ਮਿਸ਼ਨ ਪ੍ਰਹਾਰ ਤਹਿਤ ਖੰਨਾ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਨੇ ਕੀਤੀ ਤੌਬਾ
ਮੀਟ ਮਾਰਕੀਟ ਵਿੱਚ SSP ਡਾ. ਦਰਪਣ ਆਹਲੂਵਾਲੀਆ ਵੱਲੋਂ ਰੇਡ, 36 ਘੰਟਿਆਂ ਵਿੱਚ 170 ਅਪਰਾਧੀ ਹਿਰਾਸਤ ਵਿੱਚ
ਖੰਨਾ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਪ੍ਰਹਾਰ ਤਹਿਤ ਸੂਬੇ ਭਰ ਵਿੱਚ ਨਸ਼ੇ ਅਤੇ ਅਪਰਾਧ ਖ਼ਿਲਾਫ਼ ਲਗਾਤਾਰ ਸਖ਼ਤ ਪੁਲਿਸ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਿੱਚ ਪੁਲਿਸ ਜ਼ਿਲ੍ਹਾ ਖੰਨਾ ਨੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਨਸ਼ਾ ਤਸਕਰੀ ਲਈ ਬਦਨਾਮ ਮੀਟ ਮਾਰਕੀਟ ਇਲਾਕੇ ਵਿੱਚ ਖੰਨਾ ਦੇ ਐਸਐਸਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਹੇਠ ਭਾਰੀ ਪੁਲਿਸ ਫੋਰਸ ਨੇ ਅਚਾਨਕ ਰੇਡ ਕੀਤੀ।
ਰੇਡ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਕਈ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਕਾਰਵਾਈ ਦਾ ਸਭ ਤੋਂ ਭਾਵੁਕ ਦ੍ਰਿਸ਼ ਉਸ ਸਮੇਂ ਦੇਖਣ ਨੂੰ ਮਿਲਿਆ, ਜਦੋਂ ਇਲਾਕੇ ਵਿੱਚ ਮੌਜੂਦ ਵੱਡੀ ਗਿਣਤੀ ਵਿੱਚ ਔਰਤਾਂ ਨੇ ਹੱਥ ਬੰਨ ਕੇ ਪੁਲਿਸ ਸਾਹਮਣੇ ਨਸ਼ਾ ਵੇਚਣ ਅਤੇ ਨਸ਼ੇ ਦੀ ਵਰਤੋਂ ਤੋਂ ਤੌਬਾ ਕੀਤੀ। ਔਰਤਾਂ ਨੇ ਪੁਲਿਸ ਨੂੰ ਭਰੋਸਾ ਦਿਵਾਇਆ ਕਿ ਅੱਗੇ ਤੋਂ ਮੀਟ ਮਾਰਕੀਟ ਇਲਾਕੇ ਵਿੱਚ ਕਿਸੇ ਵੀ ਕਿਸਮ ਦੀ ਨਸ਼ਾ ਤਸਕਰੀ ਨਹੀਂ ਹੋਣ ਦਿੱਤੀ ਜਾਵੇਗੀ।
ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਮਿਸ਼ਨ ਪ੍ਰਹਾਰ ਦੇ ਪਿਛਲੇ 36 ਘੰਟਿਆਂ ਦੌਰਾਨ ਪੁਲਿਸ ਜ਼ਿਲ੍ਹਾ ਖੰਨਾ ਵਿੱਚ 170 ਅਪਰਾਧੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀ ਹੈ, ਜਦਕਿ ਕਈਆਂ ਕੋਲੋਂ ਨਜਾਇਜ਼ ਅਸਲੇ ਵੀ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਕਈ ਲੰਮੇ ਸਮੇਂ ਤੋਂ ਭਗੋੜੇ ਚੱਲ ਰਹੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ।
ਐਸਐਸਪੀ ਨੇ ਕਿਹਾ ਕਿ ਖੰਨਾ ਪੁਲਿਸ ਨਸ਼ੇ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਜਾਗਰੂਕਤਾ ਦਾ ਪਹਿਰਾ
ਮੀਟ ਮਾਰਕੀਟ ਵਿੱਚ ਚੈਕਿੰਗ ਦੌਰਾਨ ਐਸਐਸਪੀ ਡਾ. ਦਰਪਣ ਆਹਲੂਵਾਲੀਆ ਨੇ ਸਿਰਫ਼ ਸਖ਼ਤੀ ਹੀ ਨਹੀਂ, ਸਗੋਂ ਲੋਕਾਂ ਨੂੰ ਜਾਗਰੂਕ ਵੀ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਨੂੰ ਪੜ੍ਹਾਈ ਵੱਲ ਲਿਆਉਣ, ਨਸ਼ੇ ਦੀ ਦਲਦਲ ਵਿੱਚ ਨਾ ਧੱਕਿਆ ਜਾਵੇ ਅਤੇ ਨੌਜਵਾਨ ਪੀੜ੍ਹੀ ਦੀ ਜ਼ਿੰਦਗੀ ਬਰਬਾਦ ਹੋਣ ਤੋਂ ਬਚਾਈ ਜਾਵੇ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਲੋਕਾਂ ਨੂੰ ਮੁੱਖਧਾਰਾ ਵਿੱਚ ਲਿਆਉਣ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ।