ਵਿਧਾਇਕਾਂ ਨੂੰ ਆਪਣੇ ਨਾਲ ਰੱਖਣ ਕਰ ਕੇ ਦਿੱਤੀ ਉਹਨਾਂ ਦੇ ਪੁੱਤਾਂ ਨੂੰ ਨੌਕਰੀ - ਪਰਗਟ ਸਿੰਘ 

ਏਜੰਸੀ

ਖ਼ਬਰਾਂ, ਪੰਜਾਬ

ਪਰਗਟ ਸਿੰਘ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਕਿਹਾ ਕਿ ਇਨ੍ਹਾਂ ਨੌਕਰੀਆਂ ਨੂੰ ਵਾਪਸ ਲੈਣਾ ਚਾਹੀਦਾ ਹੈ

Pargat Singh

ਜਲੰਧਰ (ਸੁਸ਼ੀਲ ਹੰਸ) - ਜਲੰਧਰ ਦੇ ਕੈਂਟ ਹਲਕੇ ਤੋਂ ਵਿਧਾਇਕ ਅਤੇ ਕਾਂਗਰਸ ਦੇ ਸੀਨੀਅਰ ਆਗੂ ਪਰਗਟ ਸਿੰਘ ਨੇ ਇਕ ਵਾਰ ਫਿਰ ਤੋਂ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕੇ ਹਨ। ਦਰਅਸਲ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਪਰਗਟ ਸਿੰਘ ਨੇ ਸਰਕਾਰ ਵੱਲੋਂ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਦਿੱਤੀਆਂ ਨੌਕਰੀਆਂ ( MLA sons) ਦੇ ਮੁੱਦੇ ’ਤੇ ਸਰਕਾਰ ਖ਼ਿਲਾਫ਼ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਦੀ ਸਾਡੇ ਦੇਸ਼ ਦੀ ਸੇਵਾ ਕਰਦਿਆਂ ਜਾਨ ਚਲੀ ਗਈ, ਸਗੋਂ ਉਨ੍ਹਾਂ ਨੂੰ ਨੌਕਰੀ ਦੇਣ ਦੀ ਬਜਾਏ ਅਸੀਂ ਅਜਿਹਾ ਪੈਰਾਮੀਟਰ ਚੁਣਿਆ ਜੋਕਿ ਤਰਸ ਦੇ ਆਧਾਰ ’ਤੇ ਨਹੀਂ ਹੈ।

ਉਨ੍ਹਾਂ ਕੈਪਟਨ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਿਸਾਨੀ ਸੰਘਰਸ਼ ’ਚ ਕਰੀਬ 450 ਤੋਂ ਵਧੇਰੇ ਕਿਸਾਨਾਂ ਦੀ ਜਾਨ ਚਲੀ ਗਈ, ਸਾਨੂੰ ਉਨ੍ਹਾਂ ਦੇ ਪਰਿਵਾਰਾਂ ਨੂੰ ਸਪੋਰਟ ਕਰਨੀ ਚਾਹੀਦੀ ਹੈ। ਪੈਰਾਮੀਟਰ ਸਾਰਿਆਂ ਲਈ ਇਕੋ ਜਿਹਾ ਹੋਣਾ ਚਾਹੀਦਾ ਹਨ। ਭਾਵੇਂ ਉਹ ਕੋਈ ਵਿਧਾਇਕ ਦਾ ਮੁੰਡਾ ਹੋਵੇ ਭਾਵੇਂ ਆਮ ਇਨਸਾਨ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕਰਦੇ ਕਿਹਾ ਕਿ ਇਨ੍ਹਾਂ ਨੌਕਰੀਆਂ ਨੂੰ ਵਾਪਸ ਲੈਣਾ ਚਾਹੀਦਾ ਹੈ ਕਿਉਂਕਿ ਇਹ ਨੌਕਰੀਆਂ ਤਰਸ ਦੇ ਆਧਾਰ ’ਤੇ ਨਹੀਂ ਦਿੱਤੀਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਹੋ ਜਿਹੀਆਂ ਨੌਕਰੀਆਂ ਦੇ ਕੇ ਆਖਿਰ ਅਸੀਂ ਲੋਕਾਂ ਵਿਚਾਲੇ ਕਿਹੋ ਜਿਹੀ ਧਾਰਨਾ ਰੱਖਣਾ ਚਾਹੁੰਦੇ ਹਾਂ। ਉਨ੍ਹਾਂ ਕਿਹਾ ਕਿ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਇੰਝ ਲੱਗਦਾ ਹੈ ਕਿ ਉਨ੍ਹਾਂ ਵਿਧਾਇਕਾਂ ਨੂੰ ਆਪਣੇ ਧੜ੍ਹੇ ਨਾਲ ਰੱਖਣਾ ਹੈ। ਇਹ ਲੜਾਈ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਦੀ ਨਹੀਂ ਹੈ, ਸਗੋਂ ਕਈ ਸਮਲਿਆਂ ਦੀ ਲੜਾਈ ਹੈ। 

ਉਨ੍ਹਾਂ ਕਿਹਾ ਕਿ ਨਾ ਤਾਂ ਮੈਂ ਕਦੇ ਕੋਈ ਧੜ੍ਹਾ ਬਣਾਇਆ ਹੈ ਅਤੇ ਨਾ ਹੀ ਨਵਜੋਤ ਸਿੰਘ ਸਿੱਧੂ ਨੇ। ਜੇਕਰ ਨਵਜੋਤ ਸਿੰਘ ਸਿੱਧੂ ਵੀ ਕੋਈ ਗੱਲ ਠੀਕ ਨਹੀਂ ਕਰਦੇ ਤਾਂ ਮੈਂ ਉਨ੍ਹਾਂ ਨੂੰ ਸਮਝਾਉਂਦਾ ਹਾਂ। ਹੌਲੀ-ਹੌਲੀ ਕਾਂਗਰਸ ਦੀ ਲੋਕਾਂ ’ਚ ਧਾਰਨਾ ਖ਼ਰਾਬ ਹੁੰਦੀ ਜਾ ਰਹੀ ਹੈ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਧੇ ਤੌਰ ’ਤੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਮੈਂ ਡੇਢ ਸਾਲ ਪਹਿਲਾਂ ਚੁੱਕੀਆਂ ਸਨ, ਉਨ੍ਹਾਂ ’ਤੇ ਅਸੀਂ ਕੰਮ ਕਰ ਲਈਏ।