ਸਰਕਾਰ ਵਲੋਂ ਕੋਚਾਂ ਦੀਆਂ ਜਾਇਜ਼ ਮੰਗਾਂ ਸੁਹਿਰਦਤਾ ਨਾਲ ਵਿਚਾਰੀਆਂ ਜਾਣਗੀਆਂ: ਡਾਇਰੈਕਟਰ ਖੇਡ ਵਿਭਾਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕੋਚਜ਼ ਐਸੋਸੀਏਸ਼ਨ ਦੇ ਵਫ਼ਦ ਨੇ ਖੇਡ ਵਿਭਾਗ ਦੇ ਡਾਇਰੈਕਟਰ ਨਾਲ ਕੀਤੀ ਮੁਲਾਕਾਤ

DIRECTOR SPORTS ASSURES

 ਚੰਡੀਗੜ: ਖੇਡ ਵਿਭਾਗ ਦੀ ਪੰਜਾਬ ਕੋਚਜ਼ ਐਸੋਸੀਏਸ਼ਨ ਦੇ ਇੱਕ ਵਫ਼ਦ ਵਲੋਂ ਕੋਚਾਂ ਦੀਆਂ ਲੰਬਿਤ ਪਈਆਂ ਜਾਇਜ਼ ਮੰਗਾਂ ਵੱਲ ਧਿਆਨ ਦਿਵਾਉਣ ਦੇ ਮੱਦੇਨਜ਼ਰ ਅੱਜ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ.ਖਰਬੰਦਾ ਨਾਲ ਮੁਲਾਕਾਤ ਕੀਤੀ ਗਈ। ਵਫ਼ਦ ਦੇ ਮੈਂਬਰਾਂ ਨਵਿੰਦਰ ਸਿੰਘ (ਪ੍ਰਧਾਨ), ਜਨਰਲ ਸੱਕਤਰ ਉਮੇਸ਼ ਸ਼ਰਮਾ, ਗੁਰਮੀਤ ਸਿੰਘ ਅਤੇ ਬਲਜੀਤ ਸਿੰਘ ਨੇ ਡਾਇਰੈਕਟਰ ਨੂੰ ਵਿਭਾਗ ਵਿੱਚ ਤਰੱਕੀਆਂ, ਤਾਇਨਾਤੀਆਂ ਅਤੇ ਤਬਾਦਲਿਆਂ ਸਬੰਧੀ ਲੰਬੇ ਸਮੇਂ ਤੋਂ ਲੰਬਿਤ ਪਈਆਂ ਹੱਕੀ ਮੰਗਾਂ ਤੋਂ ਜਾਣੂ ਕਰਵਾਇਆ।

ਉਨਾਂ ਇਹ ਵੀ ਕਿਹਾ ਕਿ ਕੋਚ ਸੂਬੇ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁੱਲਿਤ ਕਰਨ ਅਤੇ ਨੌਜਵਾਨਾਂ ਦੀ ਅਸੀਮ ਸਮਰੱਥਾ ਨੂੰ ਸਕਾਰਾਤਮਕ ਢੰਗ ਨਾਲ ਸੇਧ ਦੇਣ ਲਈ ਪੂਰੀ ਤਨਦੇਹੀ ਅਤੇ ਸੁਹਿਰਦਤਾ ਨਾਲ ਸੇਵਾਵਾਂ ਨਿਭਾ ਰਹੇ ਹਨ। ਵਫਦ ਨੇ ਡਾਇਰੈਕਟਰ ਨੂੰ ਅਪੀਲ ਕੀਤੀ ਕਿ ਕੋਚਾਂ ਦੀਆਂ ਚਿਰੋਕਣੀਆਂ ਮੰਗਾਂ ਨੂੰ ਪ੍ਰਵਾਨ ਕੀਤਾ ਜਾਵੇ ਕਿਉਂਕਿ ਇਸ ਨਾਲ ਡਿਊਟੀ ਹੋਰ ਵਧੇਰੇ ਉਤਸ਼ਾਹ ਨਾਲ ਨਿਭਾਉਣ ਲਈ ਉਹਨਾਂ ਦੇ  ਮਨੋਬਲ ਨੂੰ ਉੱਚਾ ਚੁੱਕਣ ਵਿੱਚ ਮਦਦ ਮਿਲੇਗੀ।

ਇਸ ਦੌਰਾਨ ਵਫਦ ਨਾਲ ਗੱਲਬਾਤ ਕਰਦਿਆਂ ਖੇਡ ਵਿਭਾਗ ਦੇ ਡਾਇਰੈਕਟਰ ਸ੍ਰੀ ਡੀ.ਪੀ.ਐਸ. ਖਰਬੰਦਾ ਨੇ ਸੂਬੇ ਭਰ ਦੇ ਕੋਚਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਪੂਰੀ ਹਮਦਰਦੀ ਨਾਲ ਉਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ।

ਉਨਾਂ ਕਿਹਾ ਕਿ ਰਾਜ ਸਰਕਾਰ ਆਮ ਤੌਰ ‘ਤੇ ਅਤੇ ਵਿਸ਼ੇਸ਼ ਕਰਕੇ ਖੇਡ ਵਿਭਾਗ ਯੂਨੀਅਨ ਦੀਆਂ ਸਾਰੀਆਂ ਜਾਇਜ਼ ਮੰਗਾਂ ਪ੍ਰਤੀ ਪੂਰੀ ਤਰਾਂ ਸੁਹਿਰਦ ਹੈ। ਖਰਬੰਦਾ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਦੀ ਅਸੀਮ ਸਮਰੱਥਾ ਨੂੰ ਸਕਾਰਾਤਮਕ ਸੇਧ ਦੇ ਕੇ  ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।