ਕੱਲ੍ਹ ਕਿਸਾਨਾਂ ਨਾਲ ਮੁਲਾਕਾਤ ਕਰਨਗੇ ਕੈਪਟਨ, ਪ੍ਰਧਾਨ ਮੰਤਰੀ ਤੋਂ ਵੀ ਮੰਗਿਆ ਮੁਲਾਕਾਤ ਦਾ ਸਮਾਂ
ਕਿਸਾਨਾਂ ਨੇ 26-27 ਨਵੰਬਰ ਨੂੰ ਦਿੱਲੀ ਕੂਚ ਦਾ ਕੀਤਾ ਹੈ ਐਲਾਨ
ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਗੁੱਸਾ ਜਾਂਦਾ ਦਿਖਾਈ ਨਹੀਂ ਦੇ ਰਿਹਾ। ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਵੱਖ-ਵੱਖ ਕਿਸਾਨ ਜੱਥੇਬੰਦੀਆਂ ਹਰ ਰੋਜ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਇਸ ਧਰਨੇ ਦੀ ਹਮਾਇਤ ਕਰਨ ਦੀ ਅਪੀਲ ਕਰ ਰਹੀਆਂ ਹਨ। ਸੂਬੇ ਦੀ ਇਸ ਸਥਿਤੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਰੇਲ ਨਾਕਾਬੰਦੀ ਖ਼ਤਮ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ ਹੈ।
ਹਾਲਾਂਕਿ ਪ੍ਰਧਾਨ ਮੰਤਰੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੁਆਰਾ ਵੱਖ-ਵੱਖ ਕਿਸਾਨ ਸੰਗਠਨਾਂ ਨਾਲ ਕੱਲ੍ਹ ਮੁਲਾਕਾਤ ਕੀਤੀ ਜਾਵੇਗੀ। ਇਹ ਬੈਠਕ ਕੱਲ੍ਹ ਡੇਢ ਵਜੇ ਦੇ ਕਰੀਬ ਸ਼ੁਰੂ ਹੋਵੇਗੀ। ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਨ ਦਾ ਵੀ ਸਮਾਂ ਮੰਗਿਆ ਹੈ।
ਮੁੱਖ ਮੰਤਰੀ ਦਾ ਕਹਿਣਾ ਹੈ ਕਿ ਉਹ ਛੇਤੀ ਹੀ ਇਸ ਮੁੱਦੇ ਉਤੇ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਕਰਨ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਕਿਉਂਕਿ ਮੌਜੂਦਾ ਸਥਿਤੀ ਨਾਲ ਸੂਬੇ ਦੇ ਖਜਾਨੇ ਨੂੰ ਵੱਡਾ ਘਾਟਾ ਪੈਣ ਦੇ ਨਾਲ-ਨਾਲ ਉਦਯੋਗ ਅਤੇ ਖੇਤੀਬਾੜੀ ਨੂੰ ਨੁਕਸਾਨ ਹੋ ਰਿਹਾ ਹੈ। ਉਹਨਾਂ ਕਿਹਾ ਕਿ ਉਹ ਦੋਵਾਂ ਧਿਰਾਂ ਨੂੰ ਸਮੱਸਿਆ ਦਾ ਸੁਖਾਵਾਂ ਹੱਲ ਲੱਭਣ ਲਈ ਸਰਗਰਮ ਕਦਮ ਚੁੱਕਣ ਦੀ ਅਪੀਲ ਕਰਨਗੇ।