ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਟੀਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਵੇਗੀ ਸ਼੍ਰੋਮਣੀ ਕਮੇਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ

Gobind Singh Longowal

ਅੰਮ੍ਰਿਤਸਰ, 20 ਜੁਲਾਈ (ਸੁਖਵਿੰਦਰਜੀਤ ਸਿੰਘ ਬਹੋੜੂ): ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਪਬਲੀਕੇਸ਼ਨ ਵਿਭਾਗ ਨਾਲ ਸਬੰਧਤ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਲਈ ਵਚਨਬੱਧ ਹੈ ਅਤੇ ਅਕਾਲ ਤਖ਼ਤ ਸਾਹਿਬ ਵਲੋਂ ਹਾਈ ਕੋਰਟ ਦੇ ਸੇਵਾ ਮੁਕਤ ਸਿੱਖ ਜੱਜ ਦੀ ਅਗਵਾਈ ਵਿਚ ਗਠਤ ਕੀਤੀ ਗਈ ਜਾਂਚ-ਕਮੇਟੀ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਬਿਆਨ ਵਿਚ ਕੀਤਾ ਹੈ। 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਅਕਾਲ ਤਖ਼ਤ ਸਾਹਿਬ ਵਲੋਂ ਸੇਵਾਮੁਕਤ ਸਿੱਖ ਜੱਜ ਬੀਬੀ ਨਵਿਤਾ ਸਿੰਘ ਦੀ ਅਗਵਾਈ ਵਿਚ ਬਣਾਈ ਜਾਂਚ ਕਮੇਟੀ ਦਾ ਸਵਾਗਤ ਕਰਦੀ ਹੈ ਅਤੇ ਜਾਂਚ ਦੌਰਾਨ ਸਹਿਯੋਗ ਵਜੋਂ ਲੋੜੀਂਦਾ ਸਟਾਫ਼ ਮੁਹਈਆ ਕਰਵਾਇਆ ਜਾਵੇਗਾ। ਇਸ ਸਬੰਧ ਵਿਚ ਉੱਚ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿਤੇ ਗਏ ਹਨ। ਸ਼੍ਰੋਮਣੀ ਕਮੇਟੀ ਮਾਮਲੇ ਦੀ ਨਿਰਪੱਖ ਜਾਂਚ ਕਰਾਉਣ ਲਈ ਸੰਜੀਦਾ ਹੈ। ਇਸੇ ਲਈ ਬੀਤੇ ਦਿਨੀਂ ਅੰਤਿ੍ਰੰਗ ਕਮੇਟੀ ਵਲੋਂ ਮਤਾ ਪਾਸ ਕਰ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸਾਬਕਾ ਸੀਨੀਅਰ ਸਿੱਖ ਜੱਜ ਪਾਸੋਂ ਜਾਂਚ ਕਰਵਾਉਣ ਲਈ ਬੇਨਤੀ ਕੀਤੀ ਗਈ ਸੀ।

‘ਜਥੇਦਾਰ’ ਨੇ ਹਾਈ ਕੋਰਟ ਦੇ ਸਾਬਕਾ ਜੱਜ ਨੂੰ ਜਾਂਚ ਦੀ ਜ਼ੁੰਮੇਵਾਰੀ ਦਿਤੀ ਹੈ। ਇਹ ਮਾਮਲਾ ਧਾਰਮਕ ਹੈ, ਜਿਸ ’ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ। ਰਾਜਨੀਤਕ ਲਾਹਾ ਲੈਣ ਦੀ ਮਨਸ਼ਾ ਨਾਲ ਬਿਆਨਬਾਜ਼ੀ ਠੀਕ ਨਹੀਂ। ਉਨ੍ਹਾਂ ਰਾਜਸੀ ਧਿਰਾਂ ਨੂੰ ਇਸ ਮਾਮਲੇ ’ਤੇ ਜਾਂਚ ਰੀਪੋਰਟ ਆਉਣ ਤਕ ਬਿਆਨਬਾਜ਼ੀ ਨਾ ਕਰਨ ਦੀ ਅਪੀਲ ਕੀਤੀ। ਭਾਈ ਲੌਂਗੋਵਾਲ ਨੇ ਇਹ ਵੀ ਕਿਹਾ ਕਿ ਜਾਂਚ ਰੀਪੋਰਟ ਵਿਚ ਜੋ ਵੀ ਦੋਸ਼ੀ ਪਾਇਆ ਗਿਆ, ਸ਼੍ਰੋਮਣੀ ਕਮੇਟੀ ਵਲੋਂ ਉਸ ਵਿਰੁਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਦੋਸ਼ੀ ਭਾਵੇਂ ਕੋਈ ਵੀ ਹੋਵੇ ਬਖ਼ਸ਼ਿਆ ਨਹੀਂ ਜਾਵੇਗਾ।