ਜਦੋਂ ਤਕ ਮੈਂ ਮੁੱਖ ਮੰਤਰੀ ਹਾਂ, ਕਿਸਾਨਾਂ ਤੋਂ ਮੁਫ਼ਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ .......

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ

Capt. Amarinder Singh

ਚੰਡੀਗੜ੍ਹ, 14 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) :Êਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸੂਬੇ ਵਿਚ ਕਿਸਾਨਾਂ ਦੀ ਮੁਫਤ ਬਿਜਲੀ ਵਾਪਸ ਲੈਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਇਹ ਉਦੋਂ ਤਕ ਜਾਰੀ ਰਹੇਗੀ, ਜਦੋਂ ਤਕ ਉਹ ਸਰਕਾਰ ਦੀ ਅਗਵਾਈ ਕਰ ਰਹੇ ਹਨ।  

ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ, ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਮਾਹਰਾਂ ਦੇ ਗਰੁੱਪ ਦੀ ਰਿਪੋਰਟ ਮੁਢਲੀ ਹੈ ਅਤੇ ਉਨ੍ਹਾਂ ਦੀ ਸਰਕਾਰ ਕਿਸੇ ਵੀ ਮਾਹਿਰ ਵਲੋਂ ਮੁਫ਼ਤ ਬਿਜਲੀ ਵਾਪਸ ਲੈਣ ਦੀ ਕੋਈ ਸਿਫ਼ਾਰਸ਼ ਨਹੀਂ ਮੰਨੇਗੀ। ਮੀਡੀਆ ਰਿਪੋਰਟਾਂ 'ਤੇ ਪ੍ਰਤੀਕ੍ਰਿਆ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ,''ਜਦੋਂ ਤੱਕ ਮੈਂ ਇੱਥੇ ਹਾਂ, ਟਿਊਬਵੈੱਲਾਂ ਲਈ ਮੁਫਤ ਬਿਜਲੀ ਜਾਰੀ ਰਹੇਗੀ।''

ਮੁੱਖ ਮੰਤਰੀ ਨਾਲ ਵੀਡੀਓ ਕਾਨਫ਼ਰੰਸਿੰਗ ਨਾਲ ਵਿਚਾਰ-ਚਰਚਾ ਦੌਰਾਨ ਮੌਨਟੇਕ ਸਿੰਘ ਆਹੂਲਵਾਲੀਆ ਨੇ ਖ਼ੁਦ ਸਪੱਸ਼ਟ ਕੀਤਾ ਕਿ ਮਾਹਰਾਂ ਦੀ ਰਿਪੋਰਟ ਕਿਸਾਨ ਵਿਰੋਧੀ ਨਹੀਂ ਹੈ। ਉਨ੍ਹਾਂ ਕਿਹਾ ਕਿ ਜੋ ਮੀਡੀਆ ਰਿਪੋਰਟਾਂ ਵਿਚ ਜੋ ਕਿਹਾ ਗਿਆ ਹੈ, ਉਹ ਗੁੰਮਰਾਹਕੁੰਨ ਹੈ ਜਦਕਿ ਮਾਹਿਰਾਂ ਨੇ ਸੁਝਾਅ ਦਿੱਤਾ ਸੀ ਕਿ ਪੰਜਾਬ ਦੇ ਖੇਤੀਬਾੜੀ ਵਿਕਾਸ ਲਈ ਫ਼ਸਲੀ ਵੰਨ-ਸੁਵੰਨਤਾ ਹੀ ਇਕੋ-ਇਕ ਉਮੀਦ ਹੈ।

ਸ੍ਰੀ ਆਹਲੂਵਾਲੀਆ ਨੇ ਕਿਹਾ ਕਿ ਜਦੋਂ ਸੂਬਾ ਸਰਕਾਰ ਹੀ ਇਹ ਐਲਾਨ ਸਪੱਸ਼ਟ ਰੂਪ ਵਿਚ ਕਰ ਚੁੱਕੀ ਹੈ ਕਿ ਕਿਸਾਨਾਂ ਲਈ ਮੁਫ਼ਤ ਬਿਜਲੀ ਦੀ ਨੀਤੀ ਵਿਚ ਕੋਈ ਤਬਦੀਲੀ ਕਰਨ ਦੀ ਯੋਜਨਾ ਨਹੀਂ ਹੈ ਤਾਂ ਮਾਹਰਾਂ ਦੇ ਗਰੁੱਪ ਨੇ ਸਿਫ਼ਾਰਸ਼ ਕੀਤੀ ਸੀ ਕਿ ਕਿਸਾਨਾਂ ਨੂੰ ਝੋਨੇ ਦੇ ਚੱਕਰ ਵਿਚੋਂ ਕੱਢਣ ਲਈ ਰਿਆਇਤਾਂ ਦਿਤੀਆਂ ਜਾਣੀਆਂ ਚਾਹੀਦੀਆਂ ਹਨ ਕਿਉਂਕਿ ਪਾਣੀ ਦੀ ਵੱਧ ਖਪਤ ਵਾਲੀਆਂ ਫ਼ਸਲ ਬੇਸ਼ੱਕ ਕਿਸਾਨਾਂ ਲਈ ਆਰਥਿਕ ਤੌਰ 'ਤੇ ਲਾਹੇਵੰਦ ਹੈ, ਭਾਵੇਂ ਕਿ ਇਸ ਦਾ ਵਾਤਾਵਰਣ ਦੇ ਲਿਹਾਜ਼ ਤੋਂ ਬਹੁਤ ਵੱਡਾ ਨੁਕਸਾਨ ਹੈ।

ਮੁੱਖ ਮੰਤਰੀ ਨੇ ਕੋਵਿਡ ਤੋਂ ਬਾਅਦ ਪੰਜਾਬ ਦੀ ਆਰਥਿਕ ਸੁਰਜੀਤੀ ਲਈ ਰਣਨੀਤੀ ਉਲੀਕਣ ਵਾਸਤੇ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਵਿਚ ਮਾਹਰਾਂ ਦਾ ਗਰੁੱਪ ਕਾਇਮ ਕੀਤਾ ਸੀ। Îਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਬਿਜਲੀ ਪੱਖੋਂ ਸਰਪਲੱਸ ਸੂਬਾ ਹੈ ਜਿਸ ਕਰਕੇ ਉਨ੍ਹਾਂ ਦੀ ਸਰਕਾਰ ਨੇ ਉਦਯੋਗਿਕ ਬਿਜਲੀ ਦੀ ਕੀਮਤ ਪੰਜ ਰੁਪਏ ਪ੍ਰਤੀ ਯੂਨਿਟ ਤੈਅ ਕੀਤੀ ਹੈ ਤਾਂ ਕਿ ਸੂਬੇ ਵਿੱਚ ਨਿਵੇਸ਼ ਲਈ ਉਦਯੋਗ ਨੂੰ ਰਿਆਇਤਾਂ ਦਿਤੀਆਂ ਜਾ ਸਕਣ।

ਉਨ੍ਹਾਂ ਨੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਸਨਅਤ ਨੂੰ ਉਤਸ਼ਾਹਤ ਕਰਨ ਦੀ ਲੋੜ 'ਤੇ ਵੀ ਜ਼ੋਰ ਦਿਤਾ। ਪੰਜਾਬ ਨੂੰ ਪਹਿਲਾਂ ਵਾਲੇ ਸਥਾਨ 'ਤੇ ਲਿਆਉਣ ਲਈ ਲੰਮੀ ਯੋਜਨਾਬੰਦੀ ਦੀ ਲੋੜ 'ਤੇ ਜ਼ੋਰ ਦਿੰਦਿਆਂ ਸ੍ਰੀ ਆਹਲੂਵਾਲੀਆ ਨੇ ਕਿਹਾ ਕਿ ਕੋਵਿਡ ਸੰਕਟ ਨਾਲ ਨਜਿੱਠਣ ਵਿਚ ਪੰਜਾਬ ਨੇ ਬਾਕੀ ਸੂਬਿਆਂ ਨਾਲੋਂ ਬਿਹਤਰ ਪ੍ਰਦਰਸ਼ਨ ਕੀਤਾ ਹੈ।