ਪਟਿਆਲਾ ਸਟੇਸ਼ਨ ਤੋਂ 17ਵੀਂ ਰੇਲ ਗੱਡੀ ਦੂਜੇ ਰਾਜਾਂ ਦੇ ਵਸਨੀਕਾਂ ਨੂੰ ਲ ਕੇ ਹੋਈ ਰਵਾਨਾ
ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ 1228 ਵਸਨੀਕਾਂ ਨੂੰ ਲੈਕੇ
ਪਟਿਆਲਾ, 20 ਮਈ (ਤੇਜਿੰਦਰ ਫ਼ਤਿਹਪੁਰ) : ਅੱਜ ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਉੱਤਰ ਪ੍ਰਦੇਸ਼ ਦੇ ਜੌਨਪੁਰ ਜ਼ਿਲ੍ਹੇ ਦੇ 1228 ਵਸਨੀਕਾਂ ਨੂੰ ਲੈਕੇ 17ਵੀਂ ਰੇਲ ਗੱਡੀ ਰਵਾਨਾ ਹੋਈ ਹੈ। ਇਹ ਜਾਣਕਾਰੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦਿਤੀ। ਡਿਪਟੀ ਕਮਿਸ਼ਨਰ ਨੇ ਦਸਿਆ ਕਿ ਅਪਣੀ ਪਿਤਰੀ ਰਾਜਾਂ ਨੂੰ ਜਾਣ ਵਾਲੇ ਯਾਤਰੀਆਂ ਲਈ ਰੇਲਵੇ ਸਟੇਸ਼ਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਰੋਜ਼ਾਨਾ ਦੀ ਤਰ੍ਹਾਂ ਤੈਅ ਪ੍ਰਕਿਰਿਆ ਤਹਿਤ ਰਜਿਸਟਰੇਸ਼ਨ ਉਪਰੰਤ ਮੈਡੀਕਲ ਸਕਰੀਨਿੰਗ ਮੁਕੰਮਲ ਹੋਣ 'ਤੇ ਇਸ ਵਿਸ਼ੇਸ਼ ਰੇਲ ਗੱਡੀ ਰਾਹੀਂ ਪਰਵਾਸੀਆਂ ਨੂੰ ਉਨ੍ਹਾਂ ਦੇ ਸੂਬੇ ਨੂੰ ਭੇਜਿਆ ਗਿਆ ਹੈ ਤੇ ਕਿਸੇ ਵੀ ਯਾਤਰੀ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿਤੀ ਗਈ।
ਸ੍ਰੀ ਕੁਮਾਰ ਅਮਿਤ ਨੇ ਕਿਹਾ ਕਿ ਯਾਤਰੀਆਂ ਨੂੰ ਖਾਣਾ ਮੁਹਈਆ ਕਰਵਾਉਣ ਦੇ ਨਾਲ ਨਾਲ ਉਨ੍ਹਾਂ ਦੀਆਂ ਹੋਰ ਜ਼ਰੂਰੀ ਲੋੜਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ ਹੈ। ਉਨ੍ਹਾਂ ਦਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਰਜਿਸਟਰੇਸ਼ਨ ਤਾਂ ਕਰਵਾਈ ਗਈ ਹੈ ਪਰ ਹਾਲੇ ਉਨ੍ਹਾਂ ਦਾ ਨੰਬਰ ਨਹੀਂ ਆਇਆ ਅਤੇ ਉਹ ਰੇਲਵੇ ਸਟੇਸ਼ਨ 'ਤੇ ਪਹੁੰਚੇ ਗਏ ਸਨ, ਉਨ੍ਹਾਂ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਨੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ। ਜਦੋਂਕਿ ਇਨ੍ਹਾਂ ਦੇ ਰਹਿਣ-ਸਹਿਣ ਦਾ ਪ੍ਰਬੰਧ ਐਸ.ਡੀ.ਐਮ. ਸ. ਚਰਨਜੀਤ ਸਿੰਘ ਵਲੋਂ ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਵਿਚ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਕੋਰੋਨਾ ਤੋਂ ਬਚਾਅ ਸਬੰਧੀ ਸਮਾਜਕ ਦੂਰੀ ਸਮੇਤ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਗਈ ਹੈ। ਇਸ ਮੌਕੇ ਯਾਤਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਵਾਪਸੀ ਲਈ ਜੋ ਉਪਰਾਲਾ ਕੀਤਾ ਹੈ, ਉਹ ਉਸ ਲਈ ਪੰਜਾਬ ਸਰਕਾਰ ਦੇ ਧੰਨਵਾਦੀ ਹਨ। ਇਸ ਮੌਕੇ ਸਹਾਇਕ ਕਮਿਸ਼ਨਰ (ਯੂ.ਟੀ.) ਸ. ਜਗਨੂਰ ਸਿੰਘ ਗਰੇਵਾਲ ਮੌਜੂਦ ਸਨ।