ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ।

Bibi Paramjit Kaur Khalra

ਤਰਨ ਤਾਰਨ: ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਧਾਰਮਿਕ ਗ੍ਰੰਥ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਣ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਜਾਰੀ ਕੀਤੇ ਗਏ ਨੋਟਿਸ ਅਨੁਸਾਰ ਅਖਬਾਰਾਂ ਵਿਚ ਪ੍ਰਕਾਸ਼ਿਤ ਖਬਰਾਂ 'ਚ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਬੀਬੀ ਖਾਲੜਾ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਆਪਣਾ ਚੋਣ  ਮੈਨੀਫੈਸਟੋ ਦੱਸਣ ਖਿਲਾਫ਼ ਉਹਨਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ ਹੈ।

ਇਕ ਵੈੱਬ ਚੈਨਲ ਨੂੰ ਦਿੱਤੀ ਗਈ ਇੰਟਰਵਿਊ, ਜਿਸ ਵਿਚ ਬੀਬੀ ਖਾਲੜਾ ਵੱਲੋਂ ਧਾਰਮਿਕ ਗ੍ਰੰਥ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਨੂੰ ਆਪਣਾ ਚੋਣ ਮੈਨੀਫੈਸਟੋ ਦੱਸਿਆ ਗਿਆ ਹੈ, ਨੂੰ ਦੇਖਣ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਸ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਹੈ ਅਤੇ ਇਸ ਉਲੰੰਘਣਾ ਸਬੰਧੀ 48 ਘੰਟਿਆਂ ਵਿਚ ਬੀਬੀ ਖਾਲੜਾ ਨੂੰ ਆਪਣਾ ਸਪਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ।

ਦੱਸ ਦਈਏ ਕਿ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਖਡੂਰ ਸਾਹਿਬ ਸੀਟ ਤੋਂ ਪੰਜਾਬ ਡੈਮੋਕ੍ਰੇਟਿਕ ਗਠਜੋੜ ਦੇ ਉਮੀਦਵਾਰ ਹਨ। ਆਪਣੇ ਪਤੀ ਦੇ ਅਚਾਨਕ ਗ਼ਾਇਬ ਹੋਣ ਦੇ ਮਾਮਲੇ 'ਚ ਇਨਸਾਫ ਲਈ 20 ਸਾਲ ਲੰਮਾ ਸਮਾਂ ਇੰਤਜ਼ਾਰ ਕਰਨ ਵਾਲੀ ਬੀਬੀ ਖਾਲੜਾ ਨੂੰ ਇਹ ਸੀਟ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਬੀਬੀ ਖਾਲੜਾ ਇਸ ਤੋਂ ਪਹਿਲਾਂ ਗੁਰਚਰਨ ਸਿੰਘ ਟੌਹੜਾ ਦੀ ਅਗਵਾਈ ਵਾਲੇ ਸਰਬ ਹਿੰਦ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੋਂ ਤਰਨ ਤਾਰਨ ਸੀਟ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ। ਉਦੋਂ ਉਹ ਅਸਫਲ ਰਹੇ ਸਨ। ਲੋਕ ਸਭਾ ਚੋਣਾਂ ਵਿਚ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਜਿਤਾਉਣ ਲਈ ਪੰਜਾਬ ਵਿਚੋਂ ਹੀ ਨਹੀਂ ਬਲਕਿ ਵਿਸ਼ਵ ਭਰ ਵਿਚ ਬੈਠੇ ਸਿੱਖਾਂ ਵਲੋਂ ਕਾਫ਼ੀ ਜ਼ੋਰ ਲਗਾਇਆ ਜਾ ਰਿਹਾ ਹੈ।