ਰਾਜਨਾਥ ਨੇ ਜੋਧਪੁਰ ਦੇ ਨਜ਼ਰਬੰਦਾਂ ਨੂੰ ਮੁਆਵਜ਼ਾ ਦਿਵਾਉਣ ਦਾ ਦਿਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੁਲਾਕਾਤ ਦੌਰਾਨ ਭਰੋਸਾ ਦਿਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਨੂੰ.....

The delegation of the SAD meets Rajnath Singh.

ਚੰਡੀਗੜ੍ਹ :- ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੂੰ ਅੱਜ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਮੁਲਾਕਾਤ ਦੌਰਾਨ ਭਰੋਸਾ ਦਿਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਨੂੰ ਉਨ੍ਹਾਂ ਦੇ ਬਣਦੇ ਮੁਆਵਜ਼ੇ ਜਰੂਰ ਦਿਤੇ ਜਾਣਗੇ।  ਇਹ ਦਾਅਵਾ ਅੱਜ ਮੁਲਾਕਾਤ ਬਾਅਦ ਸ਼੍ਰੋਮਣੀ ਅਕਾਲੀ ਦਲ   ਵਲੋਂ ਜਾਰੀ ਇਕ ਬਿਆਨ ਵਿਚ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪਾਰਟੀ ਨੇ ਗ੍ਰਹਿ ਮੰਤਰੀ ਨੂੰ ਸਜ਼ਾਵਾਂ ਪੂਰੀਆਂ ਕਰਨ ਮਗਰੋਂ ਵੀ ਵੱਖ ਵੱਖ ਜੇਲ੍ਹਾਂ ਵਿਚ ਰੁਲ ਰਹੇ ਸਿੱਖ ਬੰਦੀਆਂ ਦੀ ਰਿਹਾਈ ਵਾਸਤੇ ਯਤਨ ਤੇਜ਼ ਕਰਨ ਲਈ ਆਖਿਆ ਹੈ।

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਿਚ ਗ੍ਰਹਿ ਮੰਤਰੀ ਨੂੰ ਮਿਲੇ ਅਕਾਲੀ ਵਫ਼ਦ, ਜਿਸ ਵਿਚ ਪਾਰਟੀ ਸਾਂਸਦਾਂ ਬਲਵਿੰਦਰ ਸਿੰਘ ਭੂੰਦੜ ਅਤੇ ਨਰੇਸ਼ ਗੁਜਰਾਲ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਵੀ ਸ਼ਾਮਿਲ ਸਨ। ਵਫ਼ਦ ਨੇ ਜ਼ੋਰ ਦੇ ਕੇ ਕਿਹਾ ਕਿ ਸਾਕਾ ਨੀਲਾ ਤਾਰਾ ਨਾਲ ਜੁੜੇ ਸਾਰੇ ਦਸਤਾਵੇਜ਼ਾਂ ਨੂੰ ਜਨਤਕ ਕੀਤਾ ਜਾਵੇ ਤਾਂ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਉੱਤੇ ਕੀਤੇ

ਇਸ ਹਮਲੇ ਵਿਚ ਕਾਂਗਰਸ ਪਾਰਟੀ ਅਤੇ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ਼੍ਰੀਮਤੀ ਇੰਦਰਾ ਗਾਂਧੀ ਦੀ ਭੂਮਿਕਾ ਨੂੰ ਲੋਕਾਂ ਦੇ ਸਾਹਮਣੇ ਲਿਆਂਦਾ ਜਾ ਸਕੇ। ਵਫ਼ਦ ਨੇ ਗ੍ਰਹਿ ਮੰਤਰੀ ਨੂੰ ਇਤਿਹਾਸਕ ਗੁਰਦੁਆਰਾ ਡਾਂਗ ਮਾਰ ਸਾਹਿਬ ਦਾ ਮੁੱਦਾ ਅਤੇ ਸ਼ਿਲਾਂਗ ਵਿਚ ਸਿੱਖ ਭਾਈਚਾਰੇ ਨੂੰ ਦਰਪੇਸ਼ ਮੁਸ਼ਕਲਾਂ ਨੂੰ ਸੁਲਝਾਉਣ ਲਈ ਵੀ ਨਿੱਜੀ ਤੌਤ ਤੇ ਦਖ਼ਲ ਦੇਣ ਵਾਸਤੇ ਆਖਿਆ। ਇਸ ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਸਿਆ ਕਿ ਰਾਜਨਾਥ ਸਿੰਘ ਨੇ ਵਫ਼ਦ ਵੱਲੋਂ ਉਠਾਏ ਮੁੱਦਿਆਂ ਨੂੰ ਬਹੁਤ ਹੀ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਇਹਨਾਂ ਦੇ ਫੌਰੀ ਹੱਲ ਲਈ ਖੁਦ ਸਾਰੇ ਨੁਕਤਿਆਂ ਉੱਤੇ ਨਜ਼ਰਸਾਨੀ ਕਰਨਗੇ। 

ਜੋਧਪੁਰ ਨਜ਼ਰਬੰਦਾਂ ਦੇ ਮੁੱਦੇ ਬਾਰੇ ਬੋਲਦਿਆਂ ਬੀਬੀ ਬਾਦਲ ਨੇ ਕਿਹਾ ਕਿ ਵਫ਼ਦ ਨੇ ਗ੍ਰਹਿ ਮੰਤਰੀ ਨੂੰ ਦਸਿਆ ਕਿ ਅੰਮ੍ਰਿਤਸਰ ਦੀ ਅਦਾਲਤ ਨੇ 2017 ਵਿਚ ਇੰਦਰਾ ਗਾਂਧੀ ਵੱਲੋਂ 1984 ਵਿਚ ਹਰਿਮੰਦਰ ਸਾਹਿਬ ਉਤੇ ਕਰਵਾਏ ਅਣਮਨੁੱਖੀ ਹਮਲੇ ਤੋਂ ਬਾਅਦ ਦਰਬਾਰ ਸਾਹਿਬ ਕੰਪਲੈਕਸ ਵਿਚੋਂ ਗੈਰ-ਕਾਨੂੰਨੀ ਹਿਰਾਸਤ ਵਿਚ ਲਏ 40 ਸਿੱਖਾਂ ਨੂੰ ਮੁਆਵਜ਼ਾ ਦੇਣ ਵਾਲਾ ਹੁਕਮ ਜਾਰੀ ਕੀਤਾ ਸੀ। 

ਵਫ਼ਦ ਨੇ ਗ੍ਰਹਿ ਮੰਤਰੀ ਨੂੰ ਇਹ ਵੀ ਕਿਹਾ ਕਿ ਉਹ ਸਿਰਫ 40 ਨਜ਼ਰਬੰਦਾਂ ਨੂੰ ਹੀ, ਜਿਹਨਾਂ ਨੂੰ ਮੁਆਵਜ਼ਾ ਦੇਣ ਦਾ ਫੈਸਲਾ ਹੋ ਚੁੱਕਿਆ ਹੈ, ਸਗੋਂ ਜੋਧਪੁਰ ਵਿਚ ਨਜ਼ਰਬੰਦ ਕੀਤੇ ਸਾਰੇ ਸਿੱਖਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦਿੱਤੇ ਜਾਣ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ। ਵਫ਼ਦ ਨੇ ਰਾਜਨਾਥ ਸਿੰਘ ਦੇ ਧਿਆਨ ਵਿਚ ਇਹ ਗੱਲ ਵੀ ਲਿਆਂਦੀ ਕਿ ਸਜ਼ਾਵਾ ਪੂਰੀਆਂ ਕਰ ਚੁੱਕਣ ਦੇ ਬਾਵਜੂਦ ਅਜੇ ਤੀਕ ਵੱਖ ਵੱਖ ਜੇਲ੍ਹਾਂ ਵਿਚ ਡੱਕੇ ਹੋਏ  ਸਿੱਖ ਬੰਦੀਆਂ ਨੂੰ ਤੁਰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।