punjab government: ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, 18 DSPs ਨੂੰ ਤਰੱਕੀ ਦੇ ਕੇ ਬਣਾਇਆ SP

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਨਵੇਂ SPs ਨਾਲ ਕੀਤੀ ਮੁਲਾਕਾਤ

Punjab government: Big decision of Punjab government, 18 DSPs promoted and made SP

Punjab government: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ ਸਰਵਿਸਿਜ਼ (ਪੀ.ਪੀ.ਐਸ) ਦੇ ਤਰੱਕੀ ਪ੍ਰਾਪਤ ਅਧਿਕਾਰੀਆਂ ਨੂੰ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰ ਕੇ ਪੰਜਾਬ ਪੁਲਿਸ ਦੀ ਸ਼ਾਨਦਾਰ ਵਿਰਾਸਤ ਬਰਕਰਾਰ ਰੱਖਣ ਲਈ ਪ੍ਰੇਰਿਆ।

ਡਿਪਟੀ ਸੁਪਰਡੈਂਟਜ਼ ਆਫ਼ ਪੁਲਿਸ (ਡੀ.ਐਸ.ਪੀਜ਼) ਤੋਂ ਤਰੱਕੀ ਲੈ ਕੇ ਸੁਪਰਡੈਂਟ ਆਫ਼ ਪੁਲਿਸ (ਐਸ.ਪੀ) ਬਣੇ 18 ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੀ ਅਮੀਰ ਵਿਰਾਸਤ ਨੂੰ ਯਾਦ ਕੀਤਾ, ਜੋ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਦ੍ਰਿੜ੍ਹਤਾ ਨਾਲ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਪ੍ਰਭਾਵਸ਼ਾਲੀ ਬਣਾਈ ਰੱਖਣ ਸਣੇ ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰੱਖਿਆ ਕਰਦੇ ਹੋਏ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਸੇਵਾ ਬੇਮਿਸਾਲ ਹੈ ਅਤੇ ਇਸ ਨੂੰ ਸੂਬੇ ਵਿੱਚੋਂ ਅਤਿਵਾਦ ਨੂੰ ਖ਼ਤਮ ਕਰਨ ਦਾ ਸਿਹਰਾ ਵੀ ਜਾਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦਾ ਇਤਿਹਾਸ ਬਹਾਦਰੀ, ਕੁਰਬਾਨੀ ਅਤੇ ਅਣਗਿਣਤ ਪ੍ਰਾਪਤੀਆਂ ਨਾਲ ਲਬਰੇਜ਼ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਦਿੱਤੀ ਤਰੱਕੀ ਪਿੱਛੋਂ ਅਧਿਕਾਰੀਆਂ ਨੂੰ ਹੁਣ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸ਼ਾਨਦਾਰ ਪਰੰਪਰਾ ਨੂੰ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਵਿੱਚ ਸਭ ਤੋਂ ਅੱਗੇ ਹੈ ਅਤੇ ਪੁਲਿਸ ਫੋਰਸ ਇਸ ਮਿਸ਼ਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਵਿੱਚ ਪੁਲਿਸ ਅਧਿਕਾਰੀਆਂ ਦੀ ਅਹਿਮ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਜਕੜ ਤੋਂ ਬਚਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਆਸ ਜਤਾਈ ਕਿ ਤਰੱਕੀ ਪ੍ਰਾਪਤ ਅਧਿਕਾਰੀ ਜਨਤਕ ਸੇਵਾ ਪ੍ਰਤੀ ਉੱਚ ਪੱਧਰੀ ਪੇਸ਼ੇਵਾਰਾਨਾ ਵਚਨਬੱਧਤਾ ਅਤੇ ਸਮਰਪਣ ਨਾਲ ਆਪਣਾ ਫ਼ਰਜ਼ ਨਿਭਾਉਣਗੇ।