SGPC ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

‘ਆਪ’ ਆਗੂ ਆਤਿਸ਼ੀ ਖਿਲਾਫ਼ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਕਾਰਵਾਈ ਦੀ ਮੰਗ

SGPC delegation meets Delhi Police Commissioner

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਵਫ਼ਦ ਨੇ ਦਿੱਲੀ ਦੇ ਪੁਲਿਸ ਕਮਿਸ਼ਨਰ ਨੂੰ ਮਿਲ ਕੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੀ ਆਗੂ ਆਤਿਸ਼ੀ ਮਾਰਲੇਨਾ ਵੱਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਟਿੱਪਣੀਆਂ ਕਰਨ ’ਤੇ ਆਤਿਸ਼ੀ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਕਮਿਸ਼ਨਰ ਨੂੰ ਮਿਲਣ ਲਈ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਅਗਵਾਈ ’ਚ ਵਫ਼ਦ ਵਿਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸੁਖਵਿੰਦਰ ਸਿੰਘ ਅਤੇ ਦਿੱਲੀ ਸਿੱਖ ਮਿਸ਼ਨ ਦੇ ਇੰਚਾਰਜ ਮਨਵੀਤ ਸਿੰਘ ਸ਼ਾਮਲ ਸਨ।

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਪੁਲਿਸ ਕਮਿਸ਼ਨਰ ਨੂੰ ਦਰਖ਼ਾਸਤ ਦਿੱਤੀ ਗਈ। ਇਸ ਵਿਚ ਕਿਹਾ ਗਿਆ ਕਿ 6 ਜਨਵਰੀ ਨੂੰ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਨੇ ਵਿਧਾਨ ਸਭਾ ਅੰਦਰ ਗੁਰੂ ਸਾਹਿਬਾਨ ਪ੍ਰਤੀ ਅਪਮਾਨਜਨਕ ਸ਼ਬਦ ਵਰਤਦਿਆਂ ਸਿੱਖ ਭਾਵਨਾਵਾਂ ਨੂੰ ਗਹਿਰੀ ਸੱਟ ਮਾਰੀ ਹੈ। ਪੱਤਰ ਵਿਚ ਇਹ ਵੀ ਕਿਹਾ ਗਿਆ ਹੈ ਕਿ ਸਿੱਖ ਕੌਮ ਹਮੇਸ਼ਾਂ ਹੀ ਗੁਰੂ ਸਾਹਿਬਾਨ ਦੇ ਸਿਧਾਂਤਾਂ ਅਨੁਸਾਰ ਜਾਤ, ਪਾਤ, ਨਸਲ, ਭੇਦ ਤੋਂ ਉਪਰ ਉੱਠ ਕੇ ਭਾਈਚਾਰਕ ਸਾਂਝ ਦੀ ਗੱਲ ਕਰਦੀ ਹੈ। ਦਿੱਲੀ ਦੀ ‘ਆਪ’ ਆਗੂ ਵੱਲੋਂ ਗੁਰੂ ਸਾਹਿਬਾਨ ਵਿਰੁੱਧ ਟਿੱਪਣੀਆਂ ਨੇ ਦੁਨੀਆ ਭਰ ਅੰਦਰ ਵਸੇ ਸਿੱਖਾਂ ਦੀ ਧਾਰਮਿਕ ਭਾਵਨਾਵਾਂ ਬੁਰੀ ਤਰ੍ਹਾਂ ਠੇਸ ਪਹੁੰਚਾਈ ਹੈ। ਉਸ ਵੱਲੋਂ ਇਹ ਟਿੱਪਣੀਆਂ ਜਾਣਬੁਝ ਕੇ ਕੀਤੀਆਂ ਗਈਆਂ ਹਨ, ਜੋ ਉਸ ਦੀ ਸਿੱਖਾਂ ਪ੍ਰਤੀ ਮਾਨਸਿਕਤਾ ਨੂੰ ਬਿਆਨ ਕਰਦੀਆਂ ਹਨ।