ਜ਼ੀਰਾ ਸ਼ਰਾਬ ਫੈਕਟਰੀ ਧਰਨੇ 'ਚ ਕਿਸਾਨਾਂ ਨੇ ਭੰਨੀਆਂ ਗੱਡੀਆਂ! ਪੁਲਿਸ ਨੇ ਵਰ੍ਹਾਈਆਂ ਡਾਂਗਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਦ ਮਿੰਟਾਂ 'ਚ ਮਾਹੌਲ ਹੋਇਆ ਤਣਾਅਪੂਰਨ 

zira factory protest

ਜ਼ੀਰਾ: ਜ਼ਿਲ੍ਹਾ ਫਿਰੋਜ਼ਪੁਰ ਅਧੀਨ ਪੈਂਦੇ ਪਿੰਡ ਮਨਸੂਰਵਾਲ ਕਲਾਂ 'ਚ ਲੱਗੀ ਇੱਕ ਸ਼ਰਾਬ ਫੈਕਟਰੀ ਲੋਕਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਕਾਰਨ ਚਰਚਾ ਵਿੱਚ ਹੈ।ਤਹਿਸੀਲ ਜ਼ੀਰਾ ਨਾਲ ਸਬੰਧਤ ਕਰੀਬ 40 ਪਿੰਡਾਂ ਦੇ ਲੋਕਾਂ ਤੋਂ ਇਲਾਵਾ ਵੱਖ-ਵੱਖ ਕਿਸਾਨ ਸੰਗਠਨਾਂ ਦੇ ਕਾਰਕੁੰਨ ਇਸ ਗੱਲ 'ਤੇ ਅੜੇ ਹੋਏ ਹਨ ਕਿ ਸ਼ਰਾਬ ਫੈਕਟਰੀ ਨੂੰ ਬੰਦ ਕੀਤਾ ਜਾਵੇ। ਇਸ ਦੇ ਚਲਦਿਆਂ ਹੀ ਕਿਸਾਨ ਲਗਾਤਾਰ ਧਰਨੇ 'ਤੇ ਡਟੇ ਹੋਏ ਹਨ ਅਤੇ ਅੱਜ ਇਥੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਸ਼ਰਾਬ ਫ਼ੈਕਟਰੀ ਤੋਂ ਧਰਨਾ ਚੁੱਕਣ ਲਈ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਕੀਤੇ ਗਏ ਲਾਠੀਚਾਰਜ ਕੀਤਾ ਗਿਆ ਜਿਸ 'ਤੇ ਭੜਕੀਆਂ ਕਿਸਾਨ ਜਥੇਬੰਦੀਆਂ ਤੇ ਪੁਲਿਸ ਅੱਜ ਮੁੜ ਆਹਮੋ-ਸਾਹਮਣੇ ਹੋ ਗਈਆਂ। 

ਪੁਲਿਸ ਨੇ ਨਾਕੇ ਤੋਂ ਦੂਰ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਕਿਸਾਨ ਅੱਗੇ ਵਧਣ ਲਈ ਅੜੇ ਰਹੇ। ਪੁਲਿਸ ਨੇ ਕਿਸਾਨਾਂ ਉਤੇ ਲਾਠੀਚਾਰਜ ਕੀਤਾ। ਇਸ ਦੇ ਉਲਟ ਕਿਸਾਨਾਂ ਨੇ ਵੀ ਪੁਲਿਸ ਉਤੇ ਡਾਂਗਾਂ ਵਰ੍ਹਾਈਆਂ। ਦੱਸਿਆ ਜਾ ਰਿਹਾ ਹੈ ਕਿ ਕਿਸਾਨਾਂ ਵਲੋਂ ਉਥੇ ਗੱਡੀਆਂ ਦੀ ਵੀ ਭੰਨਤੋੜ ਕੀਤੀ ਗਈ। ਇਸ ਕਾਰਨ ਇਥੇ ਸਥਿਤੀ ਕਾਫੀ ਤਣਾਅਪੂਰਨ ਬਣ ਗਈ ਹੈ। ਦੱਸਣਯੋਗ ਹੈ ਕਿ ਜ਼ੀਰਾ ਤੋਂ ਲਗਭਗ 12 ਕਿਲੋਮੀਟਰ ਦੂਰ ਸੰਯੁਕਤ ਕਿਸਾਨ ਮੋਰਚੇ ਦੀ ਇਕੱਤਰਤਾ ਚੱਲ ਰਹੀ ਹੈ। ਪੁਲਿਸ ਦੀ ਧੱਕੇਸ਼ਾਹੀ ਵਿਰੁੱਧ ਦੋ ਧੜਿਆਂ ਵਿਚ ਵੰਡਿਆ ਗਿਆ ਸੰਯੁਕਤ ਕਿਸਾਨ ਮੋਰਚਾ ਇਕਜੁਟ ਹੋ ਗਏ ਹਨ। ਅੱਜ ਗ਼ੈਰਸਿਆਸੀ ਕਿਸਾਨ ਮੋਰਚੇ ਨੇ ਵੀ ਜ਼ੀਰਾ ਪ੍ਰਦਰਸ਼ਨਕਾਰੀਆਂ ਦੀ ਹਮਾਇਤ ਕੀਤੀ।

ਕਿਸਾਨ ਆਗੂਆਂ ਨੇ ਅੱਗੇ ਕਿਹਾ ਕਿ ਸਾਂਝਾ ਮੋਰਚਾ ਜ਼ੀਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਸਮੇਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵਿੱਚ ਸ਼ਾਮਲ ਸਾਰੇ ਕਿਸਾਨ ਆਗੂ ਪਹੁੰਚਣਗੇ। ਜਾਣਕਾਰੀ ਅਨੁਸਾਰ ਅੱਜ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਵੇਗੀ ਜਿਸ ਵਿਚ ਕਈ ਅਹਿਮ ਫੈਸਲੇ ਲਏ ਜਾਣਗੇ। ਦੱਸ ਦੇਈਏ ਕਿ ਕਰੀਬ 5 ਮਹੀਨੇ ਤੋਂ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਵਲੋਂ ਇਹ ਸ਼ਰਾਬ ਫੈਕਟਰੀ ਬੰਦ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ।