ਅੰਮ੍ਰਿਤਸਰ ਦੇ ਨਾਮੀ ਕਾਲਜ ਦੇ ਵਿਦਿਆਰਥੀ ਕੋਲੋਂ 275 ਗ੍ਰਾਮ ਹੈਰੋਇਨ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਕੀਤਾ ਜਾਵੇਗਾ ਰਿਮਾਂਡ ਹਾਸਲ- ਖੁਸ਼ਬੂ ਸ਼ਰਮਾ

275 grams of heroin recovered from a student of a famous college in Amritsar

 

ਅੰਮ੍ਰਿਤਸਰ - ਅੰਮ੍ਰਿਤਸਰ ਦੀ ਪੁਲਿਸ ਨੇ ਹੈਰੋਇਨ ਤਸਕਰੀ ਦੇ ਮਾਮਲੇ ਦੇ ਵਿੱਚ ਮਾਮਾ ਭਾਣਜੇ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਉਹਨਾਂ ਕੋਲੋਂ 275 ਗ੍ਰਾਮ ਹੈਰੋਇਨ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਹੈ। ਪੱਤਰਕਾਰਾਂ ਦੇ ਨਾਲ ਜਾਣਕਾਰੀ ਸਾਂਝੀ ਕਰਦੇ ਹੋਏ ਥਾਣਾ ਇੰਚਾਰਜ ਖੁਸ਼ਬੂ ਸ਼ਰਮਾ ਨੇ ਦੱਸਿਆ ਕਿ ਭਗਵਾਨ ਵਾਲਮੀਕਿ ਦੀ ਮੂਰਤੀ ਦੇ ਕੋਲ ਨਾਕਾਬੰਦੀ ਦੌਰਾਨ ਅਰਸ਼ਦੀਪ ਸਿੰਘ ਅਰਸ਼ੀ ਅਤੇ ਹਰਜਿੰਦਰ ਸਿੰਘ ਕਾਲਾ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਇਹਨਾਂ ਦੇ ਕੋਲੋਂ 275 ਗਰਾਮ ਹੈਰੋਇਨ ਇਕ ਮੋਟਰ ਸਾਈਕਲ ਅਤੇ ਇਕ ਕੰਡਾ ਵੀ ਬਰਾਮਦ ਕੀਤਾ ਗਿਆ ਹੈ। ਖੁਸ਼ਬੂ ਸ਼ਰਮਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਅਰਸ਼ਦੀਪ ਸਿੰਘ ਅਰਸ਼ੀ ਅੰਮ੍ਰਿਤਸਰ ਦੇ ਨਾਮੀ ਕਾਲਜ ਦਾ ਵਿਦਿਆਰਥੀ ਹੈ ਜੋ ਕਿ ਆਪਣੇ ਮਾਮੇ ਨਾਲ ਰਲ ਕੇ ਹੈਰੋਇਨ ਦੀ ਤਸਕਰੀ ਕਰਦਾ ਸੀ। 

ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਕਈ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਵਿਦਿਆਰਥੀ ਸਿਰਫ ਬਾਹਰ ਹੀ ਸਪਲਾਈ ਕਰਦਾ ਸੀ ਜਾਂ ਫਿਰ ਕਾਲਜ ਦੇ ਵਿਦਿਆਰਥੀਆਂ ਨੂੰ ਵੀ ਹੈਰੋਇਨ ਸਪਲਾਈ ਕਰਿਆ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਖਾਲਸਾ ਕਾਲਜ ਦੇ ਇਕ ਵਿਦਿਆਰਥੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਉਕਤ ਦੋਹਾਂ ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹਨਾਂ ਤੋਂ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਉਂਦੇ ਹਨ ਅਤੇ ਕਿੱਥੇ-ਕਿੱਥੇ ਸਪਲਾਈ ਕਰਦੇ ਹਨ।