13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ : ਮੁੱਖ ਮੰਤਰੀ ਮਾਨ
ਕਿਹਾ : ਪੰਜਾਬ ਦੀ ਆਸਥਾ ਤੇ ਮਰਿਆਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ
ਚੰਡੀਗੜ੍ਹ : 13 ਅਪ੍ਰੈਲ ਵਿਸਾਖੀ ਵਾਲੇ ਦਿਨ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਹੋਵੇਗਾ । ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ। ਇਹ ਵੀ ਪਤਾ ਲੱਗਾ ਹੈ ਕਿ ਇਸ ਦਿਨ ਬੇਅਦਬੀ ਸਬੰਧੀ ਕਾਨੂੰਨ ਬਣਾਉਣ ਦੀਆਂ ਤਿਆਰੀਆਂ ਵੀ ਹੋਣਗੀਆਂ। ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ’ਤੇ ਵਿਚਾਰ-ਚਰਚਾ ਕੀਤੀ ਗਈ।
ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ।