ਸੂਬੇ ਦੇ ਸਮੂਹ ਸਰਕਾਰੀ ਅਤੇ ਨਿਜੀ ਵਿਦਿਅਕ ਅਦਾਰੇ ਸਾਹਿਬਜ਼ਾਦਿਆਂ
ਸੂਬੇ ਦੇ ਸਮੂਹ ਸਰਕਾਰੀ ਅਤੇ ਨਿਜੀ ਵਿਦਿਅਕ ਅਦਾਰੇ ਸਾਹਿਬਜ਼ਾਦਿਆਂ
ਦੀ ਸ਼ਹਾਦਤ ਨੂੰ ਸਮਰਪਤ ਵਿਸ਼ੇਸ਼ ਸੈਸ਼ਨ ਕਰਵਾਉਣ
ਚੰਡੀਗੜ੍ਹ, 20 ਦਸੰਬਰ (ਸਸਸ) : ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿਖਿਆ ਤੇ ਉਚੇਰੀ ਸਿਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸਹਾਦਤ ਨੂੰ ਸਮਰਪਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿਤੇ ਹਨ। ਇਸ ਸਬੰਧੀ ਸਿਖਿਆ ਵਿਭਾਗ ਵਲੋਂ ਐਜੂਸੈਟ ਰਾਹੀਂ ਉੱਘੀ ਸ਼ਖ਼ਸੀਅਤ ਵਲੋਂ ਸ਼ਹੀਦੀ ਜੋੜ ਮੇਲ ਦੀ ਮਹਾਨਤਾ ਬਾਰੇ ਲੈਕਚਰ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ਉਤੇ ਪੰਜਾਬ ਦੇ ਵਿਦਿਆਰਥੀ ਜੁੜਨਗੇ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਰਦੇਸ਼ ਦਿਤੇ ਗਏ ਹਨ ਕਿ ਪੋਹ ਦੇ ਸਰਦ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿਚ ਜਬਰ ਜੁਲਮ ਵਿਰੁਧ ਡਟਣ ਅਤੇ ਧਰਮ ਦੀ ਖ਼ਾਤਰ ਆਪਾ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ, ਜਿਸ ਕਰ ਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂ ਕਰਵਾਉਣਾ ਸਾਡਾ ਇਖ਼ਲਾਕੀ ਫ਼ਰਜ਼ ਬਣਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂ ਹੋ ਕੇ ਸੇਧ ਲੈ ਸਕੇ।
ਸਿਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਨ ਦੁਨੀਆਂ ਵਿਚ ਕਿਤੇ ਨਹੀਂ ਮਿਲਦੀ। ਪਰਗਟ ਸਿੰਘ ਨੇ ਇਸ ਸਬੰਧੀ ‘ਜੀਵਤ ਕਈ ਹਜ਼ਾਰ’ ਨਾਂ ਦੇ ਪ੍ਰਾਜੈਕਟ ਦਾ ਪੋਸਟਰ ਵੀ ਰਿਲੀਜ਼ ਕੀਤਾ।