ਗਿੱਲ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਨਤਮਸਤਕ ਹੋਣ ਉਪਰੰਤ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵੀ ਪੁੱਜੇ, ਜਿਥੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਪ੍ਰੀਤ ਕੌਰ ਗਿੱਲ ਨੂੰ ਜੀ-ਆਇਆਂ ਆਖਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਬਖ਼ਸ਼ਿਸ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। 

ਇਸ ਮੌਕੇ ਬੀਬੀ ਪ੍ਰੀਤ ਕੌਰ ਗਿੱਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਨਮਾਨ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਨੂੰ ਵਡਭਾਗਾ ਸਮਝਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੁੱਚੀ ਮਾਨਵਤਾ ਲਈ ਰਾਹ-ਦਸੇਰਾ ਹੈ। ਐਮਪੀ ਬਣਨ ਮਗਰੋਂ ਉਹ ਗੁਰੂ ਸਾਹਿਬ ਦਾ ਸ਼ੁਕਰਾਨਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਆਏ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਵਿਸ਼ਵ ਅੰਦਰ ਬਣੇ ਮੌਜੂਦਾ ਜੰਗ ਦੇ ਹਾਲਾਤ ਸੁਖਾਵੇਂ ਹੋਣ ਅਤੇ ਸਮੁੱਚਾ ਵਿਸ਼ਵ ਸ਼ਾਂਤੀ ਨਾਲ ਵਧੇ ਫੁੱਲੇ।