ਵਿਰਾਸਤ-ਏ-ਖ਼ਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨ ਦਾ ਖ਼ਾਕਾ ਤਿਆਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਇੱਕ ਵਿਸਥਾਰਤ ਖ਼ਾਕਾ ਤਿਆਰ ਕੀਤਾ ਹੈ.........

Navjot Singh Sidhu

ਚੰਡੀਗੜ੍ਹ : ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਸੂਬੇ ਵਿਚ ਸੈਰ ਸਪਾਟੇ ਨੂੰ ਵਿਕਸਤ ਕਰਨ ਲਈ ਇੱਕ ਵਿਸਥਾਰਤ ਖ਼ਾਕਾ ਤਿਆਰ ਕੀਤਾ ਹੈ ਜਿਸ ਵਿੱਚ ਵਿਰਾਸਤ-ਏ-ਖਾਲਸਾ ਨੂੰ ਸੈਰ ਸਪਾਟੇ ਦੇ ਗੜ੍ਹ ਵਜੋਂ ਵਿਕਸਤ ਕਰਨਾ, ਸ੍ਰੀ ਅਨੰਦਪੁਰ ਸਾਹਿਬ ਨੂੰ ਸ਼ਾਨਦਾਰ ਬੁਨਿਆਦੀ ਢਾਂਚੇ ਅਤੇ ਸ਼ਰਧਾਲੂਆਂ ਲਈ ਬਿਹਤਰ ਸਹੂਲਤਾਂ ਨਾਲ ਲੈਸ ਕਰਨਾ ਇਸ ਵਿਚ ਇੱਕ ਅਹਿਮ ਪੱਖ ਹੈ। ਅਨੰਦਪੁਰ ਸਾਹਿਬ ਫਾਊਂਡੇਸ਼ਨ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ. ਸਿੱਧੂ ਨੇ ਕਿਹਾ ਕਿ ਹੁਣ ਢੁਕਵਾਂ ਸਮਾਂ ਹੈ ਕਿ ਇੱਥੇ ਬਜਟ ਹੋਟਲ, ਫੂਡ ਕੋਰਟ,

ਯਾਦ ਚਿੰਨ੍ਹਾਂ ਨੂੰ ਵੇਚਣ ਵਾਲੀਆਂ ਦੁਕਾਨਾਂ ਅਤੇ ਆਰਜ਼ੀ ਟੈਂਟਾਂ ਦੀਆਂ ਰਿਹਾਇਸ਼ਾਂ ਵਰਗੀਆਂ ਸਹੂਲਤਾਂ ਦਾ ਪ੍ਰਬੰਧ ਕੀਤਾ ਜਾਵੇ। ਸ. ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ 'ਸਵਦੇਸ਼ ਦਰਸ਼ਨ ਸਕੀਮ' ਤਹਿਤ ਸੂਬੇ ਦੀਆਂ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੀਆਂ ਥਾਵਾਂ ਦੇ ਵਿਕਾਸ ਲਈ ਪਹਿਲਾਂ ਹੀ 99 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੋਈ ਹੈ ਜਿਸ ਵਿੱਚੋਂ 29 ਕਰੋੜ ਰੁਪਏ ਦੀ ਰਕਮ ਸਿਰਫ਼ ਸ੍ਰੀ ਅਨੰਦਪੁਰ ਸਾਹਿਬ ਦੇ ਸਰਵਪੱਖੀ ਵਿਕਾਸ 'ਤੇ ਖ਼ਰਚੀ ਜਾਵੇਗੀ।ਸ੍ਰੀ ਅਨੰਦਪੁਰ ਸਾਹਿਬ ਨੂੰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਹੈਰੀਟੇਜ਼ ਸਟਰੀਟ ਦੀ ਤਰਜ਼ 'ਤੇ ਵਿਕਸਿਤ ਕਰਨ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ

ਉਨ੍ਹਾਂ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਨੂੰ ਇੱਕ ਵਿਸਥਾਰਪੂਰਬਕ ਯੋਜਨਾ ਬਣਾਉਣ ਲਈ ਕਿਹਾ।  ਇਸ ਮੌਕੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ, ਵਧੀਕ ਮੁੱਖ ਸਕੱਤਰ ਮਾਲ ਸ੍ਰੀਮਤੀ ਵਿਨੀ ਮਹਾਜਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸੈਰ ਸਪਾਟਾ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ, ਲੋਕ ਨਿਰਮਾਣ ਵਿਭਾਗ ਦੇ ਸਕੱਤਰ ਹੁਸਨ ਲਾਲ ਅਤੇ ਵਿੱਤ ਵਿਭਾਗ ਦੇ ਵਿਸ਼ੇਸ਼ ਸਕੱਤਰ ਡਾ. ਅਭਿਨਵ ਤ੍ਰਿਖਾ ਵੀ ਹਾਜ਼ਰ ਸਨ।