ਮਨਪ੍ਰੀਤ ਬਾਦਲ ਵਲੋਂ ਪੰਜਾਬ ਵਾਸੀਆਂ ਨੂੰ ਵਾਤਾਵਰਨ ਬਚਾਉਣ ਲਈ ਦਿਲ-ਟੁੰਬਵੀਂ ਅਪੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਰਾਲੀ ਨਾ ਸਾੜ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇਣ ਦਾ ਸੱਦਾ

Air is the Guru; Please do not pollute: Manpreet Badal

ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਵਾਸੀਆਂ ਨੂੰ ਵਾਤਾਵਰਨ ਸੰਭਾਲ ਲਈ ਦਿਲ ਟੁੰਬਵੀਂ ਅਪੀਲ ਕੀਤੀ ਹੈ। ਕਿਸਾਨਾਂ ਨੂੰ ਝੋਨੇ ਦੀ ਪਰਾਲੀ  ਨਾ ਸਾੜਨ ਦਾ ਸੱਦਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਹੀ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਹ ਬਠਿੰਡਾ ਵਿਖੇ ਇਕ ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

ਮਨਪ੍ਰੀਤ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ 'ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ'। ਉਨ੍ਹਾਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਧਰਤੀ ਨੂੰ ਮਾਂ ਦਾ ਦਰਜਾ ਦਿੱਤਾ ਹੈ, ਪਰ ਖੇਤੀਬਾੜੀ ਰਹਿੰਦ-ਖੂੰਹਦ ਸਾੜਨ ਨਾਲ ਹਵਾ ਪਲੀਤ ਹੁੰਦੀ ਹੈ, ਜਿਸ ਨੂੰ ਸਾਡੇ ਰਹਿਬਰ ਨੇ ਗੁਰੂ ਦਾ ਦਰਜਾ ਦਿੱਤਾ ਹੈ।

ਵਿੱਤ ਮੰਤਰੀ ਨੇ ਕਿਹਾ, "ਜਦੋਂ ਸਿੱਖ ਪੰਥ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਹਵਾ, ਜਲ ਅਤੇ ਧਰਤੀ ਨੂੰ ਐਨਾਂ ਉੱਚਾ ਦਰਜਾ ਦਿੱਤਾ ਹੈ ਤਾਂ ਸਾਨੂੰ ਵੀ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਪਹਿਰਾ ਦੇਣਾ ਚਾਹੀਦਾ ਹੈ ਅਤੇ ਵਾਤਾਵਰਨ ਨੂੰ ਪਲੀਤ ਨਹੀਂ ਕਰਨਾ ਚਾਹੀਦਾ। ਗੁਰੂ ਸਾਹਿਬ ਦੇ ਇਸ ਸੰਦੇਸ਼ ਨੂੰ ਨਾ ਮੰਨ ਕੇ ਅਸੀਂ ਉਨ੍ਹਾਂ ਦੇ ਦਿਖਾਏ ਰਸਤੇ ਤੋਂ ਭਟਕ ਰਹੇ ਹਾਂ।"

ਮਨਪ੍ਰੀਤ ਬਾਦਲ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿਚ ਦੇਸ਼ ਵਿਦੇਸ਼ ਤੋਂ ਕਰੋੜਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ। ਉਨ੍ਹਾਂ ਕਿਹਾ, "ਪੰਜਾਬ ਤੇ ਪੰਜਾਬੀਅਤ ਦੇ ਸੱਭਿਆਚਾਰ ਮੁਤਾਬਕ ਮੈਨੂੰ ਪੂਰੀ ਉਮੀਦ ਹੈ ਕਿ ਅਸੀਂ ਉਨ੍ਹਾਂ ਦਾ ਸਿਰ ਝੁਕਾ ਕੇ, ਹੱਥ ਜੋੜ ਕੇ ਅਤੇ ਆਪਣੇ ਦਿਲ ਤੇ ਘਰਾਂ ਦੇ ਬੂਹੇ ਖੋਲ੍ਹ ਕੇ ਸਵਾਗਤ ਕਰਾਂਗੇ। ਸਾਨੂੰ ਇਸ ਪਵਿੱਤਰ ਮੌਕੇ ਮਹਿਮਾਨਾਂ ਨੂੰ ਸਾਫ਼-ਸੁਥਰਾ ਵਾਤਾਵਰਨ ਮੁਹੱਈਆ ਕਰਾਉਣ ਦਾ ਵੀ ਅਹਿਦ ਲੈਣਾ ਚਾਹੀਦਾ ਹੈ।"

ਮਨਪ੍ਰੀਤ ਬਾਦਲ ਨੇ ਕਿਹਾ, "ਖੇਤੀਬਾੜੀ ਰਹਿੰਦ-ਖੂੰਹਦ ਤੇ ਪਰਾਲੀ ਨਾ ਸਾੜਨ ਦਾ ਅਹਿਦ ਲੈ ਕੇ ਹੀ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ ਅਤੇ ਇਸ ਵਿੱਚ ਹੀ 'ਸਰਬੱਤ ਦੇ ਭਲੇ' ਦਾ ਸੰਦੇਸ਼ ਸ਼ਾਮਲ ਹੈ। ਇਸ ਰਸਤੇ 'ਤੇ ਚੱਲ ਕੇ ਪੰਜਾਬ ਵਾਸੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਦਾ ਪਾਸਾਰ ਕਰਨ ਤੋਂ ਇਲਾਵਾ ਵਾਤਾਵਰਨ ਜਾਗਰੂਕਤਾ ਦੀ ਨਿਵੇਕਲੀ ਮਿਸਾਲ ਕਾਇਮ ਕਰ ਸਕਦੇ ਹਨ।"