ਡਾ. ਬਲਜੀਤ ਕੌਰ ਨੇ ਆਂਗਣਵਾੜੀ ਯੂਨੀਅਨ ਨੂੰ ਉਹਨਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਦਾ ਦਿੱਤਾ ਭਰੋਸਾ

ਏਜੰਸੀ

ਖ਼ਬਰਾਂ, ਪੰਜਾਬ

ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ

Dr. Baljit Kaur assures anganwadi Union to resolve their demands


 

ਚੰਡੀਗੜ੍ਹ  - ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੀਆਂ ਆਂਗਣਵਾੜੀ ਵਰਕਰਾਂ ਦੀਆਂ ਜਾਇਜ਼ ਮੰਗਾਂ ਨੂੰ ਵਿਚਾਰਿਆ ਜਾਵੇਗਾ ਅਤੇ ਇਹਨਾਂ ਦਾ ਜਲਦੀ ਹੱਲ ਕੱਢਿਆ ਜਾਵੇਗਾ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਮੁਲਾਜਮਾਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਵਚਨਬੱਧ ਹੈ। ਇਸੇ ਵਚਨਬੱਧਤਾ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ(ਰਜਿ:) ਨਾਲ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਪ੍ਰਮੁੱਖ ਮੰਗਾਂ ਵਿੱਚ ਪੰਜਾਬ ਦੇ ਆਂਗਣਵਾੜੀ ਸੈਂਟਰਾਂ ਦੇ 3 ਸਾਲ ਤੋਂ 6 ਸਾਲ ਤੱਕ ਦੇ ਬੱਚਿਆਂ ਨੂੰ ਵਾਪਸ ਸੈਂਟਰਾਂ ਵਿਚ ਭੇਜਿਆ ਜਾਵੇ, ਆਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ ਅਤੇ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਦੁਗਣਾ ਕੀਤਾ ਜਾਵੇ। ਇਸ ਤੋਂ ਇਲਾਵਾ, ਯੂਨੀਅਨ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਅਸਾਮੀਆਂ ਦੀ ਭਰਤੀ, ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ

 ਪੀ. ਐਮ.ਵੀ ਵਾਈ ਦੇ 2017 ਤੋਂ ਪੈਂਡਿੰਗ ਪਏ ਫੰਡਜ਼ ਰਲੀਜ਼ ਕੀਤੇ ਜਾਣ, ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦਿੱਤਾ ਜਾਵੇ ਅਤੇ ਆਂਗਣਵਾੜੀ ਸੈਟਰਾਂ ਦੀਆਂ ਇਮਾਰਤਾਂ ਆਧੁਨਿਕ ਸਹੂਲਤਾਂ ਵਾਲੀਆਂ ਬਣਾਈਆਂ ਜਾਣ ਆਦਿ ਮੰਗਾਂ ਉਠਾਈਆਂ ਗਈਆਂ। ਇਸ ਮੌਕੇ ਵਧੀਕ ਮੁੱਖ ਸਕੱਤਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਸ੍ਰੀਮਤੀ ਮਾਧਵੀ ਕਟਾਰੀਆ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।