ਪੰਜਾਬੀ ਪੱਤਰਕਾਰਾਂ ਉੱਤੇ ਹੋਏ ਹਮਲਿਆਂ ਦੀ ਸੁਖਬੀਰ ਬਾਦਲ ਨੇ ਕੀਤੀ ਨਿਖੇਧੀ
ਮੀਡੀਆ ਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਦੋਸ਼ੀਆਂ ਵਿਰੁਧ ਕਾਰਵਾਈ ਦੀ ਮੰਗ
ਚੰਡੀਗੜ੍ਹ/19 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਚੰਡੀਗੜ੍ਹ ਪੁਲਿਸ ਦੁਆਰਾ ਸੀਨੀਅਰ ਪੱਤਰਕਾਰ ਦਵਿੰਦਰਪਾਲ ਨਾਲ ਕੀਤੇ ਦੁਰਵਿਵਹਾਰ ਦੀ ਸਖ਼ਤ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਕ ਹੋਰ ਸੀਨੀਅਰ ਪੱਤਰਕਾਰ ਗੁਰਉਪਦੇਸ਼ ਸਿੰਘ ਭੁੱਲਰ ਦੀ ਕੁੱਝ ਬਦਮਾਸ਼ਾਂ ਵੱਲੋਂ ਕੀਤੀ ਲੁੱਟ ਖੋਹ ਦੀ ਘਟਨਾ ਮਗਰੋਂ ਚੰਡੀਗੜ੍ਹ ਪ੍ਰਸਾਸ਼ਨ ਨੂੰ ਸਹਿਰ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ਕਰਨ ਲਈ ਆਖਿਆ ਹੈ। ਉਨ੍ਹਾਂ ਚੰਡੀਗੜ੍ਹ ਪ੍ਰਸਾਸ਼ਨ ਨੂੰ ਸ਼ਹਿਰ ਅੰਦਰ ਮੀਡੀਆ ਕਰਮੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਿਹਾ ਹੈ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਤੁਰਤ ਮੁਅੱਤਲ ਕੀਤੇ ਜਾਣ ਦੀ ਮੰਗ ਕੀਤੀ ਹੈ।
ਸੁਖਬੀਰ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਇਹ ਮਹਾਂਮਾਰੀ ਖ਼ਿਲਾਫ ਲੜਾਈ ਲੜ ਰਹੇ ਪਹਿਲੇ ਕਤਾਰ ਦੇ ਯੋਧਿਆਂ ਨੂੰ ਪੁਲਿਸ ਦੁਆਰਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੀਡੀਆ ਕਰਮੀ ਕੋਵਿਡ-19 ਖ਼ਿਲਾਫ ਚੁਣੌਤੀਪੂਰਨ ਲੜਾਈ ਵਿਚ ਅਹਿਮ ਭੂਮਿਕਾ ਨਿਭਾ ਰਹੇ ਹਨ, ਕਿਉਂਕਿ ਉਹ ਇਸ ਬੀਮਾਰੀ ਬਾਰੇ ਤਾਜ਼ਾ ਜਾਣਕਾਰੀ ਲੋਕਾਂ ਤਕ ਪਹੁੰਚਾਉਣ ਲਈ ਆਪਣੀਆਂ ਜ਼ਿੰਦਗੀਆਂ ਖਤਰੇ ਵਿਚ ਪਾ ਰਹੇ ਹਨ। ਉਹਨਾਂ ਕਿਹਾ ਕਿ ਇੱਕ ਡਿਊਟੀ ਕਰ ਰਹੇ ਪੱਤਰਕਾਰ ਨੂੰ ਕਰਫਿਊ ਤੋੜਣ ਦਾ ਦੋਸ਼ ਲਾ ਕੇ ਬੰਦੀ ਬਣਾਉਣਾ ਇੱਕ ਗੈਰਕਾਨੂੰਨੀ ਕਾਰਵਾਈ ਹੈ ਅਤੇ ਜਿਸ ਵਾਸਤੇ ਦੋਸ਼ੀ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।