ਕਿਸਾਨ ਆਗੂ ਕਸ਼ਮੀਰ ਸਿੰਘ ਜੰਡਿਆਲਾ ਦੀ ਸੜਕ ਹਾਦਸੇ ’ਚ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਲਾਜ ਦੌਰਾਨ ਡਾਕਟਰਾਂ ਨੇ ਮ੍ਰਿਤਕ ਐਲਾਨਿਆ

Farmer leader Kashmir Singh Jandiala dies in road accident

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਦੋਆਬਾ ਖੇਤਰ ਦੇ ਬੁਲਾਰੇ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਸ਼ੁੱਕਰਵਾਰ ਨੂੰ ਇਕ ਸੜਕ ਹਾਦਸੇ ਵਿਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਉਹ ਸਵੇਰੇ 11 ਵਜੇ ਦੇ ਕਰੀਬ ਆਪਣੇ ਮੋਟਰਸਾਈਕਲ ’ਤੇ ਖੇਤਾਂ ਵਲ ਗਏ ਤਾਂ ਅਚਾਨਕ ਤੇਜ਼ ਰਫ਼ਤਾਰ ਨਾਲ ਆ ਰਹੇ ਇਕ ਬੁਲੇਟ ਮੋਟਰਸਾਈਕਲ ਨਾਲ ਉਨ੍ਹਾਂ ਦੀ ਭਿਆਨਕ ਟੱਕਰ ਹੋ ਗਈ। ਟੱਕਰ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਕਸ਼ਮੀਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਆਲੇ-ਦੁਆਲੇ ਦੇ ਲੋਕ ਅਤੇ ਉਨ੍ਹਾਂ ਦੇ ਪਰਿਵਾਰ ਵਾਲੇ ਉਨ੍ਹਾਂ ਨੂੰ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਲੈ ਗਏ, ਪਰ ਦਿਮਾਗੀ ਸੱਟ ਅਤੇ ਹੋਰ ਗੰਭੀਰ ਸੱਟਾਂ ਕਾਰਨ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ ਰੈਫਰ ਕਰ ਦਿਤਾ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ।

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਸਮਰਾ ਨੇ ਦਸਿਆ ਕਿ ਹਾਦਸੇ ਦੌਰਾਨ ਜਥੇਦਾਰ ਕਸ਼ਮੀਰ ਸਿੰਘ ਦੀ ਬਾਂਹ ਅਤੇ ਲੱਤ ਟੁੱਟ ਗਈ ਸੀ ਅਤੇ ਉਨ੍ਹਾਂ ਨੂੰ ਅੱਖ ਦੇ ਉੱਪਰ ਦਿਮਾਗੀ ਸੱਟ ਲੱਗੀ ਸੀ, ਜਿਸ ਕਾਰਨ ਉਨ੍ਹਾਂ ਦੀ ਹਸਪਤਾਲ ਪਹੁੰਚਦੇ ਹੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਬੁਲੇਟ ਮੋਟਰਸਾਈਕਲ ਸਵਾਰ ਨੌਜਵਾਨ ਦੀ ਪਛਾਣ ਮਲਕੀਤ ਸਿੰਘ ਵਾਸੀ ਜਮਸ਼ੇਰ ਵਜੋਂ ਹੋਈ ਹੈ, ਜਿਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਥੇਦਾਰ ਦੇ ਪਰਿਵਾਰ ਨੇ ਹਾਦਸੇ ਵਿਚ ਕੋਈ ਵੀ ਕਾਨੂੰਨੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿਤਾ। ਮਨਦੀਪ ਸਿੰਘ ਸਮਰਾ ਨੇ ਕਿਹਾ ਕਿ ਕਿਸਾਨ ਆਗੂ ਦਾ ਅੰਤਿਮ ਸਸਕਾਰ ਕੈਨੇਡਾ ਵਿਚ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਆਉਣ ਤੋਂ ਬਾਅਦ ਹੀ ਕੀਤਾ ਜਾਵੇਗਾ।