ਕੌਣ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਅਗਲਾ ਪ੍ਰਧਾਨ ?

ਏਜੰਸੀ

ਖ਼ਬਰਾਂ, ਪੰਜਾਬ

ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਡੇ ਸਿਆਸੀ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਸਿੱਖ ਪੰਥ ਅੰਦਰੋਂ ਹੀ ਉਨ੍ਹਾਂ ਲਈ ਵੱਡੀਆਂ ਵੰਗਾਰਾਂ ਖੜ੍ਹੀਆਂ ਹਨ।

Who Will Be New President Of SGPC

ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦਾ ਅਗਲਾ ਪ੍ਰਧਾਨ ਕੌਣ ਹੋਏਗਾ? ਇਸ ਸਵਾਲ ਦਾ ਜਵਾਬ ਤਾਂ 27 ਨਵੰਬਰ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਚੋਣ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਇਸ਼ਾਰੇ 'ਤੇ ਹੀ ਹੋਣੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਵੀ ਸੁਖਬੀਰ ਬਾਦਲ ਦੀਆਂ ਸਿਆਸੀ ਗਿਣਤੀਆਂ-ਮਿਣਤੀਆਂ ਵਿੱਚੋਂ ਹੀ ਨਿਕਲੇਗਾ।

ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਵੱਡੇ ਸਿਆਸੀ ਸੰਕਟ ਵਿਚੋਂ ਗੁਜ਼ਰ ਰਿਹਾ ਹੈ। ਸਿੱਖ ਪੰਥ ਅੰਦਰੋਂ ਹੀ ਉਨ੍ਹਾਂ ਲਈ ਵੱਡੀਆਂ ਵੰਗਾਰਾਂ ਖੜ੍ਹੀਆਂ ਹਨ। ਅਜਿਹੇ ਵਿਚ ਅਕਾਲੀ ਦਲ ਨੂੰ ਸ਼੍ਰੋਮਣੀ ਕਮੇਟੀ ਤੋਂ ਹੀ ਉਮੀਦਾਂ ਹਨ ਜਿਸ ਰਾਹੀਂ ਪੰਥਕ ਹਲਕਿਆਂ ਵਿਚ ਮੁੜ ਪਕੜ ਬਣਾਈ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਅਜਿਹੇ ਸ਼ਖਸ ਨੂੰ ਹੀ ਅੱਗੇ ਲਿਆਉਣਗੇ ਜਿਹੜਾ ਕੇਸ ਵਿਵਾਦ ਤੋਂ ਦੂਰ ਹੋਵੇ ਤੇ ਔਖੇ ਵੇਲੇ ਅਕਾਲੀ ਦਲ ਲਈ ਸਹਾਰਾ ਬਣੇ।

ਅਕਾਲੀ ਸੂਤਰਾਂ ਦਾ ਕਹਿਣਾ ਹੈ ਕਿ ਇਸ ਵਾਰ ਵੀ ਸ਼੍ਰੋਮਣੀ ਕਮੇਟੀ ਲਈ ਗੋਬਿੰਦ ਸਿੰਘ ਲੌਂਗੋਵਾਲ ਮੁੜ ਪ੍ਰਧਾਨ ਦੇ ਅਹੁਦੇ ਲਈ ਵੱਡੇ ਦਾਅਵੇਦਾਰ ਹਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਵਾਂ ਦੀ ਵੀ ਚਰਚਾ ਹੈ। ਜ਼ਿਕਰਯੋਗ ਹੈ ਕਿ ਸੰਤ ਬਲਬੀਰ ਸਿੰਘ ਨੇ ਵੀ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ।

ਹੁਣ ਅਸਲੀ ਫੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਹੀ ਕਰਨਾ ਹੈ। ਯਾਦ ਰਹੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ 27 ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਵਿਚ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਨਾਮਜ਼ਦ ਕੀਤੇ ਜਾਣਗੇ।

ਸ਼੍ਰੋਮਣੀ ਅਕਾਲੀ ਦਲ ਦੀ ਰਵਾਇਤ ਮੁਤਾਬਕ ਜਨਰਲ ਇਜਲਾਸ ਤੋਂ ਪਹਿਲਾਂ ਜਥੇਬੰਦੀ ਦੇ ਪ੍ਰਧਾਨ ਵੱਲੋਂ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਦੀ ਰਾਇ ਲਈ ਜਾਂਦੀ ਹੈ। ਇਸ ਮਗਰੋਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਂਦਾ ਹੈ, ਜਿਸ ਨੂੰ ਮੁੜ ਜਨਰਲ ਇਜਲਾਸ ਵਿਚ ਚੋਣ ਲਈ ਐਲਾਨਿਆ ਜਾਂਦਾ ਹੈ।