ਬਾਬਾ ਫ਼ਰੀਦ ਗਰੁਪ ਵਲੋਂ 'ਟਰੈਫਿਕ ਜਾਗਰੂਕਤਾ ਸੈਮੀਨਾਰ'
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਅੱਜ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਸ. ਕੁਲਦੀਪ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ .....
ਬਠਿੰਡਾ : ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਵਿਖੇ ਅੱਜ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਸ. ਕੁਲਦੀਪ ਸਿੰਘ ਗਿੱਲ ਦੀ ਯਾਦ ਨੂੰ ਸਮਰਪਿਤ ਸੜਕੀ ਆਵਾਜਾਈ ਦੇ ਨਿਯਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ 'ਟਰੈਫਿਕ ਜਾਗਰੂਕਤਾ ਸੈਮੀਨਾਰ' ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ. ਸੁਰਿੰਦਰਪਾਲ ਸਿੰਘ ਐਸ.ਪੀ. (ਐੱਚ), ਬਠਿੰਡਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਸੈਮੀਨਾਰ ਵਿੱਚ ਮੁੱਢਲੀ ਸਹਾਇਤਾ ਬਾਰੇ ਵਿਹਾਰਿਕ ਜਾਣਕਾਰੀ ਦੇਣ ਲਈ ਫਸਟ ਏਡ ਟਰੇਨਰ ਸ੍ਰੀ ਨਰੇਸ਼ ਪਠਾਣੀਆ ਵੀ ਉਚੇਚੇ ਤੌਰ 'ਤੇ ਪਹੁੰਚੇ।
ਬਾਬਾ ਫ਼ਰੀਦ ਗਰੁੱਪ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਦੱਸਿਆ ਕਿ ਸੰਸਥਾ ਦੇ ਡਾਇਰੈਕਟਰ ਫਾਇਨਾਂਸ ਸਵ. ਸ. ਕੁਲਦੀਪ ਸਿੰਘ ਗਿੱਲ ਜੋ ਸਾਲ 2010 ਵਿਚ ਇੱਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਦੀ ਯਾਦ ਨੂੰ ਸਮਰਪਿਤ ਇਸ 'ਟਰੈਫਿਕ ਜਾਗਰੂਕਤਾ ਸੈਮੀਨਾਰ' ਦਾ ਆਯੋਜਨ ਕਰਕੇ ਅਚਾਨਕ ਮੌਤ ਦੇ ਮੂੰਹ ਵਿੱਚ ਜਾ ਪਏ ਬਿਮਾਰ ਜਾਂ ਗੰਭੀਰ ਜਖ਼ਮੀ ਵਿਅਕਤੀਆਂ ਲਈ ਮੁੱਢਲੀ ਸਹਾਇਤਾ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਹਰ ਸਾਲ ਇਸ ਦਿਨ ਤੇ ਸੰਸਥਾ ਵੱਲੋਂ ਵਿਦਿਆਰਥੀਆਂ, ਟੀਚਿੰਗ ਤੇ ਨਾਨ ਟੀਚਿੰਗ ਸਟਾਫ ਮੈਂਬਰਾਂ ਅਤੇ ਡਰਾਇਵਰਾਂ ਨੂੰ ਸੜਕੀ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਤਾਂ ਜੋ ਸੜਕੀ ਹਾਦਸਿਆਂ ਵਿੱਚ ਅਜਾਈਂ ਜਾ ਰਹੀਆਂ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕੇ। ਉਹਨਾਂ ਨੇ ਦੱਸਿਆ ਕਿ ਹਰ ਰੋਜ਼ ਵਾਪਰਨ ਵਾਲੇ ਸੜਕ ਹਾਦਸਿਆਂ ਦਾ ਵੱਡਾ ਕਾਰਨ ਆਵਾਜਾਈ ਸੰਬੰਧੀ ਨਿਯਮਾਂ ਦੀ ਪਾਲਣਾ ਨਾ ਕਰਨਾ ਹੈ।
