ਵਿਜੈ ਇੰਦਰ ਸਿੰਗਲਾ ਨੇ ਮ੍ਰਿਤਕ ਜਗਮੇਲ ਸਿੰਘ ਦੇ ਪਰਵਾਰ ਨੂੰ 6 ਲੱਖ ਰੁਪਏ ਦਾ ਚੈੱਕ ਦਿਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਹ ਅਣਮਨੁੱਖੀ ਅਤੇ ਜ਼ਾਲਮਾਨਾ ਘਟਨਾ : ਬੀਬੀ ਭੱਠਲ

Vijay Inder Singla gives Rs 6 lakh check to Jagmeel Singh's family

ਸੰਗਰੂਰ/ਲਹਿਰਾਗਾਗਾ  (ਗੁਰਦਰਸ਼ਨ ਸਿੰਘ ਸਿੱਧੂ, ਖੁਸ਼ਵਿੰਦਰ ਸ਼ਰਮਾ) : ਪੰਜਾਬ ਸਰਕਾਰ ਵਲੋਂ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਦਲਿਤ ਨੌਜਵਾਨ ਜਗਮੇਲ ਸਿੰਘ ਦੇ ਪਰਵਾਰਕ ਮੈਂਬਰਾਂ ਨੂੰ ਬੀਤੀ ਸ਼ਾਮ ਵਿੱਤੀ ਸਹਾਇਤਾ ਮੁਹਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਵਲੋਂ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਇਸ ਚੇਅਰਪਰਸਨ ਬੀਬੀ ਰਜਿੰਦਰ ਕੌਰ ਭੱਠਲ ਅਤੇ ਜ਼ਿਲ੍ਹੇ ਦੇ ਉਚ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਪਿੰਡ ਚੰਗਾਲੀਵਾਲਾ ਵਿਖੇ ਪਹੁੰਚ ਕੇ ਮ੍ਰਿਤਕ ਜਗਮੇਲ ਸਿੰਘ ਦੇ ਮਾਤਾ ਭਗਵਾਨ ਕੌਰ, ਪਤਨੀ ਮਨਜੀਤ ਕੌਰ ਸਮੇਤ ਹੋਰ ਪਰਵਾਰਕ ਮੈਂਬਰਾਂ ਨੂੰ 6 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ।

ਇਸ ਮੌਕੇ ਉਨ੍ਹਾਂ ਦਸਿਆ ਕਿ ਸਰਕਾਰ ਦੀ ਤਰਫ਼ੋਂ ਬਕਾਇਆ 14 ਲੱਖ ਰੁਪਏ ਮ੍ਰਿਤਕ ਦੇ ਭੋਗ ਵਾਲੇ ਦਿਨ ਪੀੜਤ ਪਰਵਾਰ ਨੂੰ ਦਿਤੇ ਜਾਣਗੇ ਅਤੇ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਸਿੰਗਲਾ ਨੇ ਪੀੜਤ ਪਰਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਦੁੱਖ ਦੀ ਇਸ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਪੀੜ੍ਹਤ ਪਰਿਵਾਰ ਨੂੰ ਬਣਦਾ ਮੁਆਵਜ਼ਾ ਦੇਣ ਦੇ ਨਾਲ-ਨਾਲ ਕੀਤੇ ਗਏ ਹੋਰ ਵਾਅਦੇ ਵੀ ਸਮੇਂ ਸਿਰ ਪੂਰੇ ਕੀਤੇ ਜਾਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਸੱਤ ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕਰਕੇ ਇਸ ਦੁਖਾਂਤਕ ਘਟਨਾ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਣਦੀ ਸਜ਼ਾ ਦਿਵਾਉਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਇਹ ਵੀ ਦਸਿਆ ਕਿ ਮ੍ਰਿਤਕ ਦੀ ਪਤਨੀ ਨੂੰ ਸਰਕਾਰੀ ਨੌਕਰੀ ਦਿਤੀ ਜਾਵੇਗੀ ਅਤੇ ਬੱਚਿਆਂ ਦੀ ਪੜ੍ਹਾਈ ਦਾ ਖ਼ਰਚਾ ਵੀ ਸਰਕਾਰ ਵਲੋਂ ਹੀ ਕੀਤਾ ਜਾਵੇਗਾ। ਉਨ੍ਹਾਂ ਦਸਿਆ ਕਿ ਪਰਵਾਰ ਨੂੰ ਸਵਾ ਲੱਖ ਰੁਪਏ ਮਕਾਨ ਦੀ ਮੁਰੰਮਤ ਲਈ ਵੀ ਦਿਤੇ ਜਾਣਗੇ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਇਹ ਇਕ ਅਣਮਨੁੱਖੀ ਅਤੇ ਜ਼ਾਲਮਾਨਾ ਘਟਨਾ ਹੈ ਅਤੇ ਪੀੜ੍ਹ੍ਹਤ ਪਰਵਾਰ ਨੂੰ ਇਨਸਾਫ਼ ਦਿਵਾਉਣ ਲਈ ਸਰਕਾਰ ਵਚਨਬੱਧ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਐਸ.ਐਸ.ਪੀ ਸੰਦੀਪ ਗਰਗ, ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਰਜਿੰਦਰ ਸਿੰਘ ਰਾਜਾ, ਐਸ.ਡੀ.ਐਮ ਕਾਲਾਰਾਮ ਕਾਂਸਲ, ਐਸ. ਪੀ. ਗੁਰਮੀਤ ਸਿੰਘ, ਡੀ.ਐਸ.ਪੀ ਬੂਟਾ ਸਿੰਘ, ਅਤੇ ਵਿਲੀਅਮਜੀਤ ਸਿੰਘ ਜੇਜੀ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।