20000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਨੂੰ ਕੀਤਾ ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਰਨਾਲਾ ਵਿਖੇ ਤਾਇਨਾਤ ਸੀ ਪੰਚਾਇਤ ਸਕੱਤਰ ਗੁਰਮੇਲ ਸਿੰਘ

Panchayat Secretary caught red-handed while taking bribe of Rs. 20000

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ, ਬਰਨਾਲਾ ਵਿਖੇ ਤਾਇਨਾਤ ਪੰਚਾਇਤ ਸਕੱਤਰ ਗੁਰਮੇਲ ਸਿੰਘ ਨੂੰ 20,000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਟਿਆਲਾ ਦੇ ਇੱਕ ਠੇਕੇਦਾਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੇ ਸਾਲ 2023 ਵਿੱਚ ਬਰਨਾਲਾ ਜ਼ਿਲ੍ਹੇ ਦੇ ਪਿੰਡ ਫਤਿਹਗੜ੍ਹ ਛੰਨਾ ਵਿਖੇ ਪੰਚਾਇਤੀ ਜ਼ਮੀਨ 'ਤੇ 3,84,000 ਰੁਪਏ ਦੀ ਲਾਗਤ ਨਾਲ ਸੋਲਰ ਪੰਪ ਲਗਾਇਆ ਸੀ ਪਰ ਉਕਤ ਪੰਚਾਇਤ ਸਕੱਤਰ ਨੇ ਬਿੱਲਾਂ ‘ਤੇ ਅਗਲੇਰੀ ਕਾਰਵਾਈ ਹਿੱਤ ਕਮਿਸ਼ਨ ਵਜੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੰਚਾਇਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕਰ ਲਿਆ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।