ਘੋੜਿਆਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਨ ਲਈ ਚੁਕੇ ਜਾ ਰਹੇ ਹਨ ਵਿਸ਼ੇਸ਼ ਕਦਮ: ਸਿੱਧੂ
ਪੰਜਾਬ ਦੇ ਕਿਸਾਨਾਂ ਨੂੰ ਆਰਥਕ ਮੰਦਹਾਲੀ ਵਿਚੋਂ ਕੱਢਣ ਲਈ ਸੂਬੇ ਵਿਚ ਪਸ਼ੂ ਪਾਲਣ ਧੰਦੇ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ............
ਐਸ.ਏ.ਐਸ. ਨਗਰ : ਪੰਜਾਬ ਦੇ ਕਿਸਾਨਾਂ ਨੂੰ ਆਰਥਕ ਮੰਦਹਾਲੀ ਵਿਚੋਂ ਕੱਢਣ ਲਈ ਸੂਬੇ ਵਿਚ ਪਸ਼ੂ ਪਾਲਣ ਧੰਦੇ ਦੇ ਨਾਲ-ਨਾਲ ਸਹਾਇਕ ਧੰਦਿਆਂ ਨੂੰ ਵੀ ਪ੍ਰਫੁੱਲਤ ਕੀਤਾ ਜਾਵੇਗਾ ਅਤੇ ਰਾਜ ਵਿਚ ਘੋੜਿਆਂ ਦੇ ਕਾਰੋਬਾਰ ਨੂੰ ਉਤਸ਼ਾਹਤ ਕਰਨ ਲਈ ਵਿਸ਼ੇਸ਼ ਮੰਡੀਆਂ ਲਾਉਣ ਦਾ ਸਿਲਸਿਲਾ ਸ਼ੁਰੂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਬਾਕਰਪੁਰ ਵਿਖੇ ਜਤਿੰਦਰ ਸਿੰਘ ਬੈਦਵਾਨ ਦੇ ਉਦੈ ਸਟੱਡ ਫ਼ਰਮ ਦਾ ਦੌਰਾ ਕਰਦਿਆਂ ਕੀਤਾ।
ਫ਼ਾਰਮ ਦੀ ਸ਼ਲਾਘਾ ਕਰਦਿਆ ਸਿੱਧੂ ਨੇ ਦਸਿਆ ਕਿ ਜਤਿੰਦਰ ਸਿੰਘ ਨੇ ਕੁਲ 15 ਘੋੜੇ ਬਹੁਤ ਹੀ ਸੁਚੱਜੇ ਢੰਗ ਨਾਲ ਰੱਖੇ ਹੋਏ ਹਨ, ਜਿਨ੍ਹਾਂ ਵਿਚ ਵਿਦੇਸ਼ਾਂ ਤੋਂ ਮੰਗਵਾਏ ਘੋੜੇ ਵੀ ਸ਼ਾਮਲ ਹਨ। ਇਸ ਮੌਕੇ ਸਿੱਧੂ ਨੇ ਦਸਿਆ ਕਿ ਸੂਬੇ ਵਿਚ ਘੋੜਿਆਂ ਦੇ ਇਲਾਜ ਲਈ ਵਿਭਾਗ ਦੇ ਵੈਟਰਨਰੀ ਡਾਕਟਰਾਂ ਨੂੰ ਲੋੜੀਂਦੇ ਸਿਖਲਾਈ ਕੋਰਸ ਕਰਵਾਏ ਜਾਣਗੇ ਤਾਂ ਜੋ ਘੋੜਿਆਂ ਦੇ ਪਾਲਕਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਾਲ ਆਵੇ। ਉਨ੍ਹਾਂ ਦਸਿਆ ਕਿ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਵਿਚ ਘੋੜਿਆਂ ਦਾ ਸਰਵੇਖਣ ਕਰਨ ਅਤੇ ਉਨ੍ਹਾਂ ਦੀ ਰਜਿਸਟਰੇਸ਼ਨ ਲਈ ਨੋਡਲ ਅਫ਼ਸਰ ਲਾਉਣ ਦੀਆਂ ਹਦਾਇਤਾਂ ਵੀ ਦਿਤੀਆਂ ਜਾ ਚੁਕੀਆਂ ਹਨ।
ਉਨ੍ਹਾਂ ਕਿਹਾ ਕਿ ਸੂਬੇ ਦੇ ਪਸ਼ੂ ਪਾਲਕਾਂ ਦੀਆਂ ਮੁਸ਼ਕਲਾਂ ਦਾ ਹੱਲ ਛੇਤੀ ਤੋਂ ਛੇਤੀ ਕੀਤਾ ਜਾਵੇਗਾ। ਇਸ ਮੌਕੇ ਸਟੱਡ ਫ਼ਾਰਮ ਦੇ ਮਾਲਕ ਜਤਿੰਦਰ ਸਿੰਘ ਨੇ ਦਸਿਆ ਕਿ ਉਨ੍ਹਾਂ ਦਾ ਪਰਵਾਰ ਲੰਮੇ ਸਮੇਂ ਤੋਂ ਘੋੜੇ ਰਖਦਾ ਆ ਰਿਹਾ ਹੈ ਤੇ ਉਨ੍ਹਾਂ ਦੇ ਘੋੜੇ ਕੌਮੀ ਤੇ ਸੂਬਾਈ ਪੱਧਰ ਦੇ ਮੁਕਾਬਲਿਆਂ ਦੇ ਨਾਲ ਨਾਲ ਹੋਰ ਵੀ ਕਈ ਮੁਕਾਬਲੇ ਜਿੱਤਦੇ ਆ ਰਹੇ ਹਨ। ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾ, ਜੀ.ਐਸ. ਰਿਆੜ, ਜਗਤਾਰ ਸਿੰਘ ਬਾਕਰਪੁਰ, ਦਵਿੰਦਰ ਸਿੰਘ, ਗੁਰਵਿੰਦਰ ਸਿੰਘ, ਗਬਰਦੇਵ ਸਿੰਘ, ਅਜੈਬ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।