ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਪੰਜਾਬ ਸਰਕਾਰ ਵਿਚ ਵਧ ਰਿਹਾ ਤਣਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਸਭਾ ਚੋਣਾਂ 2019 ਦੇ ਆਖਰੀ ਗੇੜ ਦੀਆਂ ਵੋਟਾਂ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਲੋਚਨਾ ਕੀਤੀ ਹੈ।

Navjot Singh Sidhu & Sukhjinder Singh Randhawa

ਪੰਜਾਬ: ਲੋਕ ਸਭਾ ਚੋਣਾਂ 2019 ਦੇ ਆਖਰੀ ਗੇੜ ਦੀਆਂ ਵੋਟਾਂ ਖਤਮ ਹੋਣ ਤੋਂ ਬਾਅਦ ਪੰਜਾਬ ਸਰਕਾਰ ਦੇ ਕਈ ਮੰਤਰੀਆਂ ਨੇ ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਲੋਚਨਾ ਕੀਤੀ ਹੈ। ਇਸ ਤੋਂ ਪਹਿਲਾਂ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦੇ ਬਿਆਨਾਂ ਨੂੰ ਅਨੁਸ਼ਾਸਨਹੀਣਤਾ ਦੱਸਿਆ ਸੀ ਅਤੇ ਅੱਜ ਬ੍ਰਹਮ ਮੋਹਿੰਦਰਾ, ਸੁਖਜਿੰਦਰ ਰੰਧਾਵਾ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸਿੱਧੂ ‘ਤੇ ਹਮਲਾ ਕੀਤਾ ਹੈ। ਉਹਨਾਂ ਨੇ ਸਿੱਧੂ ਦੇ ਬਿਆਨ ‘ਤੇ ਇਤਰਾਜ਼ ਜ਼ਾਹਿਰ ਕੀਤਾ ਹੈ। ਦੱਸ ਦਈਏ ਕਿ ਸਿੱਧੂ ਕੈਪਟਨ ਦੀ ਸਰਕਾਰ ਵਿਚ ਲੋਕਲ ਬਾਡੀ ਮੰਤਰੀ ਹਨ।

ਪੰਜਾਬ ਵਿਚ ਵੋਟਾਂ ਤੋਂ ਕੁੱਝ ਦਿਨ ਪਹਿਲਾਂ ਸਿੱਧੂ ਅਤੇ ਉਹਨਾਂ ਦੀ ਪਤਨੀ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਹਮਲੇ ਕੀਤੇ ਸੀ। ਸਿੱਧੂ ਦੀ ਪਤਨੀ ਨੇ ਲੋਕ ਸਭਾ ਚੋਣਾਂ ਵਿਚ ਟਿਕਟ ਨਾ ਮਿਲਣ ਦੇ ਪਿੱਛੇ ਕੈਪਟਨ ਅਤੇ ਆਸ਼ਾ ਕੁਮਾਰੀ ਦਾ ਹੱਥ ਦੱਸਿਆ ਸੀ। ਇਸ ਬਾਰੇ ਜਦੋਂ ਨਵਜੋਤ ਸਿੰਘ ਸਿੱਧੂ ਤੋਂ ਪੁੱਛਿਆ ਗਿਆ ਤਾਂ ਉਹਨਾਂ ਨੇ ਕਿਹਾ ਸੀ ਕਿ ਉਹਨਾਂ ਦੀ ਪਤਨੀ ਝੂਠ ਨਹੀਂ ਬੋਲਦੀ।

ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਸਿੱਧੂ ਨੂੰ ਬਚਪਨ ਤੋਂ ਜਾਣਦੇ ਹਨ । ਕੈਪਟਨ ਨੇ ਕਿਹਾ ਕਿ ਸਿੱਧੂ ਉਹਨਾਂ ਦੀ ਜਗ੍ਹਾ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਕੈਪਟਨ ਨੇ ਕਿਹਾ ਕਿ ਸਿੱਧੂ ਨੂੰ ਚੋਣਾਂ ਤੋਂ ਇਕ ਦਿਨ ਪਹਿਲਾਂ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਇਹ ਵੀ ਇਲਜ਼ਾਮ ਲਾਇਆ ਕਿ ਸਿੱਧੂ ਵੱਲੋਂ ਚੋਣ ਜਲਸਿਆਂ ਵਿਚ 'ਫਰੈਂਡਲੀ ਮੈਚ' ਦਾ ਪ੍ਰਚਾਰ ਕਰਕੇ ਵੀ ਪਾਰਟੀ ਨੂੰ ਨੁਕਸਾਨ ਪਹੁੰਚਿਆ ਗਿਆ ਹੈ। ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ ਤੇ ਬ੍ਰਹਮ ਮਹਿੰਦਰਾ ਦਾ ਕਹਿਣਾ ਹੈ ਕਿ ਸਿੱਧੂ ਦੀ ਬਿਆਨਬਾਜ਼ੀ ਨਾਲ ਪਾਰਟੀ ਨੂੰ ਚੋਣਾਂ ਵਿਚ ਨੁਕਸਾਨ ਪਹੁੰਚਿਆ ਹੈ।