ਮੁੱਖ ਮਹਿਮਾਨ ਸ. ਸੁਰਿੰਦਰਪਾਲ ਸਿੰਘ ਐਸ.ਪੀ. (ਐੱਚ) ਬਠਿੰਡਾ ਨੇ ਸਮਾਜ ਨੂੰ ਜਾਗਰੂਕ ਕਰਨ ਲਈ 'ਟਰੈਫਿਕ ਜਾਗਰੂਕਤਾ ਸੈਮੀਨਾਰ' ਵਰਗੇ ਪ੍ਰੋਗਰਾਮ ਆਯੋਜਿਤ ਕਰਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਸਮਾਜਿਕ ਜਿੰਮੇਵਾਰੀਆਂ ਨੂੰ ਬਾਖੂਬੀ ਸਮਝਦਿਆਂ ਸਮਾਜਿਕ ਕਾਰਜਾਂ ਵਿੱਚ ਆਪਣਾ ਭਰਪੂਰ ਯੋਗਦਾਨ ਪਾਇਆ ਜਾ ਰਿਹਾ ਹੈ। ਉਹਨਾਂ ਨੇ ਉਮੀਦ ਜਤਾਈ ਕਿ ਹਰ ਇੱਕ ਆਪਣੀ ਜਿੰਮੇਵਾਰੀ ਨਾਲ ਇਹਨਾਂ ਸੜਕੀ ਆਵਾਜਾਈ ਦੇ ਨਿਯਮਾਂ ਦੀ ਪਾਲਣਾ ਕਰੇਗਾ।
ਉਨ੍ਹਾਂ ਅੱਗੇ ਕਿਹਾ ਕਿ ਮੁੱਢਲੀ ਸਹਾਇਤਾ ਦਾ ਵੀ ਬਹੁਤ ਮਹੱਤਵ ਹੈ ਅਤੇ ਇਸ ਦੀ ਹਰ ਇੱਕ ਨੂੰ ਜਾਣਕਾਰੀ ਹੋਣਾ ਬਹੁਤ ਹੀ ਜ਼ਰੂਰੀ ਹੈ ਤਾਂ ਜੋ ਕਿਸੇ ਬਿਮਾਰ ਜਾਂ ਜਖ਼ਮੀ ਵਿਅਕਤੀ ਦੀ ਕੀਮਤੀ ਜਾਨ ਬਚਾਈ ਜਾ ਸਕੇ। ਇਸ ਪ੍ਰੋਗਰਾਮ ਦੌਰਾਨ ਫਸਟ ਏਡ ਟਰੇਨਰ ਸ੍ਰੀ ਨਰੇਸ਼ ਪਠਾਣੀਆ ਨੇ ਫਸਟ ਏਡ ਬਾਰੇ ਵਿਹਾਰਿਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਚਾਨਕ ਬਿਮਾਰ ਜਾਂ ਜਖ਼ਮੀ ਮਨੁੱਖ ਦੀ ਕੀਮਤੀ ਜਿੰਦਗੀ ਨੂੰ ਬਚਾਉਣ ਲਈ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਦਾ ਗਿਆਨ ਹਰ ਇੱਕ ਨੂੰ ਹੋਣਾ ਚਾਹੀਦਾ ਹੈ।
ਬਾਬਾ ਫ਼ਰੀਦ ਗਰੁੱਪ ਦੀ ਸਮੁੱਚੀ ਮੈਨੇਜਮੈਂਟ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ, ਡਾਇਰੈਕਟਰ ਫਾਇਨਾਂਸ ਸ੍ਰੀਮਤੀ ਪਰਮਜੀਤ ਕੌਰ ਗਿੱਲ, ਡਾਇਰੈਕਟਰ ਸ.ਅਮਿਤੋਜ ਧਾਲੀਵਾਲ, ਡਾਇਰੈਕਟਰ ਡਾ.ਅਮਾਨਤ ਧਾਲੀਵਾਲ, ਡਿਪਟੀ ਡਾਇਰੈਕਟਰਜ਼,
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਵੱਖ-ਵੱਖ ਕਾਲਜਾਂ/ਸਕੂਲਾਂ ਦੇ ਪ੍ਰਿੰਸੀਪਲ ਸਹਿਬਾਨ, ਵੱਖ-ਵੱਖ ਵਿਭਾਗਾਂ ਦੇ ਮੁੱਖੀ, ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਮੈਂਬਰ ਹਾਜ਼ਰ ਸਨ। ਅਖੀਰ ਵਿੱਚ ਸੰਸਥਾ ਦੇ ਡਿਪਟੀ ਡਾਇਰੈਕਟਰ (ਸਹੂਲਤ ਪ੍ਰਬੰਧਨ) ਸ. ਹਰਪਾਲ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ ਲਈ ਧੰਨਵਾਦੀ ਸ਼ਬਦ ਕਹੇ।