ਕਾਲੇ ਕਾਨੂੰਨਾਂ ਨੂੰ ਰੱਦ ਕਰਨਾ ਸਹੀ ਫ਼ੈਸਲਾ ਪਰ MSP ਵੱਡਾ ਮੁੱਦਾ : ਨਵਜੋਤ ਸਿੱਧੂ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਇਤਿਹਾਸਕ ਸਫ਼ਲਤਾ ਮਿਲੀ ਹੈ, ਤੁਹਾਡੀ ਕੁਰਬਾਨੀ ਰੰਗ ਲਿਆਈ ਹੈ।

Navjot Singh Sidhu

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ਨੂੰ ‘ਸਹੀ ਦਿਸ਼ਾ ਵੱਲ ਕਦਮ’ ਕਰਾਰ ਦਿਤਾ ਹੈ। ਉਨ੍ਹਾਂ ਇਹ ਵੀ ਕਿਹਾ, ''ਕਿਸਾਨਾਂ ਦੀ ਕੁਰਬਾਨੀ ਰੰਗ ਲਿਆਈ ਹੈ।''

ਸਿੱਧੂ ਨੇ ਕਿਹਾ, ''ਕਾਲੇ ਕਾਨੂੰਨਾਂ ਨੂੰ ਖ਼ਤਮ ਕਰਨਾ ਸਹੀ ਦਿਸ਼ਾ ਵੱਲ ਕਦਮ ਹੈ। ਕਿਸਾਨ ਮੋਰਚੇ ਦੇ ਸੱਤਿਆਗ੍ਰਹਿ ਨੂੰ ਇਤਿਹਾਸਕ ਸਫ਼ਲਤਾ ਮਿਲੀ ਹੈ,ਤੁਹਾਡੀ ਕੁਰਬਾਨੀ ਰੰਗ ਲਿਆਈ ਹੈ।'' ਪੰਜਾਬ ਵਿਚ ਖੇਤੀ ਸੈਕਟਰ ਨੂੰ ਮੁੜ ਸੁਰਜੀਤ ਕਰਨ ਲਈ ਰੋਡਮੈਪ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੋਣੀ ਚਾਹੀਦੀ ਹੈ.. ਵਧਾਈ ਹੋਵੇ।   

ਬਾਅਦ ਵਿਚ ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ (MSP) ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ। ਉਨ੍ਹਾਂ ਟਵੀਟ ਕੀਤਾ, ''ਐੱਮਐੱਸਪੀ ਖੇਤੀ ਕਾਨੂੰਨਾਂ ਨਾਲੋਂ ਵੱਡਾ ਮੁੱਦਾ ਹੈ, ਇਹ ਭਾਰਤੀ ਕਿਸਾਨਾਂ ਦੀ ਜੀਵਨ ਰੇਖਾ ਹੈ।'' ਜੇਕਰ ਕੇਂਦਰ ਸਰਕਾਰ ਸੱਚਮੁੱਚ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਜਾਂ ਸਵਾਮੀਨਾਥਨ ਰਿਪੋਰਟ ਦੇ C2 ਫਾਰਮੂਲੇ ਨੂੰ ਅਪਣਾਉਣ ਦਾ ਆਪਣਾ ਵਾਅਦਾ ਪੂਰਾ ਕਰਨਾ ਚਾਹੁੰਦੀ ਹੈ, ਤਾਂ ਅਜਿਹਾ ਕਰਨਾ ਚਾਹੀਦਾ ਹੈ। ਮੰਗ ਪ੍ਰਵਾਨ ਕੀਤੀ ਜਾਵੇ।

ਇਸ ਤੋਂ ਪਹਿਲਾਂ, ਰਾਸ਼ਟਰ ਨੂੰ ਆਪਣੇ ਸੰਬੋਧਨ ਵਿਚ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੰਸਦ ਦੇ ਆਗਾਮੀ ਸੈਸ਼ਨ ਵਿਚ ਇਸ ਲਈ ਢੁਕਵੇਂ ਉਪਾਅ ਕੀਤੇ ਜਾਣਗੇ। ਦੱਸਣਯੋਗ ਹੈ ਕਿ ਇਨ੍ਹਾਂ ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਨਵੰਬਰ 2020 ਤੋਂ ਸੈਂਕੜੇ ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਧਰਨੇ 'ਤੇ ਬੈਠੇ ਸਨ।