5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵਲੋਂ ਏ.ਐਸ.ਆਈ. ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਐਸ.ਐਚ.ਓ. ਦੇ ਨਾਂ ’ਤੇ ਸ਼ਿਕਾਇਤਕਰਤਾ ਤੋਂ 25,000 ਰੁਪਏ ਹੋਰ ਰਿਸ਼ਵਤ ਦੀ ਕੀਤੀ ਸੀ ਮੰਗ

VIGILANCE BUREAU ARRESTS ASI FOR TAKING RS 5,000 BRIBE

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਤਹਿਤ ਬੁੱਧਵਾਰ ਨੂੰ ਥਾਣਾ ਡੇਹਲੋਂ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਦਲਜੀਤ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਚੰਦਨਪ੍ਰੀਤ ਸਿੰਘ ਵਾਸੀ ਦੋਰਾਹਾ ਕਸਬਾ, ਜਿਲਾ ਲੁਧਿਆਣਾ ਦੀ ਸ਼ਿਕਾਇਤ ’ਤੇ ਗ੍ਰਿਫਤਾਰ ਕੀਤਾ ਹੈ, ਜਿਸ ਨੇ ਇਸ ਸਬੰਧੀ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਭਾਜਪਾ ਨੂੰ ਵੱਡਾ ਝਟਕਾ, ਅਬੋਹਰ ਤੋਂ ਸਾਬਕਾ ਵਿਧਾਇਕ ਅਰੁਣ ਨਾਰੰਗ 'ਆਪ' 'ਚ ਸ਼ਾਮਲ 

ਹੋਰ ਜਾਣਕਾਰੀ ਸਾਂਝੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨ ਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਥਾਣਾ ਡੇਹਲੋਂ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਉਸਦੀ ਹਾਈਕੋਰਟ ਦੇ ਅੰਤਰਿਮ ਹੁਕਮਾਂ ਅਨੁਸਾਰ ਜ਼ਮਾਨਤ ਹੋਣ ਤੇ ਤਫ਼ਤੀਸ਼ ਵਿੱਚ ਸ਼ਾਮਲ ਕਰਾਉਣ ਲਈ ਪਹਿਲਾਂ ਹੀ ਉਸ ਤੋਂ 5,000 ਰੁਪਏ ਰਿਸ਼ਵਤ ਹਾਸਲ ਕਰ ਲਈ ਹੈ ਅਤੇ ਹੁਣ ਉਸਨੂੰ ਧਮਕਾਉਂਦਿਆਂ ਐਸ.ਐਚ.ਓ ਡੇਹਲੋਂ ਲਈ 25,000 ਰੁਪਏ ਹੋਰ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਕਿ ਜੇਕਰ ਉਕਤ ਰਕਮ ਅਦਾ ਨਾ ਕੀਤੀ ਤਾਂ ਉਸਦੀ ਜ਼ਮਾਨਤ ਰੱਦ ਕਰਵਾ ਦਿੱਤੀ ਜਾਵੇਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੇ ਪੈਸੇ ਦੀ ਅਦਾਇਗੀ ਸਬੰਧੀ ਏ.ਐਸ.ਆਈ. ਨਾਲ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਕਿ ਸਬੂਤ ਵਜੋਂ ਉਸਨੇ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।

ਇਹ ਵੀ ਪੜ੍ਹੋ: ਵਿਦਿਆਰਥੀਆਂ ਦੇ ਕੜੇ ਲੁਹਾਉਣ ਦਾ ਮਾਮਲਾ: ਬਠਿੰਡਾ ਦੇ ਸਕੂਲ ਵਿਰੁਧ ਵਾਇਰਲ ਵੀਡੀਉ ਦੀ ਸੱਚਾਈ ਆਈ ਸਾਹਮਣੇ!

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨੇ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਦੋਸ਼ੀ ਪੁਲਿਸ ਕਰਮਚਾਰੀ ਨੂੰ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਣ ਅਤੇ 25,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਸਬੰਧੀ ਦੋਸ਼ ਸਾਬਤ ਹੋਣ ਉੱਤੇ ਉਸਨੂੰ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਮੁਲਜ਼ਮ ਪੁਲਿਸ ਕਰਮਚਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।