ਨੌਕਰ ’ਤੇ ਨਬਾਲਗ ਲੜਕੀ ਨਾਲ ਜ਼ਬਰਦਸਤੀ ਕਰਨ ਦਾ ਦੋਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੜਕੀ ਨੇ ਜ਼ਹਿਰੀਲੀ ਚੀਜ਼ ਪੀ ਕੇ ਜੀਵਨ ਲੀਲਾ ਕੀਤੀ ਸਮਾਪਤ

Servant accused of raping minor girl

ਫਿਰੋਜ਼ਪੁਰ: ਫਿਰੋਜ਼ਪੁਰ ਦੇ ਹਲਕਾ ਗੁਰੂਹਰਸਹਾਏ ਵਿੱਚ ਇੱਕ ਨਾਬਾਲਿਗ ਲੜਕੀ ਨਾਲ ਨੌਕਰ ਵੱਲੋਂ ਜਬਰਦਸਤੀ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸਤੋਂ ਬਾਅਦ ਲੜਕੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਜਿਥੇ ਇਲਾਜ ਦੌਰਾਨ ਲੜਕੀ ਦੀ ਮੌਤ ਹੋ ਗਈ। ਪੁਲਿਸ ਨੇ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ ‘ਤੇ ਇੱਕ ਨੌਜਵਾਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਅਤੇ POCSO ਐਕਟ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਪੀੜਤਾ ਦੇ ਪਿਤਾ ਨੇ ਦੱਸਿਆ ਕਿ 14 ਦਸੰਬਰ 2025 ਨੂੰ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਪੂਰਾ ਪਰਿਵਾਰ ਵੋਟ ਪਾਉਣ ਲਈ ਪਿੰਡ ਗੱਟੀ ਅਜਾਇਬ ਸਿੰਘ ਵਾਲੀ ਗਿਆ ਹੋਇਆ ਸੀ। ਸ਼ਾਮ ਕਰੀਬ 4 ਵਜੇ ਜਦੋਂ ਉਹ ਘਰ ਵਾਪਸ ਆਏ ਤਾਂ ਉਨ੍ਹਾਂ ਦੀ ਨਾਬਾਲਿਗ ਲੜਕੀ ਘਰ ਮੌਜੂਦ ਨਹੀਂ ਸੀ। ਤਲਾਸ਼ ਦੌਰਾਨ ਘਰ ਦੇ ਗੋਦਾਮ ਵਿੱਚ ਚੀਕਾਂ ਦੀ ਆਵਾਜ਼ ਸੁਣਾਈ ਦਿੱਤੀ ਜਦ ਉਹ ਮੌਕੇ ਤੇ ਪਹੰਚੇ ਤਾਂ, ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ।

ਪਰਿਵਾਰਕ ਮੈਂਬਰਾਂ ਅਨੁਸਾਰ, ਇਸ ਘਟਨਾ ਤੋਂ ਮਾਨਸਿਕ ਤੌਰ ‘ਤੇ ਪਰੇਸ਼ਾਨ ਲੜਕੀ ਨੇ ਉਸੇ ਰਾਤ ਖੇਤਾਂ ਤੋਂ ਕੋਈ ਜ਼ਹਿਰੀਲਾ ਪਦਾਰਥ ਸੇਵਨ ਕਰ ਲਿਆ। ਹਾਲਤ ਖ਼ਰਾਬ ਹੋਣ ‘ਤੇ ਪਰਿਵਾਰ ਨੇ ਪਹਿਲਾਂ ਉਸ ਨੂੰ ਜਲਾਲਾਬਾਦ ਦੇ ਗੁਰੂ ਨਾਨਕ ਹਸਪਤਾਲ ਲਿਜਾਇਆ ਗਿਆ। ਜਿੱਥੋਂ ਡਾਕਟਰਾਂ ਨੇ ਬਿਹਤਰ ਇਲਾਜ ਲਈ ਉਸ ਨੂੰ ਰੈਫਰ ਕਰ ਦਿੱਤਾ। ਬਾਅਦ ਵਿੱਚ ਲੜਕੀ ਨੂੰ ਬਠਿੰਡਾ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ 16 ਦਸੰਬਰ 2025 ਦੀ ਸ਼ਾਮ ਉਸ ਦੀ ਮੌਤ ਹੋ ਗਈ।

ਲੜਕੀ ਦੀ ਮੌਤ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਹਸਪਤਾਲ ਪਹੁੰਚੀ ਅਤੇ ਪਿਤਾ ਦੇ ਬਿਆਨ ਦਰਜ ਕੀਤੇ। ਜਾਂਚ ਦੌਰਾਨ ਪੁਲਿਸ ਨੇ ਪਿੰਡ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਵਾਸੀ ਰਿੰਕੂ ਸਿੰਘ ਉਰਫ਼ ਸਾਜਨ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 65, 108 ਅਤੇ POCSO ਐਕਟ 2012 ਦੀ ਧਾਰਾ 4 ਤਹਿਤ FIR ਨੰਬਰ 1182 ਦਰਜ ਕੀਤੀ ਹੈ।

ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ੀ ਦੀ ਗ੍ਰਿਫ਼ਤਾਰੀ ਤੱਕ ਲੜਕੀ ਦਾ ਅੰਤਿਮ ਸੰਸਕਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜੇਕਰ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਫਿਰੋਜ਼ਪੁਰ–ਫਾਜ਼ਿਲਕਾ ਰੋਡ ‘ਤੇ ਲਾਸ਼ ਰੱਖ ਕੇ ਪੁਲਿਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨਗੇ।

ਇਸ ਮਾਮਲੇ ‘ਚ ਡੀਐਸਪੀ ਰਾਜਵੀਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਸਾਰੇ ਤੱਥਾਂ ਅਤੇ ਸਬੂਤਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਰੇਡਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਲਦ ਹੀ ਦੋਸ਼ੀ ਨੂੰ ਜਲਦ ਹੀ ਗਿਰਫਤਾਰ ਕਰ ਲਿਆ ਜਾਵੇਗਾ।