ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ

Chief Minister Bhagwant Mann expressed grief over the death of MLA Kunwar Vijay Pratap's wife

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ।

ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ। ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ।

ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਦੁੱਖ ਦੀ ਇਸ ਘੜੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।