ਕੇਂਦਰ ਨੇ ਬਿਕਰਮ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲਈ ਵਾਪਸ
ਪੰਜਾਬ ਸਰਕਾਰ ਨੇ ਮਜੀਠੀਆ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਕੀਤਾ ਫੈਸਲਾ
ਚੰਡੀਗੜ੍ਹ - ਭਾਜਪਾ ਤੋਂ ਵੱਖ ਹੋਏ ਸ਼੍ਰੋਮਣੀ ਅਕਾਲੀ ਦਲ ਨੂੰ ਕੇਂਦਰ ਸਰਕਾਰ ਨੇ ਵੱਡਾ ਝਟਕਾ ਦਿੱਤਾ ਹੈ। ਦਰਅਸਲ ਕੇਂਦਰ ਸਰਕਾਰ ਨੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਵਾਪਸ ਲੈ ਲਈ ਹੈ। ਕੇਂਦਰ ਵੱਲੋਂ ਭੇਜੇ ਇੱਕ ਪੱਤਰ ਤੋਂ ਬਾਅਦ, ਪੰਜਾਬ ਸਰਕਾਰ ਨੇ ਹੁਣ ਮਜੀਠੀਆ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਦਾ ਫੈਸਲਾ ਕੀਤਾ ਹੈ ਕਿ ਉਨ੍ਹਾਂ ਨੂੰ ਕਿਸ ਕਿਸਮ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ।
ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਨੂੰ ਰਾਜਨੀਤਿਕ ਬਦਲਾਖੋਰੀ ਦੀ ਕਾਰਵਾਈ ਦੱਸਿਆ ਹੈ। ਮਜੀਠੀਆ ਨੂੰ ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੀ ਬੇਨਤੀ 'ਤੇ ਕੇਂਦਰ ਸਰਕਾਰ ਤੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਮਜੀਠੀਆ ਨੂੰ ਗੈਂਗਸਟਰਾਂ ਅਤੇ ਵਿਦੇਸ਼ਾਂ ਵਿਚ ਛੁਪੇ ਅਰਾਜਕ ਤੱਤਾਂ ਵੱਲੋਂ ਲਗਾਤਾਰ ਧਮਕੀ ਦਿੱਤੀ ਜਾਂਦੀ ਸੀ
ਅਤੇ ਅਕਾਲੀ-ਭਾਜਪਾ ਸਰਕਾਰ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੀ ਮੰਗ ਕੀਤੀ। ਇਸ ਸੁਰੱਖਿਆ ਤਹਿਤ ਮਜੀਠੀਆ ਨੂੰ 30-40 ਸੀਆਈਐਸਐਫ ਦੇ ਜਵਾਨ ਅਤੇ ਦੋ ਐਸਕਾਰਟ ਵਾਹਨ ਦਿੱਤੇ ਗਏ ਸਨ ਪਰ ਕੇਂਦਰ ਦੇ ਨਵੇਂ ਆਦੇਸ਼ ਤੋਂ ਬਾਅਦ ਇਹ ਸਾਰੀ ਸੁਰੱਖਿਆ ਵਾਪਸ ਲੈ ਲਈ ਗਈ ਹੈ। ਹੁਣ ਮਜੀਠੀਆ ਦੀ ਸੁਰੱਖਿਆ ਸਿਰਫ ਪੰਜਾਬ ਪੁਲਿਸ ਦੇ ਅਧੀਨ ਹੈ।