ਚਹੇਤੇ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨ

ਏਜੰਸੀ

ਖ਼ਬਰਾਂ, ਪੰਜਾਬ

ਚਹੇਤੇ ਵਿਧਾਇਕਾਂ ਦੇ ਪੁੱਤਾਂ ਨੂੰ ਨੌਕਰੀਆਂ ਦੇ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨਾਲ ਧੋਖਾ ਕੀਤੈ : ਪਰਮਿੰਦਰ ਸਿੰਘ ਢੀਂਡਸਾ

image

ਚੰਡੀਗੜ੍ਹ, 20 ਜੂਨ (ਸੁਰਜੀਤ ਸਿੰਘ ਸੱਤੀ) : ਪੰਜਾਬ ਸਰਕਾਰ ਵੱਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਸ੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ, ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਸਖਤ ਸਬਦਾਂ ਵਿੱਚ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਾਸੀਆਂ ਦੇ ਹਿੱਤਾਂ ਨੂੰ ਛਿੱਕੇ ਟੰਗ ਆਪਣੇ ਚਹੇਤਿਆਂ ’ਤੇ ਮਿਹਰਬਾਨ ਹੋਣ ਨਾਲ ਉਨ੍ਹਾਂ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆ ਗਿਆ ਹੈ।
 ਢੀਂਡਸਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਬੇਟੇ ਨੂੰ ਪੁਲਿਸ ਇੰਸਪੈਕਟਰ ਅਤੇ ਰਾਕੇਸ ਪਾਂਡੇ ਦੇ ਬੇਟੇ ਨੂੰ ਨਾਇਬ ਤਹਿਸੀਲਦਾਰ ਦੀਆਂ ਮਲਾਈਦਾਰ ਨੌਕਰੀਆਂ ਦੇ ਕੇ ਸੂਬੇ ਦੇ ਪੜ੍ਹੇ-ਲਿਖੇ ਬੇਰੁਜਗਾਰ ਨੌਜਵਾਨਾਂ ਨੂੰ ਧੋਖਾ ਦਿੱਤਾ ਹੈ। ਉਨ੍ਹਾ ਕਿਹਾ ਕਿ 2017 ਵਿੱਚ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਜਿੱਤਣ ਲਈ ਘਰ-ਘਰ ਰੁਜਗਾਰ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਪਤਾ ਲੱਗਾ ਹੈ ਕਿ ਇਹ ਵਾਅਦਾ ਪੰਜਾਬ ਦੇ ਬੇਰੁਜਗਾਰ ਨੌਜਵਾਨਾਂ ਲਈ ਨਹੀ ਸਗੋਂ ਅਮੀਰ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣ ਲਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਬੜੇ ਸਰਮ ਦੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਦੇ ਨੌਜਵਾਨ ਨੌਕਰੀਆਂ ਲੈਣ ਲਈ ਧਰਨੇ ਪ੍ਰਦਰਸਨ ਕਰ ਰਹੇ ਹਨ ਅਤੇ ਕੱਚੇ ਅਧਿਆਪਕ/ ਮੁਲਾਜਮ ਸਰਕਾਰ ਨੂੰ ਰੈਗੁਲਰ ਕਰਨ ਦੀ ਮੰਗ ਕਰ ਰਹੇ ਹਨ। ਪਰ ਸਰਕਾਰ ਇਨ੍ਹਾਂ ਨੌਜਵਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਉਨ੍ਹਾਂ ਨੂੰ ਡਾਂਗਾਂ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਜੁਲਮ ਢਾਹ ਰਹੀ ਹੈ। 
ਉਨ੍ਹਾ ਕਿਹਾ ਕਿ ਸੂਬੇ ਵਿੱਚ ਹਾਲਾਤ ਇਹ ਬਣ ਚੁੱਕੇ ਹਨ ਕਿ ਬੇਰੁਜਗਾਰੀ ਕਾਰਨ ਨੌਜਵਾਨ ਖੁਦਕੁਸੀਆਂ ਕਰਨ ਲਈ ਮਜਬੂਰ ਹੋ ਰਹੇ ਹਨ ਅਤੇ ਦੂਜੇ ਪਾਸੇ ਕੈਪਟਨ ਸਰਕਾਰ ਇਸ ਸਭ ਦੀ ਪ੍ਰਵਾਹ ਕੀਤੇ ਬਗੈਰ ਆਪਣੇ ਅਮੀਰ ਕਾਂਗਰਸੀ ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਰਹੀ ਹੈ। ਢੀਂਡਸਾ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਕਾਂਗਰਸੀ ਵਿਧਾਇਕਾਂ ਦੇ ਪੁੱਤਾਂ ਨੂੰ ਦਿੱਤੀਆਂ ਗਈਆਂ ਨੌਕਰੀਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।