ਅਨਿਲ ਠਾਕੁਰ ਨੇ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਏਜੰਸੀ

ਖ਼ਬਰਾਂ, ਪੰਜਾਬ

ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਵਾਂਗਾ- ਅਨਿਲ ਠਾਕੁਰ

Anil Thakur took over as Chairman of Punjab Traders Board

 

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਦੀ ਮੌਜੂਦਗੀ ਵਿੱਚ ਅਨਿਲ ਠਾਕੁਰ ਨੇ ਅੱਜ ਪੰਜਾਬ ਟਰੇਡਰਜ਼ ਬੋਰਡ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ 'ਤੇ ਬੋਲਦਿਆਂ ਵਿੱਤ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਅਨਿਲ ਠਾਕੁਰ ਵਪਾਰੀਆਂ ਪੱਖੀ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਅਤੇ ਵਪਾਰੀਆਂ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਨਗੇ। ਠਾਕੁਰ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਨੇ ਵਪਾਰੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਅਨਿਲ ਠਾਕੁਰ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੀਨੀਅਰ ਲੀਡਰਸ਼ਿਪ ਦਾ ਉਨ੍ਹਾਂ ਵਿੱਚ ਵਿਸ਼ਵਾਸ਼ ਦਿਖਾਉਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਆਪਣੀ ਯੋਗਤਾ ਅਤੇ ਤਨਦੇਹੀ ਨਾਲ ਨਿਭਾਉਣਗੇ। ਜ਼ਿਕਰਯੋਗ ਹੈ ਕਿ ਬਠਿੰਡਾ ਦੇ ਅਨਿਲ ਠਾਕੁਰ 'ਆਪ' ਦੇ ਵਪਾਰ ਅਤੇ ਉਦਯੋਗ ਵਿੰਗ ਦੇ ਸੂਬਾ ਪ੍ਰਧਾਨ, ਪੰਜਾਬ ਹੋਟਲ ਐਸੋਸੀਏਸ਼ਨ ਦੇ ਜਨਰਲ ਸਕੱਤਰ ਅਤੇ ਪੰਜਾਬ ਰਾਜਪੂਤ ਮਹਾਸਭਾ ਦੇ ਜਨਰਲ ਸਕੱਤਰ ਵੀ ਹਨ।