ਡੀ.ਜੀ.ਪੀ. ਵਲੋਂ 59ਵੇਂ ਪਲਿਸ ਯਾਦਗਾਰੀ ਦਿਵਸ ਪਰੇਡ ਮੌਕੇ ਸਮਾਗਮ ਦੀ ਪ੍ਰਧਾਨਗੀ
ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਆਖਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ...
ਚੰਡੀਗੜ੍ਹ (ਸਸਸ) : ਸੂਬੇ ਦੇ ਪੁਲੀਸ ਮੁਖੀ ਸ੍ਰੀ ਸੁਰੇਸ਼ ਅਰੋੜਾ ਨੇ ਅੱਜ ਆਖਿਆ ਕਿ ਅੰਮ੍ਰਿਤਸਰ ਰੇਲ ਹਾਦਸੇ ਦੀ ਅਪਰਾਧਿਕ ਜ਼ਿੰਮੇਵਾਰੀ ਤੈਅ ਕਰਨ ਲਈ ਏ.ਡੀ.ਜੀ.ਪੀ. (ਰੇਲਵੇ) ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਜਾਂਚ ਸੌਂਪੀ ਗਈ ਹੈ। ਅੱਜ ਇਥੇ 59ਵੇਂ ਪੁਲੀਸ ਯਾਦਗਾਰੀ ਦਿਵਸ ਪਰੇਡ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਨੇ ਕਿਹਾ ਕਿ ਕਿਸੇ ਪਾਸੇ ਤੋਂ ਤਾਂ ਅਣਗਹਿਲੀ ਹੋਈ ਹੈ ਅਤੇ ਇਸ ਦੀ ਜ਼ਿੰਮੇਵਾਰੀ ਤੈਅ ਕਰਨ ਲਈ ਜਾਂਚ ਦੇ ਹੁਕਮ ਦਿਤੇ ਗਏ ਹਨ। ਸ੍ਰੀ ਅਰੋੜਾ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਤੇ ਦਿਲ ਦਹਿਲਾ ਦੇਣ ਵਾਲੀ ਘਟਨਾ ਹੈ
ਉਨ੍ਹਾਂ ਕਿਹਾ ਕਿ ਕਿਸੇ ਵੀ ਵਿਦਿਆਰਥੀ ਵਲੋਂ ਮੁਲਕ ਦੇ ਕਿਸੇ ਵੀ ਹਿੱਸੇ ਵਿਚ ਜਾ ਕੇ ਮਿਆਰੀ ਸਿੱਖਿਆ ਹਾਸਲ ਕਰਨ ਨੂੰ ਯਕੀਨੀ ਬਣਾਉਣਾ ਸਾਡਾ ਨੈਤਿਕ ਫਰਜ਼ਾ ਬਣਦਾ ਹੈ। ਇਸ ਦੇ ਨਾਲ ਹੀ ਸ੍ਰੀ ਅਰੋੜਾ ਨੇ ਕਿਹਾ ਕਿ ਜੇਕਰ ਕੋਈ ਨਾਗਰਿਕ ਕਾਨੂੰਨ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਕਾਨੂੰਨ ਅਪਣਾ ਰਾਹ ਅਖਤਿਆਰ ਕਰੇਗਾ। ਸੂਬੇ ਦੇ ਪੁਲੀਸ ਮੁਖੀ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਿਆਂ ਦੇ ਪੁਲੀਸ ਮੁਖੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰਕੇ ਆਖਿਆ ਕਿ ਵਿਦਿਅਕ ਸੰਸਥਾਵਾਂ ਵਿਚ ਤਾਲੀਮ ਹਾਸਲ ਕਰ ਰਹੇ ਵਿਦਿਆਰਥੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ ਕਰਕੇ ਭਰੋਸਾ ਦਿਤਾ ਜਾਵੇ
ਇਕ ਹੋਰ ਸਵਾਲ ਦੇ ਜਵਾਬ ਵਿਚ ਡੀ.ਜੀ.ਪੀ. ਨੇ ਕਿਹਾ ਕਿ ਨੌਜਵਾਨਾਂ ਨੂੰ ਗੁੰਮਰਾਹ ਕਰਨ ਲਈ ਸ਼ੋਸਲ ਮੀਡੀਆ 'ਤੇ ਕੀਤੀਆਂ ਜਾ ਰਹੀਆਂ ਕੋਝੀਆਂ ਕੋਸ਼ਿਸ਼ਾਂ ਪ੍ਰਤੀ ਸਖਤੀ ਨਾਲ ਨਿਪਟਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਲ 1984-1994 ਦੇ ਕਾਲੇ ਦੌਰ ਦੌਰਾਨ ਵੀ ਅਜਿਹੀਆਂ ਹੀ ਚਾਲਾਂ ਚੱਲੀਆਂ ਗਈਆਂ ਸਨ ਪਰ ਨੌਜਵਾਨਾਂ ਨੂੰ ਅਜਿਹੇ ਯਤਨਾਂ ਤੋਂ ਦੂਰ ਰਹਿਣਾ ਚਾਹੀਦਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ਨੌਜਵਾਨਾਂ ਨੂੰ ਇਸ ਰਸਤੇ 'ਤੇ ਚੱਲਣ ਦੀ ਬਜਾਏ ਮੁਲਕ ਖਾਸ ਕਰਕੇ ਸੂਬੇ ਦੇ ਸਮਾਜਿਕ ਤੇ ਆਰਥਿਕ ਵਿਕਾਸ ਲਈ ਖੁੱਲ੍ਹ ਕੇ ਯੋਗਦਾਨ ਪਾਉਣਾ ਚਾਹੀਦਾ ਹੈ।
ਡੀ.ਜੀ.ਪੀ. ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਤਿਵਾਦ ਵਿਰੁੱਧ ਲੜਦਿਆਂ ਸ਼ਹੀਦ ਹੋਣ ਵਾਲੇ ਅਫਸਰਾਂ ਦੀ ਵਿਸ਼ੇਸ਼ ਪਰਿਵਾਰ ਪੈਨਸ਼ਨ ਬਹਾਲ ਕਰਨ ਦੇ ਫੈਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਸਾਲ 2014 ਵਿਚ ਪੈਨਸ਼ਨ ਵਿਚ ਲੱਗੇ ਕੱਟ ਦੀ ਬਜਾਏ ਪਰਿਵਾਰਾਂ ਨੂੰ ਲਾਲ ਕਾਰਡ ਦੀ ਸਹੂਲਤ ਸਮੇਤ ਪੂਰੀ ਪੈਨਸ਼ਨ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਅਪਣੇ ਮਹਾਨ ਨਾਇਕਾਂ ਪ੍ਰਤੀ ਹਮੇਸ਼ਾ ਰਿਣੀ ਰਹੇਗੀ ਜਿਨ੍ਹਾਂ ਦੇ ਬਹਾਦਰੀ ਭਰੇ ਕਾਰਨਾਮਿਆਂ ਨੇ ਪੰਜਾਬ ਫੋਰਸ ਦੀ ਸ਼ਾਨ ਵਧਾਈ। ਇਸ ਦੌਰਾਨ ਡੀ.ਜੀ.ਪੀ. ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।