ਜੋਧਪੁਰ ਜੇਲ ਦੇ ਨਜ਼ਰਬੰਦਾਂ ਨੂੰ ਮੁਆਵਜ਼ਾ ਦੇਣ ਵਿਰੁਧ ਅਪੀਲ ਤੁਰਤ ਵਾਪਸ ਹੋਵੇ : ਕੈਪਟਨ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਪਾਸੋਂ ਜੂਨ, 1984 ਵਿੱਚ ਅਪਰੇਸ਼ਨ ਬਲਿਊ ਸਟਾਰ ਉਪਰੰਤ ਜੋਧਪੁਰ ਜੇਲ੍ਹ.....
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰ ਸਰਕਾਰ ਪਾਸੋਂ ਜੂਨ, 1984 ਵਿੱਚ ਅਪਰੇਸ਼ਨ ਬਲਿਊ ਸਟਾਰ ਉਪਰੰਤ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਸਿੱਖਾਂ ਨੂੰ ਮੁਆਵਾਜ਼ਾ ਰਾਸ਼ੀ ਦੇਣ ਵਿਰੁੱਧ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਅਪੀਲ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ 4.5 ਕਰੋੜ ਰੁਪਏ ਦੇ ਮੁਆਵਜ਼ੇ ਦੀ ਅੱਧੀ ਰਾਸ਼ੀ ਦਾ ਭੁਗਤਾਨ ਬਿਨਾਂ ਕਿਸੇ ਦੇਰੀ ਤੋਂ ਕਰਨ ਦੀ ਅਪੀਲ ਕੀਤੀ ਹੈ। ਇਹ ਮੁਆਵਜ਼ਾ ਰਾਸ਼ੀ ਦੇਣ ਦੇ ਹੁਕਮ ਬੀਤੇ ਸਾਲ ਅਪ੍ਰੈਲ ਮਹੀਨੇ ਵਿੱਚ ਅੰਮ੍ਰਿਤਸਰ ਦੀ ਜ਼ਿਲ੍ਹਾ ਸੈਸ਼ਨ ਕੋਰਟ ਵੱਲੋਂ ਦਿੱਤੇ ਗਏ ਸਨ।
ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੇ ਇਕ ਅਰਧ ਸਰਕਾਰੀ ਪੱਤਰ ਵਿੱਚ ਮੁੱਖ ਮੰਤਰੀ ਨੇ ਦਸਿਆ ਕਿ ਅਦਾਲਤ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਸਾਂਝੇ ਤੌਰ 'ਤੇ ਇਹ ਮੁਆਵਜ਼ਾ ਰਾਸ਼ੀ ਅਦਾ ਕਰਨ ਦੇ ਆਦੇਸ਼ ਦਿੱਤੇ ਸਨ ਪਰ ਕੇਂਦਰ ਸਰਕਾਰ ਨੇ ਮੁਆਵਾਜ਼ਾ ਦੇਣ ਵਿਰੁੱਧ ਅਪੀਲ ਦਾਇਰ ਕਰ ਦਿੱਤੀ ਜਿਸ ਦਾ ਸਿੱਖ ਭਾਈਚਾਰੇ ਦਾ ਸਖ਼ਤ ਪ੍ਰਤੀਕ੍ਰਮ ਸਾਹਮਣੇ ਆਇਆ। ਮੁੱਖ ਮੰਤਰੀ ਨੇ ਸਾਵਧਾਨ ਕੀਤਾ ਕਿ ਇਸ ਨਾਲ ਭਾਈਚਾਰੇ ਅੰਦਰ ਬੇਇਨਸਾਫੀ ਹੋਣ ਅਤੇ ਬੇਗਾਨਗੀ ਦੀ ਭਾਵਨਾ ਪੈਦਾ ਹੋ ਸਕਦੀ ਹੈ।
ਅਪਰੇਸ਼ਨ ਬਲਿਊ ਸਟਾਰ ਦੇ ਮੱਦੇਨਜ਼ਰ ਕੁੱਲ 375 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਜੋਧਪੁਰ ਜੇਲ੍ਹ ਵਿੱਚ ਨਜ਼ਰਬੰਦ ਕੀਤਾ ਗਿਆ ਸੀ ਜਿਨ੍ਹਾਂ ਨੂੰ ਬਾਅਦ ਵਿੱਚ ਮਾਰਚ, 1989 ਅਤੇ ਜੁਲਾਈ, 1991 ਦਰਮਿਆਨ ਤਿੰਨ ਬੈਚਾਂ 'ਚ ਰਿਹਾਅ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ 224 ਨਜ਼ਰਬੰਦਾਂ ਨੇ 'ਗੈਰ-ਕਾਨੂੰਨੀ ਤੌਰ 'ਤੇ ਨਜ਼ਰਬੰਦ ਕਰਨ ਅਤੇ ਤਸੀਹੇ ਦੇਣ' ਦੇ ਦੋਸ਼ ਤਹਿਤ ਹੇਠਲੀ ਅਦਾਲਤ ਵਿੱਚ ਮੁਆਵਜ਼ੇ ਲਈ ਅਪੀਲ ਦਾਇਰ ਕੀਤੀ ਸੀ ਪਰ ਸਾਲ 2011 ਵਿੱਚ ਅਦਾਲਤ ਪਾਸੋਂ ਇਨ੍ਹਾਂ ਨੂੰ ਕੋਈ ਰਾਹਤ ਨਹੀਂ ਮਿਲੀ।
ਇਨ੍ਹਾਂ ਵਿੱਚੋਂ 40 ਨਜ਼ਰਬੰਦਾਂ ਨੇ ਅੰਮ੍ਰਿਤਸਰ ਦੀ ਜ਼ਿਲ੍ਹਾ ਤੇ ਸੈਸ਼ਨ ਕੋਰਟ ਵਿੱਚ ਅਪੀਲ ਕਰ ਦਿਤੀ ਅਤੇ ਅਦਾਲਤ ਨੇ ਬੀਤੇ ਸਾਲ ਅਪ੍ਰੈਲ ਮਹੀਨੇ ਵਿਚ ਪ੍ਰਤੀ ਵਿਅਕਤੀ 4 ਲੱਖ ਰੁਪਏ ਮੁਆਵਜ਼ਾ 6 ਫੀਸਦੀ ਵਿਆਜ ਨਾਲ ਦੇਣ ਦੇ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਦੱਸਿਆ ਕਿ ਵਿਆਜ ਸਮੇਤ ਕੁੱਲ ਮੁਆਵਜ਼ਾ ਲਗਪਗ 4.5 ਕਰੋੜ ਰੁਪਏ ਬਣਦਾ ਹੈ।