ਪੰਜਾਬ ਦੀਆਂ ਜੇਲ੍ਹਾਂ ਵਿੱਚ 33 ਹਜ਼ਾਰ ਕੈਦੀਆਂ 'ਚੋਂ 46 ਫ਼ੀਸਦੀ ਨਸ਼ੇ ਦੇ ਆਦੀ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਵੱਲੋਂ ਕਰਵਾਏ ਸਰਵੇਖਣ ਵਿੱਚ ਹੋਇਆ ਖ਼ੁਲਾਸਾ

46 percent of the 33 thousand prisoners in Punjab jails are drug addicts

ਜੇਲ੍ਹਾਂ ਨੂੰ ਸੁਧਾਰ ਘਰ ਵਜੋਂ ਤਿਆਰ ਕਰ ਕੇ ਕੈਦੀਆਂ ਨੂੰ ਨਸ਼ਾ ਛੱਡਣ ਲਈ ਕੀਤਾ ਜਾ ਰਿਹਾ ਪ੍ਰੇਰਿਤ - ਹਰਜੋਤ ਸਿੰਘ ਬੈਂਸ 
ਮੁਹਾਲੀ :
ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਲਗਭਗ 33 ਹਜ਼ਾਰ ਕੈਦੀਆਂ ਵਿੱਚੋਂ 46 ਫ਼ੀਸਦੀ ਕੈਦੀ ਨਸ਼ੇ ਦੇ ਆਦੀ ਹਨ ਅਤੇ ਇਨ੍ਹਾਂ ਵਿੱਚੋਂ ਸਵੈ-ਇੱਛਾ ਨਾਲ ਨਸ਼ਾ ਛੱਡਣ ਵਾਲਿਆਂ ਦੀ ਗਿਣਤੀ ਨਾ ਮਾਤਰ ਹੈ। ਇਹ ਖੁਲਾਸਾ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕਰਵਾਏ ਗਏ ਸਰਵੇਖਣ ਦੇ ਅੰਕੜਿਆਂ ਤੋਂ ਹੋਇਆ ਹੈ। ਇਸ ਰਿਪੋਰਟ ਬਾਰੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ। ਦੱਸ ਦੇਈਏ ਕਿ ਉਨ੍ਹਾਂ ਨੇ ਅੰਮ੍ਰਿਤਸਰ ਕੇਂਦਰੀ ਜੇਲ੍ਹ ਦਾ ਅਚਨਚੇਤ ਦੌਰਾ ਕੀਤਾ ਅਤੇ ਜੇਲ੍ਹ ਪ੍ਰਬੰਧਾਂ ਦੀ ਸਮੀਖਿਆ ਦੇ ਨਾਲ-ਨਾਲ ਕੈਦੀਆਂ ਨਾਲ ਵੀ ਗੱਲਬਾਤ ਕੀਤੀ।

ਹਰਜੋਤ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੇਲ੍ਹਾਂ ਸੁਧਾਰ ਘਰ ਵਜੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਤਹਿਤ ਕੈਦੀਆਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਆ ਜਾ ਰਿਹਾ ਹੈ। ਇਹ ਕੰਮ ਸਰਕਾਰ ਇੱਕ ਮਿਸ਼ਨ ਵਜੋਂ ਕਰ ਰਹੀ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਜੇਲ੍ਹਾਂ ਵਿੱਚੋਂ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਮੋਬਾਈਲ ਨੈੱਟਵਰਕ ਜਾਮ ਕਰਨ ਲਈ ਅਤਿ ਆਧੁਨਿਕ ਤਕਨੀਕ ਆਰਐੱਫ ਤਕਨਾਲੋਜੀ ਦੀ ਵਰਤੋਂ ਕੀਤੀ ਜਾਵੇਗੀ। ਇਹ ਤਕਨੀਕ ਵਰਤਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਕੈਦੀਆਂ ਤੇ ਹਵਾਲਾਤੀਆਂ ਦੀ ਤਲਾਸ਼ੀ ਲਈ ਹਰੇਕ ਜੇਲ੍ਹ ਵਿਚ ਬਾਡੀ ਸਕੈਨਰ ਲਾਏ ਜਾਣਗੇ।

ਇਸ ਤੋਂ ਇਲਾਵਾ ਅਤਿ ਸੁਰੱਖਿਅਤ ਜੇਲ੍ਹਾਂ ਵਿੱਚ ਜਿਥੇ ਗੈਂਗਸਟਰ ਬੰਦ ਹਨ ਉਥੇ ਲੋਹੇ ਦੀ ਜਾਲੀ ਲਗਾਈ ਜਾਵੇਗੀ ਤਾਂ ਜੋ ਮੋਬਾਈਲ ਫੋਨ ਜਾਂ ਕੋਈ ਵੀ ਹੋਰ ਸਾਮਾਨ ਬਾਹਰੋਂ ਨਾ ਆ ਸਕੇ। ਇਸ ਤੋਂ ਇਲਾਵਾ ਗੈਂਗਸਟਰਾਂ ਦੀ ਰੋਜ਼ ਦੋ ਵਾਰ ਤਲਾਸ਼ੀ ਸ਼ੁਰੂ ਕੀਤੀ ਗਈ ਹੈ। ਤਲਾਸ਼ੀ ਲੈਣ ਵਾਲੀ ਟੀਮ ਨੂੰ ਲਗਾਤਾਰ ਬਦਲਿਆ ਜਾ ਰਿਹਾ ਹੈ।

ਮਿਲੀ ਜਾਣਕਾਰੀ ਅਨੁਸਾਰ ਜੇਲ੍ਹਾਂ ਵਿੱਚੋਂ ਹੁਣ ਤੱਕ 3600 ਮੋਬਾਈਲ ਫੋਨ ਬਰਾਮਦ ਕੀਤੇ ਜਾ ਚੁੱਕੇ ਹਨ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜੇਲ੍ਹ ਅਮਲੇ ਦੀ ਕਮੀ ਨੂੰ ਪੂਰਾ ਕਰਨ ਲਈ 800 ਜੇਲ੍ਹ ਵਾਰਡਨਾ ਦੀ ਸਿਖਲਾਈ ਚੱਲ ਰਹੀ ਹੈ ਅਤੇ 800 ਹੋਰ ਵਾਰਡਨਾਂ ਦੀ ਭਰਤੀ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਸੁਧਾਰਾਂ ਤਹਿਤ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪਰਿਵਾਰਕ ਮਿਲਣੀ ਵਰਗੀਆਂ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਨਸ਼ਾ ਛੱਡਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।