Sri Akal Takht Sahib ਦੇ ਕਾਰਜਕਾਰੀ ਜਥੇਦਾਰ ਗੜਗੱਜ ਵੱਲੋਂ ਜਲੰਧਰ ਬੇਅਦਬੀ ਘਟਨਾ ਦੀ ਜਾਂਚ ਦੇ ਹੁਕਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘਟਨਾ ਦੀ ਨਿਰਪੱਖ ਜਾਂਚ ਕਰਨ ਦਾ ਦਿੱਤਾ ਹੁਕਮ

Acting Jathedar of Sri Akal Takht Sahib Gargaj orders inquiry into Jalandhar sacrilege incident

ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਜਲੰਧਰ ਜ਼ਿਲ੍ਹੇ ਦੇ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ ਪਾੜ ਕੇ ਕੀਤੀ ਗਈ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਾਡੇ ਜਾਗਤ ਜੋਤ ਗੁਰੂ ਹਨ, ਜਿਨ੍ਹਾਂ ਕਰਕੇ ਸਾਡੀ ਹੋਂਦ ਹੈ, ਇਸ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲ ਸਾਨੂੰ ਕਿਸੇ ਤਰ੍ਹਾਂ ਦਾ ਵੀ ਸਮਝੌਤਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਗੁਰਦੁਆਰਾ ਸਾਹਿਬ ਅੰਦਰ ਹਰ ਸਮੇਂ ਪਹਿਰੇਦਾਰੀ, ਗੁਰੂ ਘਰ ਦੇ ਪ੍ਰਬੰਧ ਪੁਖਤਾ ਅਤੇ ਸੁਰੱਖਿਅਤ ਬਣਾਉਣ ਵਿੱਚ ਸਾਨੂੰ ਆਪਣੀ ਜਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ ਉੱਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਾਂ ਵਿੱਚ ਅਜੇ ਵੀ ਢਿਲਾਈ ਵਰਤੀ ਜਾ ਰਹੀ ਹੈ, ਜੋ ਦਰਸਾਉਂਦਾ ਹੈ ਕਿ ਪ੍ਰਬੰਧਕਾਂ ਲਈ ਗੁਰੂ ਸਾਹਿਬ ਜੀ ਦੇ ਮਾਣ ਸਤਿਕਾਰ ਨਾਲੋਂ ਵਧੇਰੇ ਜ਼ਰੂਰੀ ਆਪਣੀ ਚੌਧਰ ਹੈ। ਉਨ੍ਹਾਂ ਸਿੱਖ ਸੰਗਤ ਨੂੰ ਤਾਕੀਦ ਕੀਤੀ ਕਿ ਆਪੋ-ਆਪਣੇ ਗੁਰਦੁਆਰਾ ਸਾਹਿਬਾਨ ਵਿਖੇ ਹਰ ਸਮੇਂ ਪਹਿਰੇਦਾਰੀ, ਚੱਲਦੀ ਹਾਲਤ ਵਿੱਚ ਕੈਮਰਿਆਂ ਦਾ ਪ੍ਰਬੰਧ ਯਕੀਨੀ ਬਣਾਉਣ।

ਪ੍ਰਾਪਤ ਮੁੱਢਲੀ ਜਾਣਕਾਰੀ ਅਨੁਸਾਰ ਬੀਤੇ ਕੱਲ੍ਹ ਸੰਧਿਆ ਵੇਲੇ ਸ਼ਰਾਰਤੀ ਅਨਸਰਾਂ ਵੱਲੋਂ ਮਾਹਲ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਇੱਕ ਬੱਚੇ ਵੱਲੋਂ ਗੁਰੂ ਸਾਹਿਬ ਜੀ ਦੇ ਪਾਵਨ ਅੰਗਾਂ ਦੀ ਬੇਅਦਬੀ ਕਰਵਾ ਕੇ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਗਈ ਹੈ, ਜਿਸ ਨਾਲ ਸੰਗਤਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। 
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਇਲਾਕੇ ਦੇ ਮੈਂਬਰਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਸਮੁੱਚੀ ਘਟਨਾ ਦੀ ਨਿਰਪੱਖ ਜਾਂਚ ਯਕੀਨੀ ਬਣਾਉਣ ਲਈ ਆਖਿਆ ਹੈ। ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਨੂੰ ਆਦੇਸ਼ ਕੀਤਾ ਗਿਆ ਹੈ ਕਿ ਉਹ ਤਖ਼ਤ ਸਾਹਿਬ ਤੋਂ ਇੱਕ ਟੀਮ ਅੱਜ ਹੀ ਲੈ ਕੇ ਘਟਨਾ ਵਾਲੇ ਸਥਾਨ ਉੱਤੇ ਪਹੁੰਚਣ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਅਤੇ ਬੇਅਦਬੀ ਸਬੰਧੀ ਰਿਪੋਰਟ ਭੇਜਣ। ਉਨ੍ਹਾਂ ਕਿਹਾ ਕਿ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਵੀ ਘਟਨਾ ਵਾਲੀ ਥਾਂ ਉੱਤੇ ਪਹੁੰਚ ਕੇ ਸਮੁੱਚਾ ਜਾਇਜ਼ਾ ਲੈਣਗੇ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਸਰਕਾਰ ਨੂੰ ਇਹ ਬੇਅਦਬੀ ਕਰਵਾਉਣ ਵਾਲੇ ਸਾਜ਼ਸ਼ਘਾੜਿਆਂ ਅਤੇ ਮੁੱਖ ਦੋਸ਼ੀਆਂ ਦੀ ਪਛਾਣ ਜਲਦ ਹੀ ਨਸ਼ਰ ਕਰਨ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਹ ਜਾਣਕਾਰੀ ਵੀ ਪ੍ਰਾਪਤ ਹੋ ਰਹੀ ਹੈ ਕਿ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਹਦਾਇਤਾਂ ਮੁਤਾਬਕ ਪ੍ਰਬੰਧ ਪੁਖਤਾ ਨਹੀਂ ਹਨ ਅਤੇ ਜੇਕਰ ਅਜਿਹਾ ਪਾਇਆ ਜਾਂਦਾ ਹੈ ਤਾਂ ਇਸ ਮਾਮਲੇ ਵਿੱਚ ਪ੍ਰਬੰਧਕਾਂ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।