ਵਿਜੀਲੈਂਸ ਬਿਊਰੋ ਨੇ 90,000 ਦੀ ਰਿਸ਼ਵਤ ਲੈਂਦਿਆਂ JE ਸਮੇਤ 2 ਨੂੰ ਕੀਤਾ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।

Vigilance Bureau arrested 2 including JE for taking bribe of Rs 90,000

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਐਸ.ਪੀ.ਸੀ.ਐਲ. ਦੇ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਅਤੇ ਪ੍ਰਾਈਵੇਟ ਵਿਅਕਤੀ ਨੂੰ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਪਿੰਡ ਹੰਡੇਸਰਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਵਿਚ ਤਾਇਨਾਤ ਜੇ.ਈ. ਮਲਕੀਤ ਸਿੰਘ ਅਤੇ ਪਿੰਡ ਖੇਲਣ ਵਿਖੇ ਬਿਜਲੀ ਦੀ ਦੁਕਾਨ ਦੇ ਮਾਲਕ ਪ੍ਰਦੀਪ ਕੁਮਾਰ ਉਰਫ਼ ਮਿੰਟੂ ਨੂੰ ਵਿਜੀਲੈਂਸ ਟੀਮ ਨੇ ਸ਼ਿਕਾਇਤਕਰਤਾ ਕੁਸ਼ਲ ਪਾਲ ਵਾਸੀ ਪਿੰਡ ਖੇਲਣ, ਤਹਿਸੀਲ ਡੇਰਾਬੱਸੀ, ਐਸ.ਏ.ਐਸ.ਨਗਰ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। 

ਆਪਣੇ ਪਿੰਡ ਖੇਲਣ ਵਿਚ ਆਟਾ ਚੱਕੀ ਚਲਾ ਰਹੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਪਿਛਲੇ ਦਿਨੀ ਸਵੇਰ ਵੇਲੇ ਜੇ.ਈ. ਉਸ ਦੀ ਆਟਾ ਚੱਕੀ 'ਤੇ ਆਇਆ ਅਤੇ ਉਸ ਨੇ ਬਿਜਲੀ ਚੋਰੀ ਦਾ ਝੂਠਾ ਕੇਸ ਦਰਜ ਨਾ ਕਰਨ ਬਦਲੇ ਤਿੰਨ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ।

ਇਸ ਸਬੰਧ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਪਹਿਲਾਂ ਹੀ ਸਹਿ-ਦੋਸ਼ੀ ਦੁਕਾਨ ਮਾਲਕ ਮਿੰਟੂ ਰਾਹੀਂ ਮੁਲਜ਼ਮ ਨੂੰ ਦੋ ਲੱਖ ਰੁਪਏ (ਇੱਕ-ਇੱਕ ਲੱਖ ਰੁਪਏ ਦੋ ਕਿਸ਼ਤਾਂ ਵਿਚ) ਬਤੌਰ ਰਿਸ਼ਵਤ ਦੇ ਚੁੱਕਾ ਹੈ। ਉਸ ਦੀ ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ ਏਆਈਜੀ ਅਸ਼ੀਸ਼ ਕਪੂਰ ਦੀ ਨਿਗਰਾਨੀ ਹੇਠ ਡੀਐਸਪੀ ਅਜੇ ਕੁਮਾਰ ਦੀ ਅਗਵਾਈ ਵਿਚ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਜੇਈ ਨੂੰ ਪ੍ਰਾਈਵੇਟ ਵਿਅਕਤੀ ਸਮੇਤ ਮੌਕੇ ’ਤੇ ਹੀ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 90,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। 

ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਦੀਆਂ ਵੱਖ-ਵੱਖ ਧਾਰਾਵਾਂ ਹੇਠ ਵਿਜੀਲੈਂਸ ਬਿਓਰੋ ਦੇ ਥਾਣਾ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਗਈ ਹੈ।