ਫ਼ਸਲਾਂ ਦੇ ਖ਼ਰਾਬੇ ਲਈ ਹੁਣ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਲੇਗਾ 50 ਫ਼ੀਸਦੀ ਜ਼ਿਆਦਾ ਮੁਆਵਜ਼ਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਕਿਸਾਨਾਂ ਨੂੰ ਹੁਣ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਪਹਿਲਾਂ ਨਾਲੋਂ 50 ਫ਼ੀਸਦੀ ਜ਼ਿਆਦਾ ਮਿਲੇਗਾ...

farmar

ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਨੂੰ ਹੁਣ ਫ਼ਸਲਾਂ ਦੇ ਖ਼ਰਾਬੇ ਦਾ ਮੁਆਵਜ਼ਾ ਪਹਿਲਾਂ ਨਾਲੋਂ 50 ਫ਼ੀਸਦੀ ਜ਼ਿਆਦਾ ਮਿਲੇਗਾ। ਕਿਸਾਨਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀਆਂ ਫਸਲਾਂ ਦੀ ਮੁਆਵਜ਼ਾ ਰਾਸ਼ੀ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕਰਨ ਦਾ ਫ਼ੈਸਲਾ ਕੀਤਾ ਹੈ। ਸਰਕਾਰ ਵਲੋਂ ਕਿਹਾ ਗਿਆ ਹੈ ਕਿ ਇਹ ਫ਼ੈਸਲਾ 20 ਜੂਨ, 2017 ਤੋਂ ਲਾਗੂ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬੇ ਦੇ ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਜਿਹੜੀਆਂ

ਫ਼ਸਲਾਂ ਦਾ 76 ਤੋਂ 100 ਫ਼ੀਸਦੀ ਨੁਕਸਾਨ ਹੋਵੇਗਾ, ਉਸ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਤੋਂ ਵਧਾ ਕੇ 12000 ਰੁਪਏ ਪ੍ਰਤੀ ਏਕੜ ਕਰ ਦਿਤੀ ਗਈ ਹੈ। ਇਹ ਵਾਧਾ 50 ਫ਼ੀਸਦੀ ਬਣਦਾ ਹੈ। ਉਨ੍ਹਾਂ ਆਖਿਆ ਕਿ ਮੁਆਵਜ਼ਾ ਰਾਸ਼ੀ ਵਿਚ ਹੋਏ ਵਾਧੇ ਨਾਲ ਉਨ੍ਹਾਂ ਕਿਸਾਨਾਂ ਨੂੰ ਭਾਰੀ ਰਾਹਤ ਮਿਲੇਗੀ, ਜਿਨ੍ਹਾਂ ਦੀ ਫ਼ਸਲ ਕੁਦਰਤੀ ਆਫ਼ਤ ਵਿਚ ਖ਼ਰਾਬ ਹੋ ਜਾਂਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਅਪ੍ਰੈਲ, 2015 ਨੂੰ 76 ਤੋਂ 100 ਫੀਸਦੀ ਖਰਾਬੇ ਲਈ ਮੁਆਵਜ਼ਾ ਰਾਸ਼ੀ 8000 ਰੁਪਏ ਪ੍ਰਤੀ ਏਕੜ ਕੀਤੀ ਗਈ ਸੀ। ਸੂਬੇ ਦੇ ਵਧੀਕ ਮੁੱਖ ਸਕੱਤਰ ਮਾਲ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀਮਤੀ ਵਿੰਨੀ ਮਹਾਜਨ ਨੇ ਇਸ ਸਬੰਧੀ ਹੋਰ

ਜਾਣਕਾਰੀ ਦਿੰਦੇ ਹੋਏ ਦਸਿਆ ਕਿ 26 ਤੋਂ 32 ਫ਼ੀਸਦੀ ਖਰਾਬੇ ਵਾਲੀਆਂ ਫ਼ਸਲਾਂ ਲਈ ਮੁਆਵਜ਼ਾ ਰਾਸ਼ੀ 2000 ਰੁਪਏ ਪ੍ਰਤੀ ਏਕੜ ਅਤੇ 33 ਤੋਂ 75 ਫ਼ੀਸਦੀ ਨੁਕਸਾਨ ਵਾਲੀਆਂ ਫ਼ਸਲਾਂ ਲਈ ਪ੍ਰਤੀ ਏਕੜ 5400 ਰੁਪਏ ਮੁਆਵਜ਼ਾ ਰਾਸ਼ੀ ਰਾਜ ਸਰਕਾਰ ਵਲੋਂ ਪਹਿਲਾਂ ਤੋਂ ਹੀ ਦਿਤੀ ਜਾ ਰਹੀ ਹੈ।ਮਾਲ ਮੰਤਰੀ ਸਰਕਾਰੀਆ ਨੇ ਆਖਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ 'ਤੇ ਆਰਥਿਕ ਬੋਝ ਨਾ ਪਵੇ। ਉਨ੍ਹਾਂ ਆਖਿਆ ਕਿ ਲੋੜ ਪੈਣ 'ਤੇ ਕਿਸਾਨਾਂ ਦੀ ਸਹਾਇਤਾ ਲਈ ਰਾਜ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ।

ਉਨ੍ਹਾਂ ਆਖਿਆ ਕਿ ਕਿਸਾਨਾਂ ਲਈ ਕਰਜ਼ਾ ਮੁਕਤੀ ਸਕੀਮ ਪਹਿਲਾਂ ਤੋਂ ਹੀ ਚੱਲ ਰਹੀ ਹੈ, ਜਿਸ ਨਾਲ ਸੂਬੇ ਦੇ ਅਨੇਕਾਂ ਕਿਸਾਨਾਂ ਨੂੰ ਫ਼ਾਇਦਾ ਪਹੁੰਚ ਚੁੱਕਿਆ ਹੈ। ਮੰਤਰੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਦੇ ਕਾਰੋਬਾਰ ਨਾਲ ਜੁੜੇ ਲੋਕਾਂ ਦੀ ਖ਼ੁਸ਼ਹਾਲੀ ਲਈ ਜਲਦ ਤੋਂ ਜਲਦ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣ ਅਤੇ ਕਿਸਾਨਾਂ ਨੂੰ ਫ਼ਸਲ ਦੀ ਲਾਗਤ ਵਿਚ 50 ਫ਼ੀਸਦੀ ਨਫਾ ਜੋੜ ਕੇ ਫ਼ਸਲਾਂ ਦਾ ਭਾਅ ਤੈਅ ਕੀਤੇ ਜਾਣ ਤਾਂ ਜੋ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋ ਸਕਣ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੇ ਕਿਸਾਨ ਆਰਥਿਕ ਪੱਖੋਂ ਮਜ਼ਬੂਤ ਹੋਣਗੇ ਤਾਂ ਇਸ ਨਾਲ ਸੂਬਾ ਅਤੇ ਦੇਸ਼ ਵੀ ਮਜ਼ਬੂਤ ਹੋਵੇਗਾ।