ਚੋਣਾਂ ਬਾਅਦ ‘ਹਿੰਸਾ’ ਦੀ ਹੋਵੇਗੀ ਸੀਬੀਆਈ ਜਾਂਚ, ਮਮਤਾ ਬੈਨਰਜੀ ਦੀਆਂ ਵਧੀਆਂ ਮੁਸ਼ਕਲਾਂ

ਏਜੰਸੀ

ਖ਼ਬਰਾਂ, ਪੰਜਾਬ

ਚੋਣਾਂ ਬਾਅਦ ‘ਹਿੰਸਾ’ ਦੀ ਹੋਵੇਗੀ ਸੀਬੀਆਈ ਜਾਂਚ, ਮਮਤਾ ਬੈਨਰਜੀ ਦੀਆਂ ਵਧੀਆਂ ਮੁਸ਼ਕਲਾਂ

image

ਕੋਲਕਾਤਾ, 19 ਅਗੱਸਤ : ਪਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਕੋਲਕਾਤਾ ਹਾਈਕੋਰਟ ਨੇ ਵੀਰਵਾਰ ਨੂੰ ਪਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਹੋਈ ਕਥਿਤ ਹਿੰਸਾ ਦੀ ਨਿਰਪੱਖ ਜਾਂਚ ਦੀ ਮੰਗ ਕਰਨ ਵਾਲੀ ਕਈ ਜਨਹਿਤ ਪਟੀਸ਼ਨਾਂ ’ਤੇ ਫ਼ੈਸਲਾ ਸੁਣਾਇਆ। ਹਾਈਕੋਰਟ ਨੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰਨ ਲਈ ਕਿਹਾ ਹੈ। 
ਹਾਲਾਂਕਿ ਅਦਾਲਤ ਨੇ ਅਪਣੇ ਆਦੇਸ਼ ਵਿਚ ਕਿਹਾ ਹੈ ਕਿ ਸਿਰਫ਼ ਕਤਲ ਅਤੇ ਬਲਾਤਕਾਰ ਦੇ ਦੋਸ਼ਾਂ ਦੀ ਜਾਂਚ ਸੀਬੀਆਈ ਕਰੇਗੀ। ਹੋਰ ਸਾਰੇ ਦੋਸ਼ਾਂ ਦੇ ਮਾਮਲੇ ਵਿਚ ਐਸਆਈਟੀ ਜਾਂਚ ਕਰੇਗੀ। ਅਦਾਲਤ ਨੇ ਕਿਹਾ ਕਿ ਐਸਆਈਟੀ ਦਾ ਗਠਨ ਪਛਮੀ ਬੰਗਾਲ ਦੇ ਆਈਪੀਐਸ ਅਧਿਕਾਰੀਆਂ ਦੀ ਅਗਵਾਈ ਵਿਚ ਕੀਤਾ ਜਾਵੇਗਾ ਅਤੇ ਇਹ ਅਦਾਲਤ ਦੀ ਨਿਗਰਾਨੀ ਹੇਠ ਜਾਂਚ ਕਰੇਗਾ। ਅਦਾਲਤ ਨੇ ਪਛਮੀ ਬੰਗਾਲ ਸਰਕਾਰ ਨੂੰ ਪੀੜਤਾਂ ਦੇ ਮੁਆਵਜ਼ੇ ਲਈ ਅਰਜ਼ੀਆਂ ’ਤੇ ਤੁਰਤ ਕਾਰਵਾਈ ਕਰਨ ਦੇ ਨਿਰਦੇਸ਼ ਦਿਤੇ ਹਨ। ਇਸ ਦੇ ਨਾਲ ਹੀ ਸੀਬੀਆਈ ਅਤੇ ਐਸਆਈਟੀ ਨੂੰ ਛੇ ਹਫ਼ਤਿਆਂ ਵਿਚ ਸਥਿਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿਤੇ ਗਏ ਹਨ। 
ਅਦਾਲਤ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ 24 ਅਕਤੂਬਰ ਨੂੰ ਹੋਵੇਗੀ। ਕਾਰਜਕਾਰੀ ਮੁੱਖ ਜੱਜ ਰਾਜੇਸ ਬਿੰਦਲ, ਜਸਟਿਸ ਆਈਪੀ ਮੁਖਰਜੀ, ਜਸਟਿਸ ਹਰੀਸ ਟੰਡਨ, ਜਸਟਿਸ ਸੌਮਨ ਸੇਨ ਅਤੇ ਜਸਟਿਸ ਸੁਬਰਤ ਤਾਲੁਕਦਾਰ ਦੇ ਬੈਂਚ ਨੇ ਮਾਮਲੇ ਵਿਚ ਫ਼ੈਸਲਾ ਸੁਣਾਇਆ। ਇਸ ਤੋਂ ਪਹਿਲਾਂ, ਬੈਂਚ ਨੇ ਰਾਸਟਰੀ ਮਨੁੱਖੀ ਅਧਿਕਾਰ ਕਮਿਸਨ ਦੇ ਚੇਅਰਮੈਨ ਨੂੰ ‘ਚੋਣਾਂ ਤੋਂ ਬਾਅਦ ਦੀ ਹਿੰਸਾ’ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸਾਂ ਦੀ ਜਾਂਚ ਲਈ ਇਕ ਜਾਂਚ ਕਮੇਟੀ ਦੇ ਗਠਨ ਦਾ ਆਦੇਸ਼ ਦਿਤਾ ਸੀ।     (ਏਜੰਸੀ)