ਸ਼ਾਮ 4 ਵਜੇ ਰਾਜਪਾਲ ਨਾਲ ਮੁਲਾਕਾਤ ਕਰਨਗੇ ਕੈਪਟਨ, ਵਿਧਾਇਕਾਂ ਨੂੰ ਕੀਤੀ ਸਾਥ ਦੇਣ ਦੀ ਅਪੀਲ 

ਏਜੰਸੀ

ਖ਼ਬਰਾਂ, ਪੰਜਾਬ

ਰਾਜਪਾਲ ਨਾਲ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨਗੇ ਕੈਪਟਨ ਅਮਰਿੰਦਰ ਸਿੰਘ

V. P. Singh Badnore, Captain Amarinder Singh

ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਸਦਨ ਦੀ ਕਾਰਵਾਈ ਖ਼ਤਮ ਹੋਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ 4 ਵਜੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕਰਨਗੇ। ਕੈਪਟਨ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨਾਲ ਰਾਜਪਾਲ ਨੂੰ ਮਿਲਣ ਲਈ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸਦਨ 'ਚ ਲਿਆਂਦੇ ਪ੍ਰਸਤਾਵ 'ਤੇ ਜਦੋਂ ਬਹਿਸ ਪੂਰੀ ਹੋ ਜਾਵੇਗੀ ਤਾਂ ਸਦਨ ਦੇ ਸਾਰੇ ਮੈਂਬਰ ਇਕ ਵਫ਼ਦ ਦੇ ਤੌਰ 'ਤੇ ਰਾਜਪਾਲ ਨਾਲ ਮੁਲਾਕਾਤ ਕਰਨ ਲਈ ਉਨ੍ਹਾਂ ਦੇ ਨਾਲ ਚੱਲਣ।

ਕੈਪਟਨ ਨੇ ਦੱਸਿਆ ਕਿ ਉਨ੍ਹਾਂ ਨੇ ਰਾਜਪਾਲ ਨੂੰ ਮਿਲਣ ਲਈ ਉਨ੍ਹਾਂ ਨਾਲ ਗੱਲ ਕੀਤੀ ਸੀ, ਜਿਸ ਤੋਂ ਬਾਅਦ ਰਾਜਪਾਲ ਨੇ ਉਨ੍ਹਾਂ ਨੂੰ ਮੁਲਾਕਾਤ ਲਈ ਅੱਜ ਸ਼ਾਮ 4 ਵਜੇ ਦਾ ਸਮਾਂ ਦਿੱਤਾ ਹੈ। ਕੈਪਟਨ ਨੇ ਸਦਨ ਦੇ ਸਾਰੇ ਮੈਂਬਰਾਂ ਦਾ ਉਨ੍ਹਾਂ ਦੇ ਨਾਲ ਚੱਲਣ ਦੀ ਸਾਥ ਮੰਗਿਆ ਹੈ। ਦੱਸ ਦਈਏ ਕਿ ਰਾਜਪਾਲ ਨਾਲ ਮੀਟਿੰਗ ਕਰਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪ੍ਰੈਸ ਕਾਨਫਰੰਸ ਵੀ ਕਰਨਗੇ।

ਜ਼ਿਕਰਯੋਗ ਹੈ ਕਿ ਪੰਜਾਬ ਸੰਸਦੀ ਮਾਮਲਿਆਂ ਬਾਰੇ ਮੰਤਰੀ ਬ੍ਰਹਮ ਮੋਹਿੰਦਰਾ ਨੇ ਵਿਧਾਨ ਸਭਾ ਦਾ ਇਜਲਾਸ ਬੁੱਧਵਾਰ ਤੱਕ ਅੱਗੇ ਵਧਾਉਣ ਬਾਰੇ ਪ੍ਰਸਤਾਵ ਦਿੱਤਾ ਹੈ। ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਨੇ ਕਿਹਾ ਹੈ ਕਿ ਜੇ ਲੋੜ ਪਈ ਤਾਂ ਸੈਸ਼ਨ ਅੱਗੇ ਵਧਾਇਆ ਜਾਵੇਗਾ।