21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤਕ ਦੀ ਸਭ ਤੋਂ ਵੱਧ ਬਿਜਲੀ ਦੀ ਮੰਗ ਨੂੰ ਪੀ.ਐਸ.ਪੀ.ਸੀ.ਐਲ ਨੇ ਕੀਤਾ ਪੂਰਾ: ਹਰਭਜਨ ਸਿੰਘ ਈ.ਟੀ.ਓ.
ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ ਜਾਂ ਘਰੇਲੂ ਸ਼੍ਰੇਣੀ 'ਤੇ ਬਿਜਲੀ ਦਾ ਕੋਈ ਕੱਟ ਨਹੀਂ
ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ
ਚੰਡੀਗੜ੍ਹ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦਸਿਆ ਕਿ ਪੀ.ਐਸ.ਪੀ.ਸੀ.ਐਲ ਵਲੋਂ 21 ਜੂਨ ਨੂੰ 14960 ਮੈਗਾਵਾਟ ਦੀ ਹੁਣ ਤਕ ਦੀ ਬਿਜਲੀ ਦੀ ਸਭ ਤੋਂ ਉੱਚੀ ਮੰਗ ਨੂੰ ਉੱਤਰੀ ਗਰਿੱਡ ਤੋਂ ਕੁੱਲ 8716 ਮੈਗਾਵਾਟ ਬਿਜਲੀ ਲੈਂਦਿਆਂ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਮਿਆਰੀ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬੇ ਭਰ ਵਿੱਚ ਝੋਨੇ ਦੀ ਫ਼ਸਲ ਦੀ ਬਿਜਾਈ ਲਈ ਖੇਤੀਬਾੜੀ ਫੀਡਰਾਂ ਨੂੰ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਨਾਲ-ਨਾਲ ਕਿਸੇ ਵੀ ਉਦਯੋਗਿਕ, ਗੈਰ-ਰਿਹਾਇਸ਼ੀ ਸਪਲਾਈ (ਐਨ.ਆਰ.ਐਸ) ਜਾਂ ਘਰੇਲੂ ਵਰਗ 'ਤੇ ਕੋਈ ਬਿਜਲੀ ਕੱਟ ਨਹੀਂ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਸੂਬੇ ਭਰ ਵਿਚ ਝੋਨੇ ਦੀ ਬਿਜਾਈ ਪੜਾਅਵਾਰ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਕੁਝ ਹਿੱਸਿਆਂ ਵਿਚ ਝੋਨੇ ਦੀ ਬਿਜਾਈ 10 ਜੂਨ ਤੋਂ ਸ਼ੁਰੂ ਹੋਈ ਜਦਕਿ ਬਾਕੀ ਦੇ ਹਿੱਸੇ 16, 19 ਅਤੇ 21 ਜੂਨ ਨੂੰ ਕਵਰ ਕੀਤੇ ਗਏ। ਉਨ੍ਹਾਂ ਕਿਹਾ ਕਿ ਇਸ ਬਿਜਾਈ ਵਿਧੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸੂਬੇ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ-ਚਾਰ ਦਿਨਾਂ ਦੌਰਾਨ ਪੀ.ਐਸ.ਪੀ.ਸੀ.ਐਲ 14000 ਮੈਗਾਵਾਟ ਤੋਂ ਵੱਧ ਦੀ ਵੱਧ ਤੋਂ ਵੱਧ ਮੰਗ ਨੂੰ ਸਫਲਤਾਪੂਰਵਕ ਪੂਰਾ ਕਰ ਰਿਹਾ ਹੈ।
ਇਹ ਵੀ ਪੜ੍ਹੋ: ਅੰਬਾਲਾ ਸੈਂਟਰਲ ਜੇਲ ’ਚ ਕੈਦੀਆਂ ਨੇ ‘ਵਾਰਡਰ’ ’ਤੇ ਹਮਲਾ ਕੀਤਾ
ਬਿਜਲੀ ਮੰਤਰੀ ਨੇ ਕਿਹਾ ਕਿ ਸੂਬੇ ਅੰਦਰ ਲਗਭਗ 6500 ਮੈਗਾਵਾਟ ਉਤਪਾਦਨ ਹੈ ਅਤੇ ਕੇਂਦਰ ਸੈਕਟਰ ਅਤੇ ਬੀ.ਬੀ.ਐਮ.ਬੀ ਪਲਾਂਟਾਂ ਵਿਚ ਰਾਜ ਦਾ 4800 ਮੈਗਾਵਾਟ ਹਿੱਸਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ ਨੇ ਪਹਿਲਾਂ ਹੀ 3000 ਮੈਗਾਵਾਟ ਲਈ ਬੈਂਕਿੰਗ ਵਿਚ ਥੋੜ੍ਹੇ ਸਮੇਂ ਦੇ ਪ੍ਰਬੰਧ ਕੀਤੇ ਹਨ ਅਤੇ 9000 ਮੈਗਾਵਾਟ ਦੀ ਕੁੱਲ ਉਪਲਬਧ ਟਰਾਂਸਮਿਸ਼ਨ ਸਮਰੱਥਾ ਦੀ ਵਰਤੋਂ ਨਾਲ ਪੀ.ਐਸ.ਪੀ.ਸੀ.ਐਲ ਇਸ ਝੋਨੇ ਦੇ ਸੀਜ਼ਨ ਦੌਰਾਨ 15500 ਮੈਗਾਵਾਟ ਦੀ ਮੰਗ ਨੂੰ ਪੂਰਾ ਕਰਨ ਦੇ ਯੋਗ ਹੋ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਵਿਚ ਇਲੈਕਟ੍ਰਿਕ ਵਾਹਨਾਂ ਨੂੰ ਉਤਸ਼ਾਹਤ ਕਰਨ ਲਈ ਕਰੀਬ 300 ਕਰੋੜ ਰੁਪਏ ਦੀਆਂ ਰਿਆਇਤਾਂ ਦਿਤੀਆਂ ਜਾਣਗੀਆਂ : ਲਾਲਜੀਤ ਸਿੰਘ ਭੁੱਲਰ
ਬਿਜਲੀ ਮੰਤਰੀ ਨੇ ਕਿਹਾ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੁਆਰਾ ਕੇਂਦਰੀ ਸੈਕਟਰ ਤੋਂ ਵਾਧੂ 1000 ਮੈਗਾਵਾਟ ਦੀ ਅਲਾਟਮੈਂਟ ਨਾ ਕੀਤੇ ਜਾਣ ਕਾਰਨ ਬਿਜਲੀ ਦੀ ਜ਼ਰੂਰਤ ਨੂੰ ਪੂਰਾ ਕਰਨ ਲਈ ਐਕਸਚੇਂਜ ਤੋਂ ਬਿਜਲੀ ਖਰੀਦੀ ਜਾ ਰਹੀ ਹੈ।
ਇਥੇ ਵਰਣਨਯੋਗ ਹੈ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਪਿਛਲੇ ਹਫ਼ਤੇ ਇਥੇ ਹੋਈ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਝੋਨੇ ਦੇ ਸੀਜ਼ਨ ਲਈ ਬਿਜਲੀ ਸਪਲਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਸੀ, ਜਿਸ ਵਿਚ ਪ੍ਰਮੁੱਖ ਸਕੱਤਰ ਬਿਜਲੀ ਸ੍ਰੀ ਤੇਜਵੀਰ ਸਿੰਘ, ਪੀ.ਐਸ.ਪੀ.ਸੀ.ਐਲ ਦੇ ਸੀ.ਐਮ.ਡੀ. ਬਲਦੇਵ ਸਿੰਘ ਸਰਾਂ, ਡਾਇਰੈਕਟਰ ਵੰਡ ਪੀ.ਐਸ.ਪੀ.ਸੀ.ਐਲ ਡੀ.ਪੀ.ਐਸ.ਗਰੇਵਾਲ, ਡਾਇਰੈਕਟਰ ਜਨਰੇਸ਼ਨ ਪੀ.ਐਸ.ਪੀ.ਸੀ.ਐਲ. ਪਰਮਜੀਤ ਸਿੰਘ, ਡਾਇਰੈਕਟਰ ਟੈਕਨੀਕਲ ਪੀ.ਐਸ.ਟੀ.ਸੀ.ਐਲ ਵਰਦੀਪ ਸਿੰਘ ਮੰਡੇਰ ਵੀ ਹਾਜ਼ਰ ਸਨ।