ਗੁਰਦਵਾਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸਮਾਪਤ
ਗੁਰਦਵਾਰਾ ਗੁਰੂ ਕੇ ਮਹਿਲ ਤੋਂ ਆਰੰਭ ਹੋਇਆ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਸਮਾਪਤ
ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ, 19 ਅਪ੍ਰੈਲ (ਸੁਖਵਿੰਦਰਜੀਤ ਸਿੰਘ ਬਹੋੜੂ, ਸੁਖਵਿੰਦਰਪਾਲ ਸਿੰਘ ਸੁੱਖੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਖ਼ਾਲਸਈ ਜਾਹੋ ਜਲਾਲ ਨਾਲ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਏ ਇਸ ਨਗਰ ਕੀਰਤਨ ਦਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਕੋਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿ. ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੰਗਤਾਂ ਸਮੇਤ ਭਰਵਾਂ ਸਵਾਗਤ ਕੀਤਾ। ਗਿ. ਰਘਬੀਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਦੇ 400 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ ਅਤੇ ਕਿਹਾ ਕਿ ਇਹ ਨਗਰ ਕੀਰਤਨ 20 ਮਾਰਚ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਰੰਭ ਹੋਇਆ ਸੀ, ਜੋ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨ ਛੋਹ ਪ੍ਰਾਪਤ ਵੱਖ-ਵੱਖ ਅਸਥਾਨਾਂ ਤੋਂ ਹੁੰਦਾ ਹੋਇਆ ਵੱਖ ਵੱਖ ਗੁਰਦਵਾਰਿਆਂ ਰਾਹੀਂ ਇਥੇ ਸਮਾਪਤ ਹੋਇਆ ਹੈ। ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੁੱਜਣ ’ਤੇ ਜਿਥੇ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਵਰਖਾ ਕਰ ਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਵੱਖ-ਵੱਖ ਗਤਕਾ ਅਖਾੜਿਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਵਿਖਾਏ। ਸੰਪਰਦਾ ਬਾਬਾ ਬਿਧੀ ਚੰਦ ਵਲੋਂ ਨਗਰ ਕੀਰਤਨ ਦੇ ਅੱਗੇ ਹਾਥੀ ਉੱਤੇ ਨਗਾਰਚੀ ਸਿੰਘ ਨਗਾਰਾ ਵਜਾ ਰਿਹਾ ਸੀ। ਵੱਡੀ ਗਿਣਤੀ ਵਿਚ ਬੈਂਡ ਪਾਰਟੀਆਂ ਨੇ ਵੀ ਸ਼ਮੂਲੀਅਤ ਕਰ ਕੇ ਮਧੁਰ ਧੁੰਨਾਂ ਰਾਹੀਂ ਮਾਹੌਲ ਨੂੰ ਖ਼ੂਬਸੂਰਤ ਬਣਾਇਆ।
ਇਸ ਮੌਕੇ ਸ. ਅਜਮੇਰ ਸਿੰਘ ਖੇੜਾ, ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸ. ਦਲਜੀਤ ਸਿੰਘ ਭਿੰਡਰ, ਬੀਬੀ ਰਣਜੀਤ ਕੌਰ ਮਾਹਿਲਪੁਰੀ, ਪਿ੍ਰੰ. ਸੁਰਿੰਦਰ ਸਿੰਘ, ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇੇ ਆਦਿ ਹਾਜ਼ਰ ਸਨ।