ਵਿਸ਼ੇਸ਼ ਰੇਲ ਗੱਡੀ ਰਾਹੀਂ ਪ੍ਰਵਾਸੀ ਮਜ਼ਦੂਰ ਫ਼ਿਰੋਜ਼ਪੁਰ ਤੋਂ ਝਾਂਸੀ ਲਈ ਰਵਾਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਾਲਵਾ ਇਲਾਕੇ ਦੇ ਵੱਖ -ਵੱਖ ਖੇਤਰਾਂ 'ਚੋਂ 515 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਤਵੀਂ 'ਸ਼੍ਰਮਿਕ ਐਕਸਪ੍ਰੈਸ' ਰੇਲ ਬੁਧਵਾਰ 2 ਵਜੇ ਫ਼ਿਰੋਜ਼ਪੁਰ ਛਾਉਣੀ ਤੋਂ

File Photo

ਫ਼ਿਰੋਜ਼ਪੁਰ, 20 ਮਈ (ਜਗਵੰਤ ਸਿੰਘ ਮੱਲ੍ਹੀ): ਮਾਲਵਾ ਇਲਾਕੇ ਦੇ ਵੱਖ -ਵੱਖ ਖੇਤਰਾਂ 'ਚੋਂ 515 ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਤਵੀਂ 'ਸ਼੍ਰਮਿਕ ਐਕਸਪ੍ਰੈਸ' ਰੇਲ ਬੁਧਵਾਰ 2 ਵਜੇ ਫ਼ਿਰੋਜ਼ਪੁਰ ਛਾਉਣੀ ਤੋਂ ਝਾਂਸੀ ਲਈ ਰਵਾਨਾ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦਸਿਆ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਵਿਸ਼ੇਸ਼ ਰਾਹੀਂ ਉਨ੍ਹਾਂ ਦੇ ਪਿਤਰੀ ਰਾਜਾਂ ਵਿਚ ਭੇਜਿਆ ਜਾ ਰਿਹਾ ਹੈ। ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਦਸਿਆ ਕਿ ਪੰਜਾਬ ਵਿਚ ਕਰਫ਼ਿਊ ਕਾਰਨ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਅਪਣੇ ਉਨ੍ਹਾਂ ਦੇ ਸੂਬਿਆਂ ਵਿਚ ਵਾਪਸ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ ਜਿਸ ਦਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਦਸਿਆ ਕਿ ਫ਼ਿਰੋਜ਼ਪੁਰ ਤੋਂ ਝਾਂਸੀ ਲਈ ਰਵਾਨਾ ਹੋਈ ਟ੍ਰੇਨ ਦਾ 5,45,000 ਰੁਪਏ ਦਾ ਟਿਕਟਾਂ ਦਾ ਖਰਚਾ ਵੀ ਸਰਕਾਰ ਵਲੋਂ ਕਰ ਕੇ ਇਨ੍ਹਾਂ ਪ੍ਰਵਾਸੀ ਮਜ਼ਦੂਰਾਂ ਨੂੰ ਖ਼ੁਸ਼ੀ-ਖ਼ੁਸ਼ੀ ਅਪਣੇ ਘਰ ਭੇਜਿਆ ਗਿਆ ਹੈ। ਉਨ੍ਹਾਂ ਦਸਿਆ ਕਿ ਇਨ੍ਹਾਂ ਰੇਲਗੱਡੀਆਂ ਰਾਹੀਂ ਰਵਾਨਾ ਕੀਤੇ ਜਾਂਦੇ ਸਾਰੇ ਪ੍ਰਵਾਸੀ ਮਜ਼ਦੂਰਾਂ ਨੂੰ ਖਾਣਾ, ਪਾਣੀ ਦੀਆਂ ਬੋਤਲਾਂ ਅਤੇ ਫੇਸ ਮਾਸਕ ਵੀ ਮੁਹਈਆ ਕਰਵਾਏ ਗਏ ਹਨ। ਯਾਤਰੀਆਂ ਨੂੰ ਸਮਾਜਕ ਦੂਰੀ ਬਣਾਈ ਰੱਖਣ ਅਤੇ ਕੋਰੋਨਾ ਵਾਇਰਸ ਸਬੰਧੀ ਹੋਰ ਜ਼ਰੂਰੀ ਸਾਵਧਾਨੀਆਂ ਬਾਰੇ ਵੀ ਜਾਗਰੂਕ ਕੀਤਾ ਗਿਆ ਹੈ। ਇਸ ਦੌਰਾਨ ਪ੍ਰਵਾਸੀ ਮਜ਼ਦੂਰਾਂ ਨੇ ਮੁਸ਼ਕਲ ਦੀ ਘੜੀ ਵਿਚ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਅਪਣੇ ਘਰਾਂ ਵਿਚ ਭੇਜਣ ਲਈ ਕੀਤੇ ਗਏ ਪ੍ਰਬੰਧਾਂ ਲਈ ਸਰਕਾਰ ਦਾ ਧਨਵਾਦ ਵੀ ਕੀਤਾ।