ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਕੋਲੋਂ ਚੰਡੀਗੜ੍ਹ ਮੰਗਿਆ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ...

Secretariat

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਪੰਜਾਬ ਦੇ ਕਾਡਰ ਦੀ ਸੁਰੱਖਿਆ ਵਾਸਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਸੂਬਿਆਂ ਵਿੱਚਕਾਰ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚਲੇ ਸਰੋਤਾਂ ਅਤੇ ਕਰਮਚਾਰੀਆਂ ਦੇ ਹਿੱਸੇ ਸਬੰਧੀ ਉੱਚ ਦਰਜੇ ਦਾ ਸੰਤੁਲਨ ਬਣਾਏ ਰੱਖਣ ਨੂੰ ਯਕੀਨੀ ਬਣਾਉਣ ਦੀ ਮੰਗ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਤੁਲਨ ਨੂੰ ਭੰਗ ਕਰਨ ਦੀ ਆਗਿਆ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਨੇ ਲੰਬਿਤ ਪਏ ਖੇਤਰੀ ਵਿਵਾਦ ਦੇ ਹੱਲ ਅਤੇ ਚੰਡੀਗੜ੍ਹ ਪੰਜਾਬ ਨੂੰ ਦਿੱਤੇ ਜਾਣ ਦੀ ਵੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ। 

ਪੰਜਾਬ ਅਤੇ ਹਰਿਆਣਾ ਵਿੱਚਕਾਰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿਚਲੇ ਅਧਿਕਾਰੀਆਂ/ ਕਰਮਚਾਰੀਆਂ ਅਤੇ ਹੋਰ ਸਰੋਤਾਂ ਦੀ ਹਿੱਸੇਦਾਰੀ ਦੇ 'ਵਧੀਆ ਸੰਤੁਲਨ' ਨੂੰ ਪਿਛਲੇ ਕੁਝ ਸਾਲਾਂ ਤੋਂ ਲਗਾਤਾਰ ਭੰਗ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਉਹ ਮੰਤਰਾਲੇ ਨੂੰ ਇਹ ਸਲਾਹ ਦੇਣ ਕਿ ਉਹ ਯੂ.ਟੀ. ਕਾਡਰ ਦੇ ਅਧਿਕਾਰੀਆਂ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਵਿੱਚ ਸ਼ਾਮਲ ਨਾ ਕਰਨ।

 ਉਨ੍ਹਾਂ ਨੇ ਪਹਿਲਾਂ ਤੋਂ ਨਿਰਧਾਰਤ ਹਿੱਸੇ ਦੀ ਅਨੁਪਾਤ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਦੀ ਭੂਮਿਕਾ ਅਤੇ ਜ਼ਿੰਮੇਵਾਰੀ ਨੂੰ ਨਾ ਘਟਾਉਣ ਵਾਸਤੇ ਵੀ ਗ੍ਰਹਿ ਮੰਤਰੀ ਨੂੰ ਆਖਿਆ ਹੈ।  ਉਨ੍ਹਾਂ ਨੇ ਚੰਡੀਗੜ੍ਹ ਦੇ ਸੀਨੀਅਰ ਸੁਪਰਡੰਟ ਆਫ ਪੁਲਿਸ ਦੀ ਭੂਮਿਕਾ ਪਹਿਲਾਂ ਵਾਂਗ ਜਿਲ੍ਹਾ ਪੁਲਿਸ ਦੇ ਮੁਖੀ ਵਜੋਂ ਬਹਾਲ ਕਰਨ ਦੀ ਮੰਗ ਕੀਤੀ ਹੈ।

ਆਪਣੇ ਪੱਤਰ ਵਿੱਚ ਮੁੱਖ ਮੰਤਰੀ ਨੇ ਯੂ.ਟੀ. ਕਾਡਰ ਦੇ ਡਿਪਟੀ ਐਸ.ਪੀ. ਅਤੇ ਹੋਰ ਕਰਮਚਾਰੀਆਂ ਨੂੰ ਚੰਡੀਗੜ੍ਹ ਵਿੱਚ ਸ਼ਾਮਲ ਨਾ ਕਰਨ ਲਈ ਵੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਤਾਂ ਜੋ ਪੰਜਾਬ ਅਤੇ ਹਰਿਆਣਾ ਦੀ ਹਿੱਸੇਦਾਰੀ ਉਸ ਸਮੇਂ ਤੱਕ ਬਣੀ ਰਹੇ ਜਦੋਂ ਤੱਕ ਦੋਵਾਂ ਸੂਬਿਆਂ ਵਿੱਚ ਅੰਤਿਮ ਰੂਪ 'ਚ ਲੰਬਿਤ ਪਿਆ ਇਲਾਕਾਈ ਵਿਵਾਦ ਹੱਲ ਨਹੀਂ ਹੋ ਜਾਂਦਾ।