ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਮੀਰੀ ਪੀ

ਏਜੰਸੀ

ਖ਼ਬਰਾਂ, ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਮੀਰੀ ਪੀਰੀ ਦਿਵਸ

image

ਅੰਮ੍ਰਿਤਸਰ, 19 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ,  ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ. ਹਰਪ੍ਰੀਤ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ। ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਭਿੰਦਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ। 
ਗਿ. ਜਗਤਾਰ ਸਿੰਘ ਨੇ ਮੀਰੀ ਪੀਰੀ ਦਿਹਾੜੇ ਦਾ ਇਤਿਹਾਸ ਸਾਂਝਾ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਮੀਰੀ ਪੀਰੀ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਕੌਮ ਅੰਦਰ ਇਹ ਸਿਧਾਂਤ ਭਗਤੀ ਅਤੇ ਸ਼ਕਤੀ ਦਾ ਸੁਮੇਲ ਹੈ, ਜਿਸ ਦਾ ਦੁਨੀਆਂ ਦੇ ਧਾਰਮਕ ਇਤਿਹਾਸ ਅੰਦਰ ਵੱਡਾ ਮਹੱਤਵ ਹੈ। ਛੇਵੇਂ ਪਾਤਸ਼ਾਹ ਵਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਅਧਿਆਤਮ ਨਾਲ ਜੁੜਨ ਦੇ ਨਾਲ-ਨਾਲ ਮਜ਼ਲੂਮਾਂ ਦੀ ਰਖਿਆ ਕਰਨ ਵਾਲਾ ਹੈ। ਸਮਾਗਮ ਦੌਰਾਨ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।