10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਹੌਲਦਾਰ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਨੇ ਫਿਰੋਜ਼ਪੁਰ ਜ਼ਿਲ੍ਹੇ ’ਚ ਕੀਤੀ ਕਾਰਵਾਈ

Constable caught red-handed while taking bribe of Rs 10,000

ਫਿਰੋਜ਼ਪੁਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਮਿਲੀ ਜਾਣਕਾਰੀ ਅਨੁਸਾਰ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ ਵਾਲਾ ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ ਉਸ ਮਾਮਲੇ ਵਿੱਚ ਸ਼ਿਕਾਇਤਕਰਤਾ ਦੀ ਮਦਦ ਕਰਨ ਅਤੇ ਉਸ ਦੇ ਭਰਾ ਨੂੰ ਕਿਸੇ ਹੋਰ ਮਾਮਲੇ ਵਿੱਚ ਨਾਮਜ਼ਦ ਨਾ ਕਰਨ ਦੇ ਬਦਲੇ ਇੱਕ ਲੱਖ ਰੁਪਏ ਦੀ ਰਿਸ਼ਵਤ ਮੰਗੀ।

ਇਸ ਸਬੰਧ ਵਿੱਚ ਮੁਲਜ਼ਮ ਹੌਲਦਾਰ ਨੇ ਸ਼ਿਕਾਇਤਕਰਤਾ ਤੋਂ 20,000 ਰੁਪਏ  ਰਿਸ਼ਵਤ ਦੀ ਰਕਮ ਪ੍ਰਾਪਤ ਕੀਤੀ ਅਤੇ ਬਾਕੀ ਰਹਿੰਦੀ ਰਕਮ ਦੀ ਮੰਗ ਕਰਦਾ ਰਿਹਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਕਰਦੇ ਹੋਏ ਮੁਲਜ਼ਮ ਹੌਲਦਾਰ ਦੀ ਗੱਲਬਾਤ ਰਿਕਾਰਡ ਕਰ ਲਈ ਸੀ। ਉਸ ਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।