'ਆਪ' ਨੇ ਕਾਲੇ ਖੇਤੀ ਕਾਨੂੰਨਾਂ ਨੂੰ  ਰੱਦ ਕਰਵਾਉਣ ਲਈ ਸੰਸਦ ਵਿਚ ਪੇਸ਼ ਕੀਤਾ 'ਕੰਮ ਰੋਕੂ ਮਤਾ'

ਏਜੰਸੀ

ਖ਼ਬਰਾਂ, ਪੰਜਾਬ

'ਆਪ' ਨੇ ਕਾਲੇ ਖੇਤੀ ਕਾਨੂੰਨਾਂ ਨੂੰ  ਰੱਦ ਕਰਵਾਉਣ ਲਈ ਸੰਸਦ ਵਿਚ ਪੇਸ਼ ਕੀਤਾ 'ਕੰਮ ਰੋਕੂ ਮਤਾ'

image

'ਆਪ' ਕਿਸਾਨਾਂ ਨਾਲ ਖੜੀ ਹੈ ਅਤੇ ਹਮੇਸ਼ਾ ਖੜੀ ਰਹੇਗੀ: ਭਗਵੰਤ ਮਾਨ

ਨਵੀਂ ਦਿੱਲੀ, 19 ਜੁਲਾਈ: ਕਾਲੇ ਖੇਤੀ ਕਾਨੂੰਨਾਂ ਵਿਰੁਧ ਚਲ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਸੋਮਵਾਰ ਨੂੰ  ਸੰਸਦ ਦੇ ਮਾਨਸੂਨ ਸੈਸ਼ਨ ਦੇ ਪਹਿਲੇ ਹੀ ਦਿਨ ਕਾਲੇ ਖੇਤੀ ਕਾਨੂੰਨਾਂ ਨੂੰ  ਰੱਦ ਕਰਾਉਣ ਲਈ 'ਕੰਮ ਰੋਕੂ ਮਤਾ' ਪੇਸ਼ ਕੀਤਾ | ਮਾਨ ਨੇ ਕਿਹਾ ਕਿ ਮਾਨਸੂਨ ਸੈਸ਼ਨ ਦੌਰਾਨ ਕੰਮ ਰੋਕੂ ਮਤਾ ਹੋਰਨਾਂ ਸੂਚੀਬੱਧ ਕੰਮਾਂ ਤੋਂ ਅਲੱਗ ਰਖਿਆ ਜਾਵੇ ਅਤੇ ਖੇਤੀ ਕਾਨੂੰਨਾਂ ਨਾਲ ਸਬੰਧਤ ਮੁੱਦੇ ਉਤੇ ਹੀ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਜਾਵੇ ਕਿਉਂਕਿ ਇਹ ਬਹੁਤ ਮਹੱਤਵਪੂਰਨ ਤੇ ਸੰਵੇਦਨਸ਼ੀਲ ਮੁੱਦਾ ਹੈ |
ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੌਰਾਨ ਮੌਸਮਾਂ ਦੀ ਪ੍ਰਵਾਹ ਨਾ ਕਰਦੇ ਹੋਏ ਦੇਸ਼ ਦੇ ਕਿਸਾਨ, ਔਰਤਾਂ, ਬਜ਼ੁਰਗ ਅਤੇ ਬੱਚੇ ਅਪਣੇ ਪ੍ਰਵਾਰਾਂ ਨਾਲ ਪਿਛਲੇ ਅੱਠ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 
'ਤੇ ਬੈਠੇ ਤਿੰਨੋਂ ਕਾਲੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੇ ਹਨ | ਕੰਮ ਰੋਕੂ ਮਤੇ ਬਾਰੇ ਦਲੀਲ ਦਿੰਦਿਆਂ ਮਾਨ ਨੇ ਕਿਹਾ ਕਿ ਸੰਸਦ ਵਿਚ ਪਹਿਲ ਦੇ ਆਧਾਰ 'ਤੇ ਸਿਰਫ਼ ਕਾਲੇ ਖੇਤੀ ਕਾਨੂੰਨਾਂ ਬਾਰੇ ਚਰਚਾ ਹੋਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆ ਜਾਇਜ਼ ਮੰਗਾਂ ਨੂੰ  ਤੁਰਤ ਪ੍ਰਵਾਨ ਕੀਤਾ ਜਾਣਾ ਚਾਹੀਦਾ ਹੈ | ਭਗਵੰਤ ਮਾਨ ਨੇ ਕਿਹਾ ਕਿ ਕਾਲੇ ਖੇਤੀ ਕਾਨੂੰਨ ਲਾਗੂ ਕਰਨ ਵਿਰੁਧ ਕਿਸਾਨਾਂ ਵਲੋਂ ਸ਼ੁਰੂ ਕੀਤੇ ਦੇਸ਼ ਵਿਆਪੀ ਕਿਸਾਨ ਅੰਦੋਲਨ ਦੌਰਾਨ ਸੈਂਕੜੇ ਅੰਨਦਾਤਾ ਸ਼ਹੀਦ ਹੋ ਚੁੱਕੇ ਹਨ | ਇਸ ਲਈ ਜ਼ਰੂਰੀ ਹੈ ਕਿ ਇਨ੍ਹਾਂ ਕਾਨੂੰਨਾਂ ਨੂੰ  ਪਹਿਲ ਦੇ ਆਧਾਰ 'ਤੇ ਰੱਦ ਕੀਤਾ ਜਾਵੇ ਤਾਂ ਜੋ ਕਿਸਾਨ ਅਤੇ ਉਨ੍ਹਾਂ ਦੇ ਪ੍ਰਵਾਰ ਖ਼ੁਸ਼ੀ ਖ਼ੁਸ਼ੀ ਆਪੋ ਅਪਣੇ ਘਰਾਂ ਨੂੰ  ਵਾਪਸ ਜਾਣ |  ਮਾਨ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਸਮੁੱਚੀ ਆਮ ਆਦਮੀ ਪਾਰਟੀ ਸੰਸਦ ਦੇ ਅੰਦਰ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਦੇੇ ਹੋਏ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦੇ ਰਹਿਣਗੇ | ਉਨ੍ਹਾਂ ਕਿਹਾ ਕਿ ਜੇਕਰ ਲੋਕ ਸਭਾ ਦੇ ਸਪੀਕਰ ਨੇ ਕੰਮ ਰੋਕੂ ਮਤੇ ਨੂੰ  ਮਨਜ਼ੂਰੀ ਨਾ ਦਿਤੀ ਤਾਂ ਉਹ ਮੰਗਲਵਾਰ ਨੂੰ  ਫਿਰ ਤੋਂ ਕੰਮ ਰੋਕੂ ਮਤਾ ਪੇਸ਼ ਕਰਨਗੇ | (ਪੀ.ਟੀ.ਆਈ)