ਪੰਜਾਬ ਸਰਕਾਰ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਤਾਪ ਸਿੰਘ ਬਾਜਵਾ ਨੇ ਦੱਸਿਆ ‘ਡਰਾਮਾ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ- ਭਗਵੰਤ ਮਾਨ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ

Partap Singh Bajwa

 

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 22 ਸਤੰਬਰ ਨੂੰ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਇਕ ਨਾਟਕੀ ਕਾਰਵਾਈ ਕਰਾਰ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਸਮਾਗਮਾਂ ਵਿਚ ਫਜ਼ੂਲ ਖਰਚੀ ਕਰਨ ਦੀ ਕੋਈ ਲੋੜ ਨਹੀਂ ਹੈ। ਬਾਜਵਾ ਨੇ ਕਿਹਾ ਕਿ ਰਵਾਇਤ ਅਨੁਸਾਰ ਵਿਧਾਨ ਸਭਾ ਵਿਚ ਅੱਜ ਦੀ ਸਰਕਾਰ ਵਿਰੁੱਧ ਬੇਭਰੋਸਗੀ ਮਤਾ ਲਿਆਉਣਾ ਵਿਰੋਧੀ ਪਾਰਟੀਆਂ ਦਾ ਅਧਿਕਾਰ ਹੈ। ਉਹਨਾਂ ਪੁੱਛਿਆ ਕਿ ਭਗਵੰਤ ਮਾਨ ਦੀ ਸਰਕਾਰ ਸੱਤਾ ਵਿਚ ਆਉਣ ਦੇ ਛੇ ਮਹੀਨੇ ਬਾਅਦ ਹੀ ਖ਼ਤਰਾ ਕਿਉਂ ਮਹਿਸੂਸ ਕਰ ਰਹੀ ਹੈ?

ਬਾਜਵਾ ਨੇ ਕਿਹਾ ਕਿ ਇਹ ਦਰਸਾਉਂਦਾ ਹੈ ਕਿ ਜਾਂ ਤਾਂ ਆਮ ਆਦਮੀ ਪਾਰਟੀ  ਦੇ ਵਿਧਾਇਕ ਪਹਿਲਾਂ ਹੀ ਪਾਰਟੀ ਤੋਂ ਨਿਰਾਸ਼ ਹਨ ਅਤੇ ਪੱਖ ਬਦਲਣ ਲਈ ਤਿਆਰ ਹਨ ਜਾਂ ਇਹ "ਆਪ੍ਰੇਸ਼ਨ ਲੋਟਸ" ਦੇ ਬੇਬੁਨਿਆਦ ਦੋਸ਼ਾਂ ਦੀ ਆੜ ਵਿਚ ਆਪਣੀ ਗੈਰ ਕਾਰਗੁਜ਼ਾਰੀ ਨੂੰ ਢਕਣ ਲਈ ਇਕ ਡਰਾਮਾ ਹੈ। ਭਗਵੰਤ ਮਾਨ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਉਹਨਾਂ ਕਿਹਾ, “ਮਾਨ ਸਿਰਫ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਹਨ ਕਿਉਂਕਿ ਉਹਨਾਂ ਨੇ ਵੀ ਬਹੁਮਤ ਸਾਬਤ ਕਰਨ ਲਈ ਇਸ ਮਹੀਨੇ ਦੇ ਪਹਿਲੇ ਹਫਤੇ ਦਿੱਲੀ ਵਿਧਾਨ ਸਭਾ ਦਾ ਅਜਿਹਾ ਹੀ ਸੈਸ਼ਨ ਬੁਲਾਇਆ ਸੀ, ਹਾਲਾਂਕਿ ਵਿਰੋਧੀ ਪਾਰਟੀਆਂ ਵਿਚੋਂ ਕਿਸੇ ਨੇ ਵੀ ਭਰੋਸੇ ਦੀ ਮੰਗ ਨਹੀਂ ਕੀਤੀ ਸੀ”।

ਬਾਜਵਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੋਵੇਂ ਹੀ ਸਬੰਧਤ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਸੈਸ਼ਨ ਬੁਲਾ ਕੇ ਗਲਤ ਮਿਸਾਲ ਕਾਇਮ ਕਰ ਰਹੇ ਹਨ, ਜਦਕਿ ਇਸ ਦੀ ਕੋਈ ਲੋੜ ਨਹੀਂ ਸੀ। ਬਾਜਵਾ ਨੇ ਕਿਹਾ ਕਿ ਭਗਵੰਤ ਮਾਨ ਨੂੰ 22 ਸਤੰਬਰ ਨੂੰ ਓਪਰੇਸ਼ਨ ਲੋਟਸ ਸਬੰਧੀ ਸਬੂਤ ਪੇਸ਼ ਕਰਨੇ ਚਾਹੀਦੇ ਹਨ, ਜਿਸ ਦੇ ਆਧਾਰ ’ਤੇ ਉਹਨਾਂ ਦੀ ਪਾਰਟੀ ਨੇ ਦੋਸ਼ ਲਗਾਇਆ ਸੀ ਕਿ ਭਾਜਪਾ ਨੇ 'ਆਪ' ਵਿਧਾਇਕਾਂ ਨੂੰ ਕਰੋੜਾਂ ਰੁਪਏ ਦੀ ਪੇਸ਼ਕਸ਼ ਕਰਕੇ ਖਰੀਦਣ ਦੀ ਕੋਸ਼ਿਸ਼ ਕੀਤੀ ਸੀ।

ਬਾਜਵਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਉਹਨਾਂ ਨੇ ਭਗਵੰਤ ਮਾਨ ਨੂੰ ਬੇਅਦਬੀ, ਨਸ਼ਿਆਂ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਦੀਆਂ ਘਟਨਾਵਾਂ ਅਤੇ ਪੰਜਾਬ ਨਾਲ ਸਬੰਧਤ ਹੋਰ ਅਹਿਮ ਮੁੱਦਿਆਂ ਜਿਵੇਂ ਕਿ ਦਰਿਆਈ ਪਾਣੀਆਂ ਅਤੇ ਚੰਡੀਗੜ੍ਹ ਨੂੰ ਪੰਜਾਬ ਨੂੰ ਤਬਦੀਲ ਕਰਨ ਦੇ ਮੁੱਦੇ 'ਤੇ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਅਪੀਲ ਕੀਤੀ ਸੀ ਪਰ ਉਹਨਾਂ ਨੇ ਇਸ 'ਤੇ ਕਦੇ ਕੋਈ ਹੁੰਗਾਰਾ ਨਹੀਂ ਭਰਿਆ। ਇੱਥੋਂ ਤੱਕ ਕਿ ‘ਆਪ’ ਦੇ ਅੰਮ੍ਰਿਤਸਰ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵੀ ਅਜਿਹੀ ਹੀ ਬੇਨਤੀ ਕੀਤੀ ਸੀ ਪਰ ਉਸ ਨੂੰ ਵੀ ਬਿਨਾਂ ਕੋਈ ਸਪੱਸ਼ਟੀਕਰਨ ਦਿੱਤੇ ਠੁਕਰਾ ਦਿੱਤਾ ਗਿਆ